ਸਮਾਣਾ ਪਹੁੰਚੀ ਭਾਜਪਾ ਦੀ ਪੰਜਾਬ ਬਚਾਓ ਯਾਤਰਾ/ ਬ੍ਰਜੇਸ਼ ਪਾਠਕ ਸਮੇਤ ਸੀਨੀਅਰ ਲੀਡਰਸ਼ਿਪ ਰਹੀ ਮੌਜੂਦ/ ਪੰਜਾਬ ’ਚੋਂ ਨਸ਼ੇ ਦਾ ਨੈੱਟਵਰਕ ਖਤਮ ਕਰਨ ਦਾ ਵਾਅਦਾ

0
2

 

ਭਾਜਪਾ ਦੀ ‘ਪੰਜਾਬ ਬਚਾਓ ਯਾਤਰਾ’ ਅੱਜ ਸਮਾਣਾ ਵਿਧਾਨ ਸਭਾ ਹਲਕੇ ਵਿੱਚ ਪਹੁੰਚੀ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਮਹਾਰਾਣੀ ਪਰਨੀਤ ਕੌਰ ਨੇ ਸੰਬੋਧਨ ਕੀਤਾ। ਪੰਜਾਬ ਸਰਕਾਰ ਉਤੇ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਬ੍ਰਜੇਸ਼ ਪਾਠਕ ਨੇ ਕਿਹਾ ਕਿ ਭਾਜਪਾ ਹਰ ਗਲੀ-ਮੁਹੱਲੇ ਤੱਕ ਪਹੁੰਚ ਕਰ ਕੇ ਲੋਕਾਂ ਨਾਲ ਸੰਪਰਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਗੁਆਚਿਆ ਹੋਇਆ ਮਾਣ ਮੁੜ ਬਹਾਲ ਕਰਨ ਲਈ ਕੰਮ ਕਰੇਗੀ।
ਇਸੇ ਤਰ੍ਹਾਂ ਸੀਨੀਅਰ ਆਗੂ ਮਹਾਰਾਣੀ ਪਰਨੀਤ ਕੌਰ ਨੇ ਵੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਉਨ੍ਹਾਂ  ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਇਹ ਯਾਤਰਾ ਪੂਰੇ ਪੰਜਾਬ ਵਿੱਚ ਕੱਢੀ ਜਾ ਰਹੀ ਹੈ। ਇਸ ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਾ, ਉਨ੍ਹਾਂ ਨੂੰ ਨਾਲ ਜੋੜਨਾ ਅਤੇ ਇਕੱਠੇ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਰਵਨੀਤ ਸਿੰਘ ਬਿੱਟੂ ਨੂੰ ਮਿਲੀ ਧਮਕੀ ਸਬੰਧੀ ਸਵਾਲ ’ਤੇ ਪਰਨੀਤ ਕੌਰ ਨੇ ਕਿਹਾ ਕਿ “ਘਬਰਾਏ ਹੋਏ ਲੋਕ ਹੀ ਧਮਕੀਆਂ ਦਿੰਦੇ ਹਨ।” ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਪਰ ਆਪਣੀ ਗੱਲ ਜ਼ਿੰਮੇਵਾਰੀ ਨਾਲ ਰੱਖਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਸਬੰਧੀ ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਲੰਬੇ ਤਜਰਬੇ ਨੂੰ ਦੇਖਦਿਆਂ ਉਨ੍ਹਾਂ ਤੋਂ ਸਲਾਹ ਲੈਣ ਦੀ ਗੱਲ ਕੀਤੀ ਸੀ।

LEAVE A REPLY

Please enter your comment!
Please enter your name here