ਬਠਿੰਡਾ ਤੇ ਮੁਕਤਸਰ ’ਚ ਗੁਰਸਿੱਖਾਂ ਨਾਲ ਕੁੱਟਮਾਰ ਦਾ ਮੁੱਦਾ ਗਰਮਾਇਆ/ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਤੁਰੰਤ ਕਾਰਵਾਈ ਦੀ ਕੀਤੀ ਮੰਗ

0
7

ਬਠਿੰਡਾ ਦੇ ਰਾਮਪੁਰਾ ਫੁਲ ਵਿਖੇ ਇਕ ਗੁਰਸਿੱਖ ਬਜ਼ੁਰਗ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਸਿੱਖ ਨੌਜਵਾਨ ਨਾਲ ਸ਼ਰਾਰਤੀਆਂ ਵੱਲੋਂ ਕੀਤੀ ਕੁੱਟਮਾਰ ਦਾ ਮੁੱਦਾ ਗਰਮਾ ਗਿਆ ਐ। ਇਸ ਖਿਲਾਫ ਜਿੱਥੇ ਸਿੱਖ ਜਥੇਬੰਦੀਆਂ ਵਿਚ ਰੋਸ ਪਾਇਆ ਜਾ ਰਿਹਾ ਐ, ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਨੂੰ ਦੋਵੇਂ ਘਟਨਾਵਾਂ ਦੀ ਜਾਂਚ ਕਰ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਆਖਿਆ ਐ। ਜਥੇਦਾਰ ਨੇ ਸਬੰਧਤ ਥਾਣਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕਰ ਕੇ ਛੇਤੀ ਕਾਰਵਾਈ ਦੀ ਮੰਗ ਕੀਤੀ ਐ। ਜਥੇਦਾਰ ਨੇ ਕਿਹਾ ਕਿ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਐ, ਇਸ ਲਈ ਪੁਲਿਸ ਨੂੰ ਇਸ ਮਾਮਲੇ ਵਿਚ ਛੇਤੀ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਐ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ਉੱਤੇ ਆਪਣੀ ਕਿਰਤ ਕਰ ਰਹੇ ਗੁਰਸਿੱਖ ਬਜ਼ੁਰਗ ਜਗਤਾਰ ਸਿੰਘ ਨਾਲ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਉਨ੍ਹਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਅਮਨ ਸ਼ਾਂਤੀ ਤੇ ਸੁਰੱਖਿਅਤ ਮਾਹੌਲ ਵਿੱਚ ਆਪਣੀ ਕਿਰਤ ਵੀ ਨਹੀਂ ਕਰ ਸਕਦੇ ਤਾਂ ਉਹ ਕਿੱਥੇ ਜਾਣ। ਇਸ ਮਾਮਲੇ ਵਿੱਚ ਜਥੇਦਾਰ ਗੜਗੱਜ ਨੇ ਸਕੱਤਰੇਤ ਦੇ ਅਧਿਕਾਰੀਆਂ ਰਾਹੀਂ ਬਠਿੰਡਾ ਦੀ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੌਂਡਲ ਨਾਲ ਰਾਬਤਾ ਕਰਕੇ ਆਖਿਆ ਹੈ ਕਿ ਪੁਲਿਸ ਦੋਸ਼ੀ ਵਿਅਕਤੀ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਉਪਰੰਤ ਸੀਨੀਅਰ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨਾਲ  ਗੱਲਬਾਤ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਦੀ ਘਟਨਾ ਦੇ ਮਾਮਲੇ ਵਿੱਚ ਸਬੰਧਤ ਸਿੱਖ ਨੌਜਵਾਨ ਨਾਲ ਗੱਲਬਾਤ ਕਰਨ ਅਤੇ ਉਸ ਦਾ ਹਾਲ ਜਾਣਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮੈਨੇਜਰ ਬਲਦੇਵ ਸਿੰਘ ਆਪਣੀ ਟੀਮ ਸਮੇਤ ਵੀ ਪੁੱਜੇ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਖ਼ਾਸਕਰ ਸਿੱਖਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਨੂੰ ਸੱਟ ਨਾ ਵੱਜਣ ਦੇਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਯਤਨ ਕੀਤੇ ਜਾਂਦੇ ਹਨ ਪਰ ਇਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here