ਪੰਜਾਬ ਆਨੰਦਪੁਰ ਸਾਹਿਬ ਵਿਖੇ ਰਵਿਦਾਸ ਜੇਯੰਤੀ ਮੌਕੇ ਡਰੋਨ ਸ਼ੋਅ/ 500 ਡਰੋਨਾਂ ਦੀ ਮਦਦ ਨਾਲ ਰੋਸ਼ਨ ਕੀਤਾ ਅਸਮਾਨ/ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਦੀ ਬਾਕਮਾਲ ਪੇਸ਼ਕਾਰੀ By admin - September 28, 2026 0 2 Facebook Twitter Pinterest WhatsApp ਸ੍ਰੀ ਅਨੰਦਪੁਰ ਸਾਹਿਬ 27 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅਜ ਦੀ ਲੜੀ ਤਹਿਤ ਬੀਤੀ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਾਇਆ ਗਿਆ, ਜਿਸ ਵਿੱਚ 500 ਡਰੋਨਾਂ ਨੇ ਅਸਮਾਨ ਵਿੱਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ ਸੁੱਚੀ ਕਿਰਤ ਅਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ। ਸ਼ੋਅ ਦੌਰਾਨ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਜਿਸ ਵਿੱਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦਾ ਸਦੀਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਸੰਗਤ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੌ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ ਤਾਂ ਜੋ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪ੍ਰਸਾਰ ਕਰਕੇ ਖ਼ਾਸਕਰ ਨੌਜਵਾਨ ਪੀੜੀ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰੀ ਅਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ ਜਿਸ ਤੋਂ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ। ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਸਮਾਗਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰਾਂ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਹੋਰ ਅੱਗੇ ਪਹੁੰਚਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾਉਂਦਿਆ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਫਲਸਫ਼ੇ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਫਲਸਫ਼ੇ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹਨ। ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ ਸਭਾਵਾਂ ਦੇ ਆਗੂ ਵੱਡੀ ਗਿਣਤੀ ਵਿਚ ਸੰਗਤ ਨਾਲ ਮੌਜੂਦ ਸਨ। ਡਰੋਨ ਸ਼ੋਅ ਦੌਰਾਨ ਗੁਰਬਾਣੀ ਦੇ ਸ਼ਬਦ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।