ਵਿਧਾਇਕ ਧਾਲੀਵਾਲ ਦਾ ਕੇਂਦਰ ਸਰਕਾਰ ਵੱਲ ਨਿਸ਼ਾਨਾ/ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਭੇਜਣ ਦੀ ਸਖਤ ਨਿੰਦਾ/ ਜਥੇਦਾਰ ਨੂੰ ਘਟਨਾ ਦਾ ਨੋਟਿਸ ਲੈਣ ਦੀ ਕੀਤੀ ਅਪੀਲ

0
2

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਦਾਖਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲੇ  ’ਤੇ ਇਤਰਾਜ਼ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਗੁਰਦੁਆਰਾ ਸਾਹਿਬ ਅੰਦਰ ਸ਼ਰਧਾਲੂਆਂ, ਬੱਚਿਆਂ ਅਤੇ ਵਿਦਿਆਰਥੀਆਂ ਨਾਲ ਕੀਤਾ ਵਿਵਹਾਰ ਨਿੰਦਣਯੋਗ ਹੈ।  ਧਾਲੀਵਾਲ ਨੇ ਕਿਹਾ ਕਿ ਇਸ ਘਟਨਾ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦਰਦਨਾਕ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਕੰਮ ਕਰਦੀ ਹੈ, ਇਸ ਗ੍ਰਹਿ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਘਟਨਾ ਦਾ ਨੋਟਿਸ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮ ਨੰਗੇ ਸਿਰ ਅਤੇ ਜੁੱਤੀਆਂ ਪਹਿਨ ਕੇ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਵਿੱਚ ਦਾਖ਼ਲ ਹੋਏ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ। ਧਾਲੀਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਜਿਸ ਦੀ ਅਗਵਾਈ ਅਮਿਤ ਸ਼ਾਹ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨਾਲ ਸਬੰਧਤ 7,000 ਤੋਂ ਵੱਧ ਵਿਅਕਤੀਆਂ ਅਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਸਾਰਿਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਉਨ੍ਹਾਂ ਸਿੱਖ ਆਗੂਆਂ ਦੀ ਚੁੱਪੀ ’ਤੇ ਵੀ ਸਵਾਲ ਚੁੱਕੇ, ਜੋ ਆਪਣੇ ਆਪ ਨੂੰ ਸਿੱਖ ਪੰਥ ਦੇ ਹਮਾਇਤੀ ਦੱਸਦੇ ਹਨ। ਉਨ੍ਹਾਂ ਕਿਹਾ ਕਿ ਇੰਨੇ ਗੰਭੀਰ ਮਾਮਲੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ, ਹਰਪ੍ਰੀਤ ਸਿੰਘ ਅਤੇ ਹੋਰ ਸਿੱਖ ਆਗੂਆਂ ਵੱਲੋਂ ਕੋਈ ਸਖ਼ਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਆਗੂਆਂ ਦੀ ਭਾਜਪਾ ਨਾਲ ਅੰਦਰੂਨੀ ਸਾਂਝ ਹੈ, ਜਿਸ ਕਾਰਨ ਉਹ ਕੇਂਦਰ ਸਰਕਾਰ ਵਿਰੁੱਧ ਬੋਲਣ ਤੋਂ ਗੁਰੇਜ਼ ਕਰ ਰਹੇ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਦਾ ਤੁਰੰਤ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਦੀ ਅਗਵਾਈ ਕਰਨ ਵਾਲਾ ਸਰਵਉੱਚ ਤਖ਼ਤ ਹੈ, ਇਸ ਲਈ ਜਥੇਦਾਰ ਸਾਹਿਬ ਨੂੰ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਕੇ ਅਜਿਹੀਆਂ ਘਟਨਾਵਾਂ ਵਿਰੁੱਧ ਢੁੱਕਵੇਂ ਕਦਮ ਚੁੱਕਣ ਲਈ ਅਗਵਾਈ ਕਰਨੀ ਚਾਹੀਦੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਭਾਵੇਂ ਕੋਈ ਪੱਤਰਕਾਰ ਹੋਵੇ, ਸਮਾਜ ਸੇਵੀ ਹੋਵੇ ਜਾਂ ਕਿਸੇ ਸਿਆਸੀ ਪਾਰਟੀ ਦਾ ਕਾਰਕੁਨ, ਲੋਕਤੰਤਰੀ ਢੰਗ ਨਾਲ ਆਪਣੀ ਗੱਲ ਰੱਖਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨਾ ਲੋਕਤੰਤਰ ਦੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ, ਜਿਸ ਦੇ ਅਧਿਕਾਰਾਂ ਦੀ ਉਲੰਘਣਾ ਹੋਈ ਹੈ।

LEAVE A REPLY

Please enter your comment!
Please enter your name here