ਪੰਜਾਬ ਮੋਗਾ ’ਚ ਮੈਡੀਕਲ ਸਟੋਰਾਂ ’ਤੇ ਪ੍ਰਸ਼ਾਸਨ ਦੀ ਸਖ਼ਤੀ/ ਗੁਰੂ ਨਾਨਕ ਮੈਡੀਕਲ ਸਟੋਰ ਸੀਲ/ ਅਧਿਕਾਰੀਆਂ ਮੁਤਾਬਕ ਜਾਰੀ ਰਹੇਗੀ ਮੁਹਿੰਮ By admin - October 23, 2026 0 3 Facebook Twitter Pinterest WhatsApp ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਮੋਗਾ ਵਿੱਚ ਨਸ਼ਿਆਂ ਅਤੇ ਕਥਿਤ ਗੈਰ-ਕਾਨੂੰਨੀ ਦਵਾਈਆਂ ਦੇ ਕਾਰੋਬਾਰ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਡਰੱਗ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ। ਇਸ ਦੌਰਾਨ ਕੱਚਾ ਦੁਸਾਂਝ ਰੋਡ ਨੇੜੇ ਸਥਿਤ ਗੁਰੂ ਨਾਨਕ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮੈਡੀਕਲ ਸਟੋਰਾਂ ਦੀ ਜਾਂਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਜਾਣਕਾਰੀ ਅਨੁਸਾਰ, ਪ੍ਰਸ਼ਾਸਨ ਨੂੰ ਕੁਝ ਮੈਡੀਕਲ ਸਟੋਰਾਂ ਸਬੰਧੀ ਇਨਪੁਟ ਮਿਲੇ ਸਨ ਕਿ ਉੱਥੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਹੋਣ ਦਾ ਸ਼ੱਕ ਹੈ। ਇਸ ਤੋਂ ਬਾਅਦ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਐੱਸਡੀਐੱਮ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਜਾਂਚ ਮੁਹਿੰਮ ਸ਼ੁਰੂ ਕੀਤੀ। ਟੀਮ ਜਦੋਂ ਗੁਰੂ ਨਾਨਕ ਮੈਡੀਕਲ ਸਟੋਰ ’ਤੇ ਪਹੁੰਚੀ ਤਾਂ ਦੁਕਾਨ ਬੰਦ ਸੀ। ਡਰੱਗ ਇੰਸਪੈਕਟਰ ਅਨੁਸਾਰ, ਸਟੋਰ ਦੇ ਮਾਲਕ ਜਗਸੀਰ ਸਿੰਘ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਫ਼ੋਨ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਦੁਕਾਨ ’ਤੇ ਨੋਟਿਸ ਚਿਪਕਾ ਕੇ ਉਸ ਨੂੰ ਸੀਲ ਕਰ ਦਿੱਤਾ ਗਿਆ। ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆ ਕਿ ਸਬੰਧਤ ਦੁਕਾਨ ਦੇ ਮਾਲਕ ਨੂੰ ਨੋਟਿਸ ਜਾਰੀ ਕਰਕੇ ਨਿਰਧਾਰਤ ਸਮੇਂ ਅੰਦਰ ਆਪਣੀ ਦੁਕਾਨ ਦੀ ਜਾਂਚ ਕਰਵਾਉਣ ਅਤੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਜਾਂ ਜਾਂਚ ਵਿੱਚ ਸਹਿਯੋਗ ਨਹੀਂ ਮਿਲਦਾ ਤਾਂ ਨਿਯਮਾਂ ਅਨੁਸਾਰ ਅਗਲੇ ਕਦਮ ਚੁੱਕੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਬੱਸ ਸਟੈਂਡ ਨੇੜੇ ਇੱਕ ਮੈਡੀਕਲ ਸਟੋਰ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੇ ਅਨੁਸਾਰ, ਉੱਥੋਂ ਬਰਾਮਦਗੀ ਹੋਣ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ। ਡਰੱਗ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਕਈ ਥਾਵਾਂ ’ਤੇ ਜਾਂਚ ਅਤੇ ਬਰਾਮਦਗੀ ਦੀ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਗਈ। ਐੱਸਡੀਐੱਮ ਸਤਵਿੰਦਰ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਮਿਲੀ ਜਾਣਕਾਰੀ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਜਾਂ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਵੇਗੀ, ਉੱਥੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਨਸ਼ਿਆਂ ਜਾਂ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਪੁਲਿਸ, ਡਰੱਗ ਵਿਭਾਗ ਜਾਂ ਸਿਵਲ ਪ੍ਰਸ਼ਾਸਨ ਨਾਲ ਸਾਂਝੀ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਡੀਐੱਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਡਰੱਗ ਇੰਸਪੈਕਟਰ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੈਡੀਕਲ ਸਟੋਰ ਸੰਚਾਲਕ ਕਥਿਤ ਤੌਰ ’ਤੇ ਗੈਰ-ਕਾਨੂੰਨੀ ਕੰਮਾਂ ਵਿੱਚ ਸ਼ਾਮਲ ਹਨ ਜਾਂ ਜਾਂਚ ਤੋਂ ਬਚਣ ਲਈ ਦੁਕਾਨਾਂ ਬੰਦ ਕਰਕੇ ਗੈਰ-ਹਾਜ਼ਰ ਹਨ, ਉਨ੍ਹਾਂ ਸਬੰਧੀ ਮਿਲਣ ਵਾਲੀ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ ਅਤੇ ਤੱਥ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਮੈਡੀਕਲ ਸਟੋਰ ਸੰਚਾਲਕਾਂ ਵਿੱਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।