ਅੰਮ੍ਰਿਤਸਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਫਲ ਆਯੋਜਨ/ ਮੰਤਰੀ ਈਟੀਓ ਰਹੇ ਮੌਜੂਦ/ ਰਗਬੀ ਮੁਕਾਬਲਿਆਂ ਵਿੱਚ 3 ਹਜ਼ਾਰ ਖਿਡਾਰੀ ਨੇ ਦਿਖਾਇਆ ਦਮਖਮ

0
3

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਅਤੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ਦੇ ਪ੍ਰਸਿੱਧ ਗੁਰੂ ਨਾਨਕ ਸਟੇਡੀਅਮ ਵਿੱਚ ਪੂਰੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋਗਰਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਜ਼ਿਲ੍ਹੇ ਨੂੰ ਤੀਰਅੰਦਾਜ਼ੀ ਅਤੇ ਰਗਬੀ ਖੇਡਾਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਸੌਂਪੀ ਗਈ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ 18 ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 3,000 ਖਿਡਾਰੀ ਪਹੁੰਚੇ ਹਨ। ਇਹ ਖਿਡਾਰੀ ਪਹਿਲਾਂ ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਹੁਣ ਸੂਬਾ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਹ ਸੂਬਾ ਪੱਧਰੀ ਖੇਡ ਮੁਕਾਬਲੇ 23 ਨਵੰਬਰ ਤੱਕ ਲਗਾਤਾਰ ਜਾਰੀ ਰਹਿਣਗੇ।
ਕੈਬਨਿਟ ਮੰਤਰੀ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਸੀ। ਅੱਜ ਇਨ੍ਹਾਂ ਖੇਡਾਂ ਦਾ ਚੌਥਾ ਸੀਜ਼ਨ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬੱਚਿਆਂ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਹੈ।
ਪੱਤਰਕਾਰਾਂ ਵੱਲੋਂ ਤੀਰਅੰਦਾਜ਼ੀ ਦੀ ਮਹਿੰਗੀ ਖੇਡ ਸਮੱਗਰੀ ਅਤੇ ਖਿਡਾਰੀਆਂ ਨੂੰ ਆਉਣ ਵਾਲੇ ਖਰਚਿਆਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਆਰਥਿਕ ਵਰਗ ਦੇ ਖਿਡਾਰੀ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਣਹਾਰ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਗਈ ਹੈ, ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਮਿਆਰੀ ਖੇਡ ਸਾਮਾਨ ਖਰੀਦ ਸਕਣ ਅਤੇ ਆਪਣੀ ਤਿਆਰੀ ਜਾਰੀ ਰੱਖ ਸਕਣ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਹੈ ਕਿ ਪੈਸੇ ਜਾਂ ਸਾਧਨਾਂ ਦੀ ਘਾਟ ਕਾਰਨ ਕੋਈ ਵੀ ਖਿਡਾਰੀ ਪਿੱਛੇ ਨਾ ਰਹਿ ਜਾਵੇ।
ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਹਰਭਜਨ ਸਿੰਘ ਈਟੀਓ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ। ਖੇਡਾਂ ਵਿੱਚ ਰੁੱਝੇ ਰਹਿਣ ਨਾਲ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਇਸ ਤਹਿਤ ਨਵੇਂ ਖੇਡ ਮੈਦਾਨ, ਜਿਮ ਦਾ ਸਾਮਾਨ ਅਤੇ ਆਧੁਨਿਕ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਅੰਤ ਵਿੱਚ ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਖਿਡਾਰੀ ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨਗੇ।

LEAVE A REPLY

Please enter your comment!
Please enter your name here