ਮੋਗਾ ਡਬਲ ਮਰਡਰ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ/ ਸਰਕਾਰ ਨੂੰ ਦਿੱਤੀ ਚਿਤਾਵਨੀ/ ਕਿਹਾ, ਛੇਤੀ ਕਾਰਵਾਈ ਨਾ ਹੋਈ ਤਾਂ ਸੜਕਾਂ ’ਤੇ ਉਤਰੇਗੀ ਕਾਂਗਰਸ

0
2

ਮੋਗਾ ਡਬਲ ਮਰਡਰ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਪੁਲਿਸ ਜਾਂ ਇੰਟੈਲੀਜੈਂਸ ਕੋਲ ਪਹਿਲਾਂ ਹੀ ਕਿਸੇ ਸੰਭਾਵੀ ਘਟਨਾ ਦੀ ਜਾਣਕਾਰੀ ਸੀ, ਤਾਂ ਹਮਲੇ ਨੂੰ ਰੋਕਣ ਲਈ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਰਾਜਾ ਵੜਿੰਗ ਮੁਤਾਬਕ, ਉਨ੍ਹਾਂ ਦੀ ਡੀਜੀਪੀ ਨਾਲ ਵੀ ਗੱਲਬਾਤ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਦੋ ਤੋਂ ਚਾਰ ਦਿਨਾਂ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ ਨਾ ਹੋਏ, ਤਾਂ ਕਾਂਗਰਸ ਪੀੜਤ ਪਰਿਵਾਰ ਦੇ ਹੱਕ ਵਿੱਚ ਸੜਕਾਂ ’ਤੇ ਉਤਰ ਕੇ ਧਰਨਾ ਦੇਵੇਗੀ। ਉਨ੍ਹਾਂ ਨੇ ਪਰਿਵਾਰ ਵੱਲੋਂ ਹਥਿਆਰਾਂ ਦੇ ਲਾਇਸੈਂਸ ਨੂੰ ਰੀਨਿਊ ਨਾ ਕੀਤੇ ਜਾਣ ਦਾ ਮਾਮਲਾ ਵੀ ਉਠਾਇਆ।
ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਘਰ ਦੇ ਬਾਹਰ ਬੈਠੇ ਚਾਰ ਵਿਅਕਤੀਆਂ ’ਤੇ ਕਾਲੀ ਸਕਾਰਪੀਓ ਸਵਾਰ ਹਮਲਾਵਰਾਂ ਨੇ ਫਾਇਰਿੰਗ ਕੀਤੀ ਸੀ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਦੋ ਹੋਰ ਜ਼ਖ਼ਮੀ ਹੋਏ ਸਨ। ਇਸੇ ਨੂੰ ਲੈ ਕੇ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਦਿਆਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਐਨੀ ਚਿੰਤਾਜਨਕ ਹੋ ਚੁੱਕੀ ਹੈ ਕਿ ਲੋਕ ਆਪਣੇ ਘਰਾਂ ਦੇ ਬਾਹਰ ਬੈਠੇ ਵੀ ਸੁਰੱਖਿਅਤ ਨਹੀਂ ਹਨ। ਅੰਗਦਪੁਰਾ ਵਿੱਚ ਵਾਪਰੀ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਅਪਰਾਧੀਆਂ ਦੇ ਹੌਸਲੇ ਕਿੰਨੇ ਵਧ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਕੋ ਪਰਿਵਾਰ ਅਤੇ ਮੁਹੱਲੇ ਦੇ ਲੋਕਾਂ ’ਤੇ ਇਸ ਤਰ੍ਹਾਂ ਗੋਲੀਆਂ ਚਲਾਉਣ ਦੀ ਘਟਨਾ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਰਾਜਾ ਵੜਿੰਗ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਇੰਟੈਲੀਜੈਂਸ ਵੱਲੋਂ ਪਹਿਲਾਂ ਹੀ ਕਿਸੇ ਸੰਭਾਵੀ ਘਟਨਾ ਬਾਰੇ ਜਾਣਕਾਰੀ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ, ਤਾਂ ਫਿਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਮੋਗਾ ਦੇ ਸੀਆਈਡੀ ਜਾਂ ਇੰਟੈਲੀਜੈਂਸ ਵਿੰਗ ਕੋਲ ਅਜਿਹੀ ਕੋਈ ਜਾਣਕਾਰੀ ਸੀ, ਤਾਂ ਇਹ ਸਬੰਧਤ ਉੱਚ ਅਧਿਕਾਰੀਆਂ, ਖ਼ਾਸ ਕਰਕੇ ਐੱਸਐੱਸਪੀ ਤੱਕ ਪਹੁੰਚਾਈ ਗਈ ਸੀ ਜਾਂ ਨਹੀਂ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਣਕਾਰੀ ਮਿਲਣ ਦੇ ਬਾਵਜੂਦ ਲੋਕਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ, ਤਾਂ ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਇਸ ਗੱਲ ਦੀ ਵੀ ਜਾਂਚ ਕਰੇ ਕਿ ਸੰਭਾਵੀ ਖ਼ਤਰੇ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਹਮਲਾਵਰਾਂ ਨੂੰ ਵਾਰਦਾਤ ਕਰਨ ਦਾ ਮੌਕਾ ਕਿਵੇਂ ਮਿਲਿਆ।
ਕਾਂਗਰਸੀ ਆਗੂ ਨੇ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਉਪਲਬਧਤਾ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਛੋਟੀ ਉਮਰ ਦੇ ਨੌਜਵਾਨਾਂ ਤੱਕ ਵੀ ਹਥਿਆਰ ਪਹੁੰਚਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੀ ਮਦਦ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਸਬੰਧੀ ਮਿਲ ਰਹੀਆਂ ਜਾਣਕਾਰੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਾਜਾਇਜ਼ ਹਥਿਆਰਾਂ ਦੀ ਸਪਲਾਈ ’ਤੇ ਰੋਕ ਨਾ ਲਗਾਈ ਗਈ, ਤਾਂ ਅਜਿਹੀਆਂ ਵਾਰਦਾਤਾਂ ਨੂੰ ਰੋਕਣਾ ਹੋਰ ਵੀ ਮੁਸ਼ਕਲ ਹੋ ਸਕਦਾ ਹੈ। ਸਰਕਾਰ ਅਤੇ ਪੁਲਿਸ ਨੂੰ ਸਿਰਫ਼ ਘਟਨਾ ਵਾਪਰਨ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਅਪਰਾਧਾਂ ਨੂੰ ਰੋਕਣ ਲਈ ਪਹਿਲਾਂ ਹੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਪੁਲਿਸ ਦੇ ਕਾਨੂੰਨ ਵਿਵਸਥਾ ਨਾਲ ਸਬੰਧਤ ਡੀਜੀਪੀ ਪੀ.ਕੇ. ਸਿਨ੍ਹਾ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਮੁਤਾਬਕ, ਅਧਿਕਾਰੀ ਨੇ ਭਰੋਸਾ ਦਿੱਤਾ ਹੈ ਕਿ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਦੋ-ਚਾਰ ਦਿਨਾਂ ਵਿੱਚ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹ ਕੇ ਸੜਕਾਂ ’ਤੇ ਉਤਰੇਗੀ ਅਤੇ ਧਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰਾਂ ਨੂੰ ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਤੋਂ ਬਾਅਦ ਵੀ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਜਾਰੀ ਰਹੇਗੀ। ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ ਕਿ ਉਹ ਪੀੜਤ ਪਰਿਵਾਰ ਦਾ ਭਰੋਸਾ ਜਿੱਤਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ।

LEAVE A REPLY

Please enter your comment!
Please enter your name here