ਅੰਮ੍ਰਿਤਸਰ ’ਚ ਐਨਐਚਐਮ ਸਿਹਤ ਕਾਮਿਆਂ ਦਾ ਹੱਲਾਬੋਲ/ ਮੰਗਾਂ ਨੂੰ ਲੈ ਕੇ ਖੋਲ੍ਹਿਆ ਮੋਰਚਾ/ ਚੋਣ-ਵਾਅਦੇ ਤੋਂ ਮੁਕਰਨ ਦੇ ਇਲਜ਼ਾਮ

0
2

ਪੰਜਾਬ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਰੈਗੂਲਰ ਕਰਨ ਅਤੇ ਸਨਮਾਨਜਨਕ ਤਨਖ਼ਾਹ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਵਾਰ-ਵਾਰ ਭਰੋਸੇ ਦਿੱਤੇ ਜਾ ਰਹੇ ਹਨ, ਪਰ ਮੰਗਾਂ ’ਤੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧਰਨਿਆਂ ’ਤੇ ਬੈਠੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਧਰਨੇ ਦੀ ਅਗਵਾਈ ਕਰ ਰਹੀ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਤੀਨਿਧੀ ਮਨਦੀਪ ਕੌਰ ਨੇ ਕਿਹਾ ਕਿ ਐਨਐਚਐਮ ਦੇ ਸਾਰੇ ਕਰਮਚਾਰੀ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਅਨਮੋਲ ਗਗਨ ਮਾਨ ਸਮੇਤ ਕਈ ਆਗੂ ਕਰਮਚਾਰੀਆਂ ਦੇ ਧਰਨਿਆਂ ਅਤੇ ਰੈਲੀਆਂ ਵਿੱਚ ਸ਼ਾਮਲ ਹੁੰਦੇ ਸਨ। ਉਸ ਸਮੇਂ ਕਰਮਚਾਰੀਆਂ ਨੂੰ ਸਰਕਾਰ ਬਣਨ ਤੋਂ ਬਾਅਦ ਐਨਐਚਐਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਕਰਮਚਾਰੀਆਂ ਦਾ ਦੋਸ਼ ਹੈ ਕਿ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ।
ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਘੱਟੋ-ਘੱਟ ਤਨਖ਼ਾਹ ਵਿੱਚ ਵਾਧਾ ਅਤੇ ਇੰਕਰੀਮੈਂਟ ਮਿਲ ਜਾਂਦੀ ਸੀ, ਪਰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਕੋਈ ਵਿੱਤੀ ਲਾਭ ਨਹੀਂ ਮਿਲਿਆ। ਉਨ੍ਹਾਂ ਦੇ ਮੁਤਾਬਕ ਸਰਕਾਰ ਨਾਲ ਹੁਣ ਤੱਕ ਕਰੀਬ 50 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਫਾਈਲਾਂ ਦੀ ਸਕਰੂਟਨੀ ਅਤੇ ਤਕਨੀਕੀ ਇਤਰਾਜ਼ਾਂ ਦਾ ਹਵਾਲਾ ਦੇ ਕੇ ਮਾਮਲਾ ਅੱਗੇ ਪਾ ਦਿੱਤਾ ਜਾਂਦਾ ਹੈ। ਕਰਮਚਾਰੀਆਂ ਨੇ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਕਰੀਬ ਡੇਢ ਮਹੀਨੇ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ ਅਤੇ ਸਰਕਾਰ ਵੱਲੋਂ ਫ਼ੈਸਲਾ ਲੈਣ ਦੀ ਬਜਾਏ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਸਿਰਫ਼ ਭਰੋਸਿਆਂ ’ਤੇ ਨਿਰਭਰ ਨਹੀਂ ਰਹਿਣਗੇ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਣਗੇ।
ਇਸ ਮੌਕੇ ਡਾਕਟਰ ਸੂਰਜਭਾਨ, ਸੀਐਚਓ ਨੇ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਲਗਭਗ 5 ਹਜ਼ਾਰ ਰੁਪਏ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਤੋਂ ਕਰਮਚਾਰੀਆਂ ਨੂੰ ਇਸ ਰਕਮ ਦਾ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਲੌਇਲਟੀ ਬੋਨਸ ਅਤੇ ਹੋਰ ਸੇਵਾ ਭੱਤੇ ਵੀ ਰੋਕੇ ਜਾਣ ਦਾ ਉਨ੍ਹਾਂ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਐਨਐਚਐਮ ਯੂਨੀਅਨ ਵਿੱਚ ਏਐਨਐਮ, ਡਾਕਟਰ, ਸੀਐਚਓ, ਲੈਬ ਟੈਕਨੀਸ਼ੀਅਨ ਅਤੇ ਫਾਰਮਾਸਿਸਟ ਸਮੇਤ ਕਈ ਵਰਗਾਂ ਦੇ ਕਰਮਚਾਰੀ ਸ਼ਾਮਲ ਹਨ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਤੋਂ ਪੂਰਾ ਕੰਮ ਲਿਆ ਜਾ ਰਿਹਾ ਹੈ, ਪਰ ਤਨਖ਼ਾਹ ਅਤੇ ਸੇਵਾ ਲਾਭਾਂ ਦੇ ਮਾਮਲੇ ਵਿੱਚ ਉਨ੍ਹਾਂ ਨਾਲ ਕਥਿਤ ਤੌਰ ’ਤੇ ਬਰਾਬਰੀ ਵਾਲਾ ਵਿਵਹਾਰ ਨਹੀਂ ਕੀਤਾ ਜਾ ਰਿਹਾ। ਐਨਐਚਐਮ ਕਰਮਚਾਰੀਆਂ ਨੇ ਐਲਾਨ ਕੀਤਾ ਹੈ ਕਿ 9 ਅਕਤੂਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿੱਚ ਪੰਜਾਬ ਪੱਧਰੀ ਵਿਸ਼ਾਲ ਮਹਾਰੈਲੀ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਰਮਚਾਰੀਆਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਕਰਮਚਾਰੀਆਂ ਨੇ ਕਿਹਾ ਕਿ ਇਸ ਰੈਲੀ ਰਾਹੀਂ ਸਰਕਾਰ ਦੀ ਕਥਿਤ ਵਾਅਦਾਖ਼ਿਲਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here