ਬਿਕਰਮ ਮਜੀਠੀਆ ਦੀ ਮੁਸ਼ਕਲ ਵਧੀ/ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ/ 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ

0
4

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਇਸ ਚਾਰਜਸ਼ੀਟ ਵਿੱਚ ਕਰੀਬ 700 ਕਰੋੜ ਰੁਪਏ ਦੇ ਕਥਿਤ ਵਿੱਤੀ ਲੈਣ-ਦੇਣ ਦਾ ਜ਼ਿਕਰ ਹੈ, ਜਦਕਿ ਦਸਤਾਵੇਜ਼ਾਂ ਦੀ ਗਿਣਤੀ ਲਗਭਗ 40 ਹਜ਼ਾਰ ਪੰਨੇ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪਹਿਲਾਂ ਵੀ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਹੁਣ ਸਪਲੀਮੈਂਟਰੀ ਚਾਰਜਸ਼ੀਟ ਰਾਹੀਂ ਜਾਂਚ ਨਾਲ ਸਬੰਧਤ ਹੋਰ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਹਾਲਾਂਕਿ, ਇਹ ਮਾਮਲਾ ਅਦਾਲਤੀ ਕਾਰਵਾਈ ਅਧੀਨ ਹੈ ਅਤੇ ਲਗਾਏ ਗਏ ਦੋਸ਼ਾਂ ਬਾਰੇ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਹੀ ਕੀਤਾ ਜਾਣਾ ਹੈ।
ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਟੀਮ ਚਾਰਜਸ਼ੀਟ ਨਾਲ ਸਬੰਧਤ ਦਸਤਾਵੇਜ਼ ਟਰੰਕਾਂ ਵਿੱਚ ਭਰ ਕੇ ਅਦਾਲਤ ਪਹੁੰਚੀ। ਇਸ ਤੋਂ ਪਹਿਲਾਂ ਅਗਸਤ 2025 ਵਿੱਚ ਵੀ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਕਰੀਬ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਮੁਤਾਬਕ ਇਸ ਸਮੇਂ ਦੌਰਾਨ ਮਜੀਠੀਆ ਨਾਲ ਜੁੜੀਆਂ ਜਾਇਦਾਦਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ। ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਲਾਏ। ਵੱਖ-ਵੱਖ ਰਿਪੋਰਟਾਂ ਵਿੱਚ 540 ਕਰੋੜ ਤੋਂ ਲੈ ਕੇ 700 ਕਰੋੜ ਰੁਪਏ ਤੋਂ ਵੱਧ ਦੇ ਅੰਕੜਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐੱਫਆਈਆਰ ਨੰਬਰ 22 ਦਰਜ ਕਰਕੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮੋਹਾਲੀ ਦੀ ਹੇਠਲੀ ਅਦਾਲਤ ਨੇ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਵਿਜੀਲੈਂਸ ਨੇ ਅਦਾਲਤ ਵਿੱਚ ਕਰੀਬ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਰਿਪੋਰਟਾਂ ਮੁਤਾਬਕ ਇਸ ਵਿੱਚ ਬੈਂਕ ਖਾਤਿਆਂ, ਵਿੱਤੀ ਲੈਣ-ਦੇਣ ਅਤੇ ਗਵਾਹਾਂ ਨਾਲ ਸਬੰਧਤ ਜਾਣਕਾਰੀ ਸ਼ਾਮਲ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਜਿੱਥੋਂ ਨਿਯਮਤ ਜ਼ਮਾਨਤ ਮਿਲੀ ਸੀ।

LEAVE A REPLY

Please enter your comment!
Please enter your name here