ਪੰਜਾਬ ਮੋਗਾ ’ਚ ਸ਼ਹੀਦ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ/ ਰੰਗ ਲਗਾ ਕੇ ਕੀਤੀ ਬੇਅਦਬੀ/ ਲੋਕਾਂ ਚ ਗੁੱਸਾ, ਪੁਲਿਸ ਕਰ ਰਹੀ ਜਾਂਚ By admin - October 21, 2026 0 2 Facebook Twitter Pinterest WhatsApp ਮੋਗਾ ਦੇ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਅਤੇ ਉਸ ’ਤੇ ਰੰਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਮੰਗੀ ਹੈ। ਡੀਐੱਸਪੀ ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਬਣਦੀ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਡ ਵੈਰੋਕੇ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਕੀਤਾ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਇਸ ਬੁੱਤ ਨਾਲ ਛੇੜਛਾੜ ਕੀਤੇ ਜਾਣ ਸਬੰਧੀ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੁੱਤ ਉੱਪਰ ਪੇਂਟ ਆਦਿ ਲੱਗਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਕਿਸੇ ਵਿਅਕਤੀ ਦਾ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਪਿੰਡ ਵੈਰੋਕੇ ਦੇ ਵਸਨੀਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੁੱਤ ਉੱਪਰ ਕਾਲਖ ਮਲਣ ਅਤੇ ਰੰਗ ਲਗਾਉਣ ਦੀ ਹਰਕਤ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਕਿਸੇ ਇੱਕ ਵਰਗ ਜਾਂ ਇਲਾਕੇ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਸਾਂਝੇ ਸ਼ਹੀਦ ਹਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹਿਣਗੇ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ੀ ਹਕੂਮਤ ਵਿਰੁੱਧ ਸੰਘਰਸ਼ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਵੱਡੀ ਕੁਰਬਾਨੀ ਦਿੱਤੀ ਸੀ। 23 ਮਾਰਚ 1931 ਨੂੰ ਉਨ੍ਹਾਂ ਨੂੰ ਸ਼ਹੀਦ ਕੀਤਾ ਗਿਆ ਸੀ, ਪਰ ਅੱਜ ਵੀ ਲੋਕ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਦੀ ਜਲਦ ਪਛਾਣ ਕੀਤੀ ਜਾਵੇ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।