ਪੰਜਾਬ ਭਾਈ ਹਵਾਰਾ ਦੀ ਮਾਤਾ ਨੂੰ ਮਿਲੇ ਭਾਈ ਬਲਦੇਵ ਸਿੰਘ ਵਡਾਲਾ/ ਮਾਤਾ ਨਰਿੰਦਰ ਕੌਰ ਦੀ ਸਿਹਤਯਾਬੀ ਦੀ ਕੀਤੀ ਅਰਦਾਸ/ ਸਰਕਾਰ ਤੇ ਅਦਾਲਤਾਂ ਦੀ ਪਹੁੰਚ ’ਤੇ ਚੁੱਕੇ ਸਵਾਲ By admin - September 22, 2026 0 3 Facebook Twitter Pinterest WhatsApp ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਅੱਜ ਜਗਤਾਰ ਸਿੰਘ ਹਵਾਰਾ ਦੀ ਮਾਤਾ ਮਾਤਾ ਨਰਿੰਦਰ ਕੌਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਗਿਆ। ਇਸ ਮੌਕੇ ਭਾਈ ਵਡਾਲਾ ਨੇ ਕਿਹਾ ਕਿ ਮਾਤਾ ਜੀ ਦੀ ਸਿਹਤ ਨਾਜ਼ੁਕ ਹੈ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਅਤੇ ਪਾਠ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕਰਨ ਦੀ ਗੱਲ ਕਹੀ। ਭਾਈ ਬਲਦੇਵ ਸਿੰਘ ਵਡਾਲਾ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਮਾਨਯੋਗ ਅਦਾਲਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਤਾ ਨਰਿੰਦਰ ਕੌਰ ਦੀ ਮੌਜੂਦਾ ਸਿਹਤ ਸਥਿਤੀ ਨੂੰ ਦੇਖਦੇ ਹੋਏ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਇਸ ਮਾਮਲੇ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਭਾਰਤੀ ਕਾਨੂੰਨ ਅਤੇ ਸਿਸਟਮ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੋ ਸਕਦੀ, ਜਿਸ ਦੇ ਤਹਿਤ ਦਹਾਕਿਆਂ ਤੋਂ ਆਪਣੇ ਪੁੱਤਰ ਤੋਂ ਵਿਛੁੜੀ ਇੱਕ ਬਿਮਾਰ ਮਾਂ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਮੌਕਾ ਮਿਲ ਸਕੇ। ਭਾਈ ਵਡਾਲਾ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਸਬੰਧਤ ਮਾਮਲਾ ਵਿਚਾਰ ਅਧੀਨ ਹੋਣ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ ਅਤੇ ਇਸ ਮਾਮਲੇ ਨੂੰ ਮਨੁੱਖੀ ਸੰਵੇਦਨਾ ਦੇ ਆਧਾਰ ’ਤੇ ਵੀ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਰਾਜਨੀਤੀ, ਵੋਟ ਜਾਂ ਕਿਸੇ ਤਰ੍ਹਾਂ ਦੀ ਕ੍ਰੈਡਿਟ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਮਨੁੱਖੀ ਅਧਿਕਾਰਾਂ ਦੇ ਨਜ਼ਰੀਏ ਨਾਲ ਦੇਖਣ ਦੀ ਲੋੜ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਅਪੀਲ ਕੀਤੀ ਕਿ ਮਾਨਯੋਗ ਅਦਾਲਤਾਂ ਅਤੇ ਸਰਕਾਰਾਂ ਮਾਤਾ ਨਰਿੰਦਰ ਕੌਰ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਜਿਹਾ ਰਾਹ ਕੱਢਣ, ਜਿਸ ਨਾਲ ਉਹ ਆਪਣੀ ਜ਼ਿੰਦਗੀ ਵਿੱਚ ਆਪਣੇ ਦਹਾਕਿਆਂ ਤੋਂ ਵਿਛੜੇ ਪੁੱਤਰ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਮਾਂ ਅਤੇ ਪੁੱਤਰ ਦੀ ਇਸ ਮੁਲਾਕਾਤ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਤੋਂ ਉੱਪਰ ਰੱਖਦਿਆਂ ਮਨੁੱਖੀ ਆਧਾਰ ’ਤੇ ਫੈਸਲਾ ਲੈਣ ਦੀ ਲੋੜ ਹੈ।