ਪੰਜਾਬ ਅਜਨਾਲਾ ਦੇ ਪਿੰਡ ਰੂੜੇਵਾਲ ਦਾ ਫੌਜੀ ਜਵਾਨ ਦੀ ਮੌਤ/ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ/ ਵੱਖ ਵੱਖ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ By admin - October 15, 2026 0 2 Facebook Twitter Pinterest WhatsApp ਅਜਨਾਲਾ ਦੇ ਪਿੰਡ ਰੂੜੇਵਾਲ ਦੇ ਰਹਿਣ ਵਾਲੇ ਭਾਰਤੀ ਫੌਜ ਦੀ 18 ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਪ੍ਰਤਾਪ ਸਿੰਘ ਡਿਊਟੀ ਦੌਰਾਨ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕਰ ਗਏ। 32-33 ਸਾਲਾ ਜਵਾਨ ਦੀ ਮ੍ਰਿਤਕ ਦੇਹ ਜਦੋਂ ਤਿਰੰਗੇ ਵਿੱਚ ਲਪੇਟ ਕੇ ਪਿੰਡ ਪਹੁੰਚੀ ਜਿੱਥੇ ਪੂਰੀ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਪ੍ਰਤਾਪ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਸਿਆਸੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਦਾ ਵਿਛੋੜਾ ਪਰਿਵਾਰ ਅਤੇ ਪਿੰਡ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਫੌਜ ਵੱਲੋਂ ਲੋੜੀਂਦੇ ਦਸਤਾਵੇਜ਼ ਮਿਲਣ ਤੋਂ ਬਾਅਦ ਨੀਤੀਆਂ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ, ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਫੌਜ ਵੱਲੋਂ ਅਧਿਕਾਰਤ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਮਿਲਣ ਤੋਂ ਬਾਅਦ ਸੂਬਾ ਸਰਕਾਰ ਦੀਆਂ ਨਿਰਧਾਰਤ ਨੀਤੀਆਂ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ਦੇ ਫੌਜੀ ਸਰਹੱਦਾਂ ‘ਤੇ ਆਪਣੀਆਂ ਜਾਨਾਂ ਜੋਖ਼ਮ ਵਿੱਚ ਪਾ ਕੇ ਡਿਊਟੀ ਨਿਭਾਉਂਦੇ ਹਨ, ਜਿਸ ਸਦਕਾ ਦੇਸ਼ ਵਾਸੀ ਆਪਣੇ ਘਰਾਂ ਵਿੱਚ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪ੍ਰਤਾਪ ਸਿੰਘ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਰਿਹਾ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹਨ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਵਿੱਚ ਛੋਟੇ ਬੱਚੇ ਹੋਣ ਕਾਰਨ ਉਨ੍ਹਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੋਧ ਸਿੰਘ ਸਮਰਾ ਨੇ ਸ਼ਹੀਦ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਅਤੇ ਕੌਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪਿੰਡ ਅਤੇ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਇਸ ਹੋਣਹਾਰ ਨੌਜਵਾਨ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਇਲਾਕੇ ਨੂੰ ਜੋ ਘਾਟਾ ਪਿਆ ਹੈ, ਉਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਕਾਂਗਰਸੀ ਆਗੂ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਇੱਕ ਵਧੀਆ ਇਨਸਾਨ ਹੋਣ ਦੇ ਨਾਲ-ਨਾਲ ਵਾਲੀਬਾਲ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਸਨ। ਉਨ੍ਹਾਂ ਨੇ ਸੰਯੁਕਤ ਰਾਸ਼ਟਰ (ਯੂਐੱਨ) ਦੀ ਸ਼ਾਂਤੀ ਰੱਖਿਆ ਫੋਰਸ ਤਹਿਤ ਵਿਦੇਸ਼ਾਂ ਵਿੱਚ ਵੀ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ। ਅਗਲੇ ਸਾਲ ਉਨ੍ਹਾਂ ਦੀ ਸੇਵਾਮੁਕਤੀ ਹੋਣੀ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ। ਸ਼ਹੀਦ ਪ੍ਰਤਾਪ ਸਿੰਘ ਦੇ ਪਿਤਾ ਜਿੱਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਸੇਵਾ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਚਾਰ ਪੁੱਤਰ ਹਨ ਅਤੇ ਪ੍ਰਤਾਪ ਸਿੰਘ ਆਪਣੀ ਖੇਡ ਪ੍ਰਤਿਭਾ ਅਤੇ ਮਿਹਨਤ ਦੇ ਦਮ ‘ਤੇ ਫੌਜ ਵਿੱਚ ਭਰਤੀ ਹੋਇਆ ਸੀ। ਉਨ੍ਹਾਂ ਸਰਕਾਰ ਅੱਗੇ ਅਪੀਲ ਕੀਤੀ ਕਿ ਸ਼ਹੀਦ ਦੇ ਬੱਚਿਆਂ ਦੇ ਪਾਲਣ-ਪੋਸ਼ਣ ਅਤੇ ਉਨ੍ਹਾਂ ਦੇ ਭਵਿੱਖ ਲਈ ਬਣਦੀ ਆਰਥਿਕ ਸਹਾਇਤਾ ਅਤੇ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਜਲਦੀ ਤੋਂ ਜਲਦੀ ਦਿੱਤਾ ਜਾਵੇ। ਸ਼ਹੀਦ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਨੇ ਰੋਂਦਿਆਂ ਦੱਸਿਆ ਕਿ ਆਖ਼ਰੀ ਵਾਰ ਜਦੋਂ ਉਨ੍ਹਾਂ ਦੀ ਆਪਣੇ ਪਤੀ ਨਾਲ ਗੱਲ ਹੋਈ ਸੀ ਤਾਂ ਉਨ੍ਹਾਂ ਨੇ ਕਿਹਾ ਸੀ, “ਮੈਂ ਡਿਊਟੀ ਪੂਰੀ ਕਰਕੇ ਵਾਪਸ ਆਵਾਂਗਾ, ਫਿਰ ਆਰਾਮ ਨਾਲ ਗੱਲ ਕਰਾਂਗਾ।” ਪਰ ਉਨ੍ਹਾਂ ਦਾ ਇਹ ਵਾਅਦਾ ਅਧੂਰਾ ਹੀ ਰਹਿ ਗਿਆ ਅਤੇ ਉਹ ਫੋਨ ਕਦੇ ਨਹੀਂ ਆਇਆ। ਸ਼ਹੀਦ ਆਪਣੇ ਪਿੱਛੇ ਤਿੰਨ ਛੋਟੇ ਬੱਚੇ, ਜਿਨ੍ਹਾਂ ਵਿੱਚ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ, ਛੱਡ ਗਏ ਹਨ। ਪਤਨੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ 18 ਸਾਲ ਦੇ ਹੋਣ ‘ਤੇ ਸਰਕਾਰੀ ਨੌਕਰੀ ਦੇਣ ਸਬੰਧੀ ਭਰੋਸਾ ਦਿੱਤਾ ਜਾਵੇ ਅਤੇ ਧੀਆਂ ਦੀ ਪੜ੍ਹਾਈ-ਲਿਖਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ।