ਮੋਗਾ ਦੇ ਪਿੰਡ ਜੀਂਦੜਾ ਦੀ ਖੱਡ ’ਚ ਨਾਜਾਇਜ਼ ਵਿਭਾਗ ਦਾ ਛਾਪਾ/ਜੇਸੀਬੀ ਤੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਜ਼ਬਤ/ਘਟਨਾ ਸਥਾਨ ਤੋਂ ਕਥਿਤ ਦੋਸ਼ੀ ਫਰਾਰ

0
3

ਥਾਣਾ ਧਰਮਕੋਟ ਪੁਲਿਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਪਿੰਡ ਜੀਂਦੜਾ ਵਿੱਚੋਂ ਇੱਕ ਜੇਸੀਬੀ ਮਸ਼ੀਨ ਅਤੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਕਬਜ਼ੇ ਵਿੱਚ ਲਈ ਹੈ। ਮਾਮਲੇ ਵਿੱਚ ਗੁਰਮੀਤ ਸਿੰਘ ਉਰਫ਼ ਬਾਬਾ ਵਾਸੀ ਪਿੰਡ ਜੀਂਦੜਾ ਸਮੇਤ 6-8 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਮਾਈਨਿੰਗ ਵਿਭਾਗ ਦੇ ਐਸਡੀਓ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਤਹਿਤ ਬੀਤੀ ਦੇਰ ਰਾਤ ਵਿਭਾਗ ਨੂੰ ਪਿੰਡ ਜੀਂਦੜਾ ਵਿੱਚ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਮੰਡਲ ਅਫਸਰ ਦੀ ਅਗਵਾਈ ਹੇਠ ਜੇਈ-ਕਮ-ਮਾਈਨਿੰਗ ਇੰਸਪੈਕਟਰ ਸਾਹਿਲ ਕੁਮਾਰ ਅਤੇ ਜੇਈ ਜਸਵੀਰ ਸਿੰਘ ਦੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖੱਡ ਵਿੱਚ ਇੱਕ ਜੇਸੀਬੀ ਮਸ਼ੀਨ ਅਤੇ ਰੇਤ ਨਾਲ ਭਰੀ ਇੱਕ ਟਰੈਕਟਰ-ਟਰਾਲੀ ਮਿਲੀ। ਵਿਭਾਗੀ ਟੀਮ ਮੁਤਾਬਕ ਜੇਸੀਬੀ ਦੀ ਮਦਦ ਨਾਲ ਖੱਡ ਵਿੱਚੋਂ ਰੇਤ ਕੱਢ ਕੇ ਟਰੈਕਟਰ-ਟਰਾਲੀ ਵਿੱਚ ਭਰੀ ਜਾ ਰਹੀ ਸੀ। ਟੀਮ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਕਥਿਤ ਤੌਰ ’ਤੇ ਮਾਈਨਿੰਗ ਵਿੱਚ ਸ਼ਾਮਲ ਲੋਕ ਫਰਾਰ ਹੋ ਗਏ। ਐਸਡੀਓ ਨੇ ਦੱਸਿਆ ਕਿ ਮੌਕੇ ਤੋਂ ਮਿਲੀ ਰੇਤ ਨਾਲ ਭਰੀ ਟਰੈਕਟਰ-ਟਰਾਲੀ ਅਤੇ ਜੇਸੀਬੀ ਨੂੰ ਕਬਜ਼ੇ ਵਿੱਚ ਲੈ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੰਦੀਪ ਕੁਮਾਰ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਿਆਂ ਨਾਜਾਇਜ਼ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਅਤੇ ਇੱਕ ਜੇਸੀਬੀ ਮਸ਼ੀਨ ਕਬਜ਼ੇ ਵਿੱਚ ਲਈ ਗਈ ਹੈ। ਪੁਲਿਸ ਵੱਲੋਂ ਨਾਮਜ਼ਦ ਵਿਅਕਤੀ ਸਮੇਤ ਅਣਪਛਾਤੇ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਜਾਇਜ਼ ਮਾਈਨਿੰਗ ਵਿੱਚ ਵਰਤੀ ਗਈ ਮਸ਼ੀਨਰੀ ਅਤੇ ਕੱਢੀ ਗਈ ਰੇਤ ਸਬੰਧੀ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here