ਗੁਰਦਾਸਪੁਰ ਪੁਲਿਸ ਖਿਲਾਫ ਜਥੇਬੰਦੀਆਂ ਦਾ ਕੈਂਡਲ ਮਾਰਚ/ ਤਜਿੰਦਰ ਕਤਲ ਮਾਮਲੇ ਦੋਸ਼ੀਆਂ ਖਿਲਾਫ਼ ਕਾਰਵਾਈ ਮੰਗੀ/ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

0
2

 

ਤਜਿੰਦਰ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਅਤੇ ਨਿਹੰਗ ਜਥੇਬੰਦੀਆਂ ਸੜਕਾਂ ’ਤੇ ਉਤਰ ਆਈਆਂ। ਇਸੇ ਨੂੰ ਲੈ ਕੇ ਦਾਣਾ ਮੰਡੀ ਪੁਰਾਣਾ ਸ਼ਾਲਾ ਤੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ‘ਤਜਿੰਦਰ ਨੂੰ ਇਨਸਾਫ਼ ਦਿਓ’ ਦੇ ਨਾਅਰਿਆਂ ਦੇ ਨਾਲ ਗੁਰਦਾਸਪੁਰ ਪੁਲਿਸ ਦੇ ਰਵੱਈਏ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਮਾਰਚ ਪੁਰਾਣਾ ਸ਼ਾਲਾ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਪੁਰਾਣਾ ਸ਼ਾਲਾ ਚੌਂਕ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਵੱਲੋਂ ਕਰੀਬ ਇੱਕ ਘੰਟਾ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਘ ਗਈਆਂ। ਧਰਨਾਕਾਰੀਆਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਜਾਮ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮਾਝਾ ਸੰਘਰਸ਼ ਕਮੇਟੀ ਦੀ ਪ੍ਰਧਾਨ ਬੀਬੀ ਦਵਿੰਦਰ ਕੌਰ ਅਤੇ ਤਜਿੰਦਰ ਦੀ ਭੈਣ ਕਰਮਪ੍ਰੀਤ ਕੌਰ ਨੇ ਕਿਹਾ ਕਿ ਬੇਸ਼ੱਕ ਤਜਿੰਦਰ ਦੀ ਅੰਤਿਮ ਅਰਦਾਸ ਦੀਆਂ ਰਸਮਾਂ ਅੱਜ ਸੰਪੰਨ ਹੋ ਗਈਆਂ ਹਨ, ਪਰ “ਤਜਿੰਦਰ ਨੂੰ ਇਨਸਾਫ਼ ਦਿਵਾਉਣ ਦੀ ਅਸਲ ਲੜਾਈ ਅੱਜ ਤੋਂ ਸ਼ੁਰੂ ਹੋਈ ਹੈ। ਬੀਬੀ ਦਵਿੰਦਰ ਕੌਰ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਲਈ ਬਣਾਈ SIT ਨੂੰ ਕਰੀਬ ਇੱਕ ਹਫ਼ਤਾ ਹੋਣ ਦੇ ਬਾਵਜੂਦ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਬਾਰੇ ਨਾ ਤਾਂ ਪਰਿਵਾਰ ਨੂੰ ਤਸੱਲੀਬਖ਼ਸ਼ ਜਾਣਕਾਰੀ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਜਨਤਕ ਕੀਤਾ ਗਿਆ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਅਤੇ ਮਾਮਲੇ ਦਾ ਪੂਰਾ ਸੱਚ ਸਾਹਮਣੇ ਨਾ ਲਿਆਂਦਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦਾ ਘੇਰਾ ਹੋਰ ਵੱਡਾ ਕਰਦਿਆਂ ਸੜਕੀ ਅਤੇ ਰੇਲ ਆਵਾਜਾਈ ਰੋਕਣ ਵਰਗੇ ਪ੍ਰੋਗਰਾਮਾਂ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ। ਠੰਢੇ ਬਸਤੇ ’ਚ ਨਹੀਂ ਪੈਣ ਦਿਆਂਗੇ। ਦਲ ਖਾਲਸਾ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਭਾਈ ਦਿਲਬਾਗ ਸਿੰਘ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਲਫ਼ਜ਼ਾਂ ਵਿੱਚ ਕਿਹਾ ਕਿ ਪੁਲਿਸ ਇਸ ਭੁਲੇਖੇ ਵਿੱਚ ਨਾ ਰਹੇ ਕਿ ਅੰਤਿਮ ਅਰਦਾਸ ਤੋਂ ਬਾਅਦ ਤਜਿੰਦਰ ਮਾਮਲਾ ਠੰਢਾ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਪਰਿਵਾਰ ਨਾਲ ਖੜ੍ਹੀਆਂ ਹਨ ਅਤੇ ਮਾਮਲੇ ਦਾ ਪੂਰਾ ਸੱਚ ਸਾਹਮਣੇ ਆਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ’ਤੇ ਸੰਘਰਸ਼ ਨੂੰ ਹੋਰ ਵੱਡਾ ਰੂਪ ਦਿੱਤਾ ਜਾਵੇਗਾ। ਕੈਂਡਲ ਮਾਰਚ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਰਹੇ।

LEAVE A REPLY

Please enter your comment!
Please enter your name here