ਬਰਨਾਲਾ ‘ਚ ਕਾਂਗਰਸ ਦਾ ਕੇਂਦਰ ਖਿਲਾਫ ਹੱਲਾ-ਬੋਲ/ ਵਿਧਾਇਕ ਕੁਲਦੀਪ ਕਾਲਾ ਢਿੱਲੋਂ ਨੇ ਸਾਧੇ ਤਿੱਖੇ ਨਿਸ਼ਾਨੇ/ ਪੀਐਮ ਮੋਦੀ ਤੇ ਚੋਣ ਕਮਿਸ਼ਨ ਦਾ ਫੂਕਿਆ ਪੁਤਲਾ

0
2

ਕਾਂਗਰਸ ਪਾਰਟੀ ਵੱਲੋਂ ਵੋਟ ਚੋਰੀ ਨੂੰ ਲੈ ਕੇ ਦੇਸ਼ ਭਰ ‘ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਬਰਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਸਾਡੇ ਆਗੂ ਰਾਹੁਲ ਗਾਂਧੀ ਤਿੰਨ ਸਾਲਾਂ ਤੋਂ ਵੋਟ ਚੋਰੀ ਦੀ ਲੜਾਈ ਲੜ ਰਹੇ ਹਨ ਪਰ ਭਾਜਪਾ ਇਸ ਦਾ ਖੰਡਨ ਕਰ ਰਹੀ ਸੀ ਪਰ ਅੱਜ ਸੱਚਾਈ ਸਾਹਮਣੇ ਆ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਦੋ ਕਮਿਸ਼ਨਰਾਂ ਨੇ ਖੁਦ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਉਨ੍ਹਾਂ ਨੇ 14 ਵਾਰ ਆਪਣੇ ਇਤਰਾਜ਼ ਦਰਜ ਕਰਵਾਏ, ਪਰ ਉਨ੍ਹਾਂ ਨੂੰ ਅਣਦੇਖਿਆ ਕੀਤਾ ਗਿਆ। ਇਸ ਤੋਂ ਸਾਫ ਹੈ ਕਿ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੇ ਮੁੱਖ ਚੋਣ ਕਮਿਸ਼ਨ ਨੂੰ ਆਪਣੀ ਕਠਪੁਤਲੀ ਬਣਾ ਲਿਆ ਹੈ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਸਾਨੂੰ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲਿਆ ਹੈ ਪਰ ਅੱਜ ਦੇਸ਼ ਦੇ ਨਾਗਰਿਕਾਂ ਤੋਂ ਇਹੀ ਅਧਿਕਾਰ ਖੋਹਿਆ ਜਾ ਰਿਹਾ ਹੈ। ਅੱਜ ਦੇਸ਼ ਦਾ ਹਰ ਨਾਗਰਿਕ ਇਸ ਗੱਲ ਤੋਂ ਡਰਿਆ ਹੋਇਆ ਹੈ ਕਿ ਕਿਤੇ ਉਸ ਦੀ ਵੋਟ ਨਾ ਕੱਟ ਦਿੱਤੀ ਜਾਵੇ। ਵਿਰੋਧੀ ਪਾਰਟੀਆਂ ਦੇ ਵੋਟਰਾਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ। ਇਸੇ ਲਈ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਆਮ ਲੋਕਾਂ ਦੀ ਇਸ ਲੜਾਈ ਨੂੰ ਲੜ ਰਹੀ ਹੈ।
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਵਿਧਾਇਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਨੂੰ ਆਜ਼ਾਦ ਰੱਖਣ ਅਤੇ ਲੋਕਾਂ ਦੇ ਹਿੱਤਾਂ ਦੀ ਲੜਾਈ ਲੜਨ ਲਈ ਆਪਣੀ ਜਵਾਨੀ ਕੁਰਬਾਨ ਕਰ ਦਿੱਤੀ ਅਤੇ ਫਾਂਸੀ ਦਾ ਰੱਸਾ ਚੁੰਮਿਆ। ਉਨ੍ਹਾਂ ਦੀ ਸੋਚ ਸੀ ਕਿ ਦੱਬੇ-ਕੁਚਲੇ ਲੋਕਾਂ, ਮਜ਼ਦੂਰ, ਕਿਸਾਨ ਅਤੇ ਵਪਾਰੀ ਸਮੇਤ ਹਰ ਵਰਗ ਨੂੰ ਬਰਾਬਰਤਾ ਮਿਲੇ। ਪਰ ਅੱਜ ਚਾਹੇ ਦਿੱਲੀ ਦੀ ਸਰਕਾਰ ਹੋਵੇ ਜਾਂ ਪੰਜਾਬ ਦੀ ਸਰਕਾਰ, ਉਹ ਸ਼ਹੀਦਾਂ ਦੇ ਸੁਪਨਿਆਂ ਤੋਂ ਪਰੇ ਹੋ ਕੇ ਕੰਮ ਕਰ ਰਹੀਆਂ ਹਨ ਅਤੇ ਸ਼ਹੀਦਾਂ ਵੱਲੋਂ ਦਵਾਏ ਗਏ ਅਧਿਕਾਰਾਂ ਅਤੇ ਆਜ਼ਾਦੀ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here