ਸ੍ਰੀ ਕੀਰਤਪੁਰ ਸਾਹਿਬ ਨੇੜੇ ਬਣੇਗੀ ਨਵੀਂ ਪਾਰਕ/ ਮੰਤਰੀ ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ/ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਨੇੜੇ ਬਣੇਗੀ ਪਾਰਕ

0
3

ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਦੇ ਨੇੜੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੀਂ ਪਾਰਕ ਬਣਾਈ ਜਾਵੇਗੀ। ਇਸ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਨੇ ਸਾਂਝੇ ਤੌਰ ‘ਤੇ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ‘ਤੇ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਇਸ ਸ਼ਹਿਰ ਵਿੱਚ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ।
ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਤੋਂ ਲੰਘਦੀ ਨਾਲੀ ਦੇ ਉੱਪਰ ਲੈਂਟਰ ਪਾ ਕੇ ਪਾਰਕ ਬਣਾਈ ਜਾਵੇਗੀ। ਪਾਰਕ ਦੇ ਨਿਰਮਾਣ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਬਿਹਤਰ ਪਾਰਕਿੰਗ ਸਹੂਲਤਾਂ ਪ੍ਰਦਾਨ ਹੋਣਗੀਆਂ ਅਤੇ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੇਗੀ। ਇਸ ਦੌਰਾਨ ਟਰੱਕ ਆਪਰੇਟਰ ਸਹਿਕਾਰੀ ਸਭਾ ਨਾਲ ਸਬੰਧਤ ਵਿਵਾਦ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਨਾ ਤਾਂ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਨਾ ਹੀ ਕਿਸੇ ਨੂੰ ਅਹੁਦਾ ਛੱਡਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਮਾਮਲੇ ਸੁਤੰਤਰ ਤੌਰ ‘ਤੇ ਸੰਭਾਲੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਇਸ ਮੌਕੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ, ਸਥਾਨਕ ਆਗੂ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।

LEAVE A REPLY

Please enter your comment!
Please enter your name here