ਪੰਜਾਬ ਅੰਮ੍ਰਿਤਸਰ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੀਟਿੰਗ/ 500 ਲੋਕਾਂ ਨੇ ਕੀਤੀ ਸ਼ਮੂਲੀਅਤ/ ਨਸ਼ੇ ਰੋਕਣ ਲਈ ਪੁਲਿਸ ਦੇ ਸਹਿਯੋਗ ਦੀ ਅਪੀਲ By admin - October 12, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਅੰਨਗੜ੍ਹ, ਢਪੱਈ ਅਤੇ ਛੋਟਾ ਹਰੀਪੁਰਾ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੀਟਿੰਗ ਕੀਤੀ ਗਈ। ਸ਼ਹੀਦ ਊਧਮ ਸਿੰਘ ਹਾਲ ਵਿਖੇ ਹੋਏ ਇਸ ਸੈਮੀਨਾਰ ਵਿੱਚ ਵਿਧਾਇਕ ਅਜੇ ਗੁਪਤਾ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਸਮੇਤ ਕਰੀਬ 500 ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਦੇ ਕਲਾਕਾਰਾਂ ਵੱਲੋਂ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਨਸ਼ਾ ਤਸਕਰੀ ਰੋਕਣ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ‘ਆਪਰੇਸ਼ਨ ਸੰਪਰਕ’ ਤਹਿਤ ਕੀਤੀ ਗਈ ਇਸ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕਿਸੇ ਵੀ ਭਰੋਸੇਯੋਗ ਜਾਣਕਾਰੀ ਨੂੰ ਪੁਲਿਸ ਅਤੇ ਸਬੰਧਤ ਹੈਲਪਲਾਈਨ ਨੰਬਰਾਂ ਰਾਹੀਂ ਸਾਂਝਾ ਕਰਨ। ਇਸ ਮੌਕੇ ਪੁਲਿਸ ਅਤੇ ਜਨਤਾ ਵਿਚਕਾਰ ਆਪਸੀ ਵਿਸ਼ਵਾਸ, ਸਹਿਯੋਗ ਅਤੇ ਤਾਲਮੇਲ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਸੈਮੀਨਾਰ ਦਾ ਇੱਕ ਅਹਿਮ ਅਤੇ ਉਤਸ਼ਾਹਜਨਕ ਪਹਿਲੂ ਇਹ ਰਿਹਾ ਕਿ ਇਸ ਤੋਂ ਪ੍ਰੇਰਿਤ ਹੋ ਕੇ ਨਸ਼ੇ ਦੀ ਲਤ ਨਾਲ ਜੂਝ ਰਹੇ 07 ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ। ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਨਸ਼ਾ ਮੁਕਤੀ ਵੱਲ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਉਣ ਲਈ ਭੇਜਿਆ ਗਿਆ, ਤਾਂ ਜੋ ਉਨ੍ਹਾਂ ਨੂੰ ਲੋੜੀਂਦਾ ਇਲਾਜ ਅਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਹ ਪਹਿਲਕਦਮੀ ਇਸ ਗੱਲ ਦਾ ਪ੍ਰਤੀਕ ਹੈ ਕਿ ਸਹੀ ਮਾਰਗਦਰਸ਼ਨ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਸਾਂਝ ਨਾਲ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਵੱਲ ਕਦਮ ਵਧਾਇਆ ਜਾ ਸਕਦਾ ਹੈ। ਇਸ ਮੌਕੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿਅਕਤੀ ਦੀ ਜ਼ਿੰਦਗੀ, ਪਰਿਵਾਰ ਅਤੇ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਕਈ ਵਾਰ ਅਪਰਾਧਾਂ ਦੇ ਪਿੱਛੇ ਵੀ ਨਸ਼ਿਆਂ ਦੀ ਲਤ ਇੱਕ ਅਹਿਮ ਕਾਰਕ ਬਣਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਆਪਣੀ ਜ਼ਿੰਦਗੀ ਵਿੱਚੋਂ ਹਮੇਸ਼ਾ ਲਈ ਅਲਵਿਦਾ ਕਹਿਣ, ਆਪਣੀ ਸਿਹਤ ਅਤੇ ਭਵਿੱਖ ਨੂੰ ਤਰਜੀਹ ਦੇਣ ਅਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਸਿਰਫ਼ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਵੱਲ ਪ੍ਰੇਰਿਤ ਕਰਨਾ ਵੀ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੇ ਯਤਨ ਲਗਾਤਾਰ ਜਾਰੀ ਰਹਿਣਗੇ। ਪੁਲਿਸ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ, ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਇੱਕ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।