ਸ੍ਰੀ ਅਕਾਲ ਤਖਤ ਸਾਹਿਬ ਪਹੁੰਚਿਆ ਜਲੰਧਰ ਜਿਮਖਾਨਾ ਕਲੱਬ ਮਾਮਲਾ/ ਸਿੱਖ ਜਥੇਬੰਦੀਆਂ ਨੇ ਜਥੇਦਾਰ ਸਾਹਿਬ ਨੂੰ ਦਿੱਤਾ ਮੰਗ ਪੱਤਰ

0
3

ਜਲੰਧਰ ਦੇ ਜਿਮਖਾਨਾ ਕਲੱਬ ਵਿੱਚ ਹੋਏ ਇੱਕ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਅਤੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਜਥੇਬੰਦੀਆਂ ਨੇ ਪ੍ਰੋਗਰਾਮ ਦੌਰਾਨ ਗੁਰਬਾਣੀ ਦੀਆਂ ਤੁੱਕਾਂ ਨੂੰ ਕਥਿਤ ਤੌਰ ’ਤੇ ਤੋੜ-ਮਰੋੜ ਕੇ ਪੇਸ਼ ਕਰਨ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਦੌਰਾਨ ਡਾਂਸ ਕਰਵਾਉਣ ਦੇ ਇਲਜ਼ਾਮ ਲਗਾਏ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਇਸ ਮਾਮਲੇ ’ਤੇ ਆਪਣਾ ਰੋਸ ਜ਼ਾਹਰ ਕਰਨ ਲਈ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਮਖਾਨਾ ਕਲੱਬ ਵਿੱਚ ਹੋਏ ਪ੍ਰੋਗਰਾਮ ਦੌਰਾਨ ਗਾਇਕ ਅੰਗਦ ਤਲਵਾੜ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਵਿੱਚ ਆਪਣੀਆਂ ਲਾਈਨਾਂ ਜੋੜ ਕੇ ਪੇਸ਼ ਕੀਤਾ ਗਿਆ ਅਤੇ ਸਿਮਰਨ ਦੌਰਾਨ ਔਰਤਾਂ ਅਤੇ ਨੌਜਵਾਨਾਂ ਤੋਂ ਡਾਂਸ ਕਰਵਾਇਆ ਗਿਆ।
ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪੁਲਿਸ ਨੂੰ ਅਗਲੇ ਹੀ ਦਿਨ ਦਰਖਾਸਤ ਦਿੱਤੀ ਗਈ ਸੀ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਮੀਟਿੰਗਾਂ ਵੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇੱਕ-ਦੋ ਦਿਨਾਂ ਵਿੱਚ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਜਥੇਬੰਦੀਆਂ ਵੱਲੋਂ ਅਗਲਾ ਪ੍ਰੋਗਰਾਮ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਜਿਮਖਾਨਾ ਕਲੱਬ ਨੂੰ ਬੰਦ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।
ਉੱਥੇ ਹੀ ਸੁਖਵਿੰਦਰ ਸਿੰਘ ਰਾਜਪਾਲ ਨੇ ਦੋਸ਼ ਲਗਾਇਆ ਕਿ ਪ੍ਰੋਗਰਾਮ ਦੌਰਾਨ ਗੁਰਬਾਣੀ ਦੀਆਂ ਤੁੱਕਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਅਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਦੌਰਾਨ ਡਾਂਸ ਕਰਵਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਅਤੇ ਸਿਆਸੀ ਆਗੂਆਂ ਦੀ ਮੌਜੂਦਗੀ ਦੇ ਬਾਵਜੂਦ ਕਿਸੇ ਵੱਲੋਂ ਇਸ ਨੂੰ ਰੋਕਿਆ ਨਹੀਂ ਗਿਆ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

LEAVE A REPLY

Please enter your comment!
Please enter your name here