ਪੰਜਾਬ ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ ’ਚ ਫਾਇਰਿੰਗ/ ਪਰਿਵਾਰ ਵੱਲੋਂ ਸੱਟੇਬਾਜ਼ੀ ਤੇ ਨਸ਼ੇ ਵੇਚਣ ਦੇ ਇਲਜ਼ਾਮ/ ਇਲਾਕੇ ’ਚ ਦਹਿਸ਼ਤ, ਪੁਲਿਸ ਕਰ ਰਹੀ ਜਾਂਚ By admin - October 2, 2026 0 3 Facebook Twitter Pinterest WhatsApp ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ ਦੀ ਗਲੀ ਨੰਬਰ 4 ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕੁੱਝ ਲੋਕਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਮੁਤਾਬਕ ਇਲਾਕੇ ਵਿੱਚ ਖੁੱਲ੍ਹੇਆਮ ਜੂਆ, ਸੱਟੇਬਾਜ਼ੀ ਅਤੇ ਗੈਰ-ਕਾਨੂੰਨੀ ਨਸ਼ੇ ਦੀ ਵਿਕਰੀ ਦਾ ਕੰਮ ਚੱਲ ਰਿਹਾ ਹੈ। ਜਿਸ ਦੇ ਵਿਰੋਧ ਕਰਨ ਤੇ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ 4 ਰਾਊਂਡ ਫਾਇਰਿੰਗ ਕੀਤੀ ਹੈ। ਉਧਰ ਸਥਾਨਕ ਵਾਸੀਆਂ ਵਿਚ ਵੀ ਘਟਨਾ ਨੂੰ ਲੈ ਕੇ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦਾ ਇਲਜ਼ਾਮ ਹੈ ਕਿ ਇਸ ਬਾਰੇ ਪੁਲਿਸ ਨੂੰ ਕਈ ਵਾਰ ਲਿਖਤੀ ਸ਼ਿਕਾਇਤ ਦਿੱਤੀ ਪਰ ਕਾਰਵਾਈ ਨਹੀਂ ਹੋਈ, ਜਿਸ ਦੇ ਚਲਦਿਆਂ ਗਲਤ ਅਨਸਰਾਂ ਹੌਂਸਲੇ ਵਧੇ ਹਨ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਮੰਗੀ ਹੈ। ਪਰਿਵਾਰ ਵੱਲੋਂ ਇਹ ਵੀ ਦੋਸ਼ ਲਗਾਇਆ ਗਿਆ ਕਿ ਮੰਦਰ ਕੰਪਲੈਕਸ ਵਿੱਚ ਕਥਿਤ ਤੌਰ ’ਤੇ ਜ਼ਬਰਦਸਤੀ ਦੁਕਾਨਾਂ ਕੱਢਣ ਅਤੇ ਨਿਰਮਾਣ ਕਾਰਜ ਕਰਵਾਉਣ ਨੂੰ ਲੈ ਕੇ ਵਿਵਾਦ ਵਧਿਆ ਹੈ। ਇਸੇ ਰੰਜਿਸ਼ ਦੇ ਚੱਲਦਿਆਂ ਬਾਹਰੋਂ ਨੌਜਵਾਨ ਬੁਲਾ ਕੇ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਹਮਲਾਵਰ ਆਪਣੀ ਐਕਟਿਵਾ ਅਤੇ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 112 ’ਤੇ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ, ਗੋਲੀ ਲੱਗਣ ਜਾਂ ਕਿਸੇ ਧਾਰਦਾਰ ਹਥਿਆਰ ਨਾਲ ਸੱਟ ਲੱਗਣ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਦੇ ਵਿਸਥਾਰਪੂਰਵਕ ਬਿਆਨ ਦਰਜ ਕੀਤੇ ਜਾ ਰਹੇ ਹਨ। ਪ੍ਰਭਾਵਿਤ ਪਰਿਵਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਮੌਕੇ ਤੋਂ ਕੋਈ ਖਾਲੀ ਖੋਲ ਜਾਂ ਹੋਰ ਸਬੂਤ ਮਿਲੇ ਹਨ ਤਾਂ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਕਰਨ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮੰਦਰ ਦੀ ਪ੍ਰਧਾਨਗੀ ਦੀ ਚੋਣ, ਨਿੱਜੀ ਵਿਵਾਦ ਅਤੇ ਮੰਦਰ ਦੀ ਜ਼ਮੀਨ ’ਤੇ ਦੁਕਾਨਾਂ ਦੇ ਨਿਰਮਾਣ ਨਾਲ ਜੁੜੀ ਪੁਰਾਣੀ ਆਪਸੀ ਰੰਜਿਸ਼ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਮੰਦਰ ਟਰੱਸਟ ਅਤੇ ਜਾਇਦਾਦ ਨਾਲ ਜੁੜੇ ਕਾਨੂੰਨੀ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੂਏ ਜਾਂ ਸੱਟੇਬਾਜ਼ੀ ਸਬੰਧੀ ਕੋਈ ਪੁਰਾਣੀ ਲਿਖਤੀ ਸ਼ਿਕਾਇਤ ਥਾਣੇ ਦੇ ਰਿਕਾਰਡ ਵਿੱਚ ਨਹੀਂ ਮਿਲੀ। ਹਾਲਾਂਕਿ ਹੁਣ ਲਗਾਏ ਗਏ ਸਾਰੇ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਮੌਕੇ ’ਤੇ ਛੱਡੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਉਨ੍ਹਾਂ ਦੇ ਮਾਲਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਖਰਾਬ ਕਰਨ ਅਤੇ ਗੁੰਡਾਗਰਦੀ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਾਂਚ ਦੌਰਾਨ ਤੱਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।