ਪੰਜਾਬ ਦੀਨਾਨਗਰ ’ਚ ਸਰਪੰਚਾਂ ਦੀ ਦਲ-ਬਦਲੀ ਦਾ ਮੁੱਦਾ ਗਰਮਾਇਆ/ ਆਮ ਆਦਮੀ ਪਾਰਟੀ ਨੇ ਭਾਜਪਾ ਦੇ ਦਾਅਵੇ ਨਕਾਰੇ/ ਕੋਈ ਵੀ ਸਰਪੰਚ ਭਾਜਪਾ ’ਚ ਨਾ ਜਾਣ ਦਾ ਕੀਤਾ ਦਾਅਵਾ By admin - October 29, 2026 0 6 Facebook Twitter Pinterest WhatsApp ਦੀਨਾਨਗਰ ਵਿੱਚ ਆਮ ਆਦਮੀ ਪਾਰਟੀ ਦੇ 46 ਤੋਂ 47 ਸਰਪੰਚਾਂ ਅਤੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਦਾਅਵੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ‘ਆਪ’ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਇਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਦੀਨਾਨਗਰ ਹਲਕੇ ਵਿੱਚ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਭਾਜਪਾ ਅਤੇ ਦਾਅਵਾ ਕਰਨ ਵਾਲੇ ਆਗੂ ਨੂੰ ਸ਼ਾਮਲ ਹੋਏ ਸਰਪੰਚਾਂ ਤੇ ਆਗੂਆਂ ਦੀ ਸੂਚੀ ਜਨਤਕ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਮੌਜੂਦਾ ਬਲਾਕ ਪ੍ਰਧਾਨ, ਬਲਾਕ ਸੰਮਤੀ ਮੈਂਬਰ ਜਾਂ ਸਰਪੰਚ ਭਾਜਪਾ ਵਿੱਚ ਸ਼ਾਮਲ ਨਹੀਂ ਹੋਇਆ। ਉੱਥੇ ਹੀ, ਮੌਜੂਦ ਸਰਪੰਚਾਂ ਅਤੇ ਬਲਾਕ ਪ੍ਰਧਾਨਾਂ ਨੇ ਵੀ ਪਾਰਟੀ ਦੀ ਏਕਤਾ ਦਾ ਦਾਅਵਾ ਕੀਤਾ। ਹੁਣ ਦੇਖਣਾ ਹੋਵੇਗਾ ਕਿ ਦੋਵਾਂ ਧਿਰਾਂ ਦੇ ਦਾਅਵਿਆਂ ਵਿਚਾਲੇ ਅਸਲ ਸਥਿਤੀ ਕੀ ਸਾਹਮਣੇ ਆਉਂਦੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਇੱਕ ਆਗੂ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਆਮ ਆਦਮੀ ਪਾਰਟੀ ਦੇ 46-47 ਸਰਪੰਚ ਅਤੇ ਆਗੂ ਉਸ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਇਸ ਦਾਅਵੇ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਪਾਰਟੀ ਛੱਡਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਵਿੱਚੋਂ ਕਈਆਂ ਦਾ ਆਮ ਆਦਮੀ ਪਾਰਟੀ ਨਾਲ ਕੋਈ ਸਰਗਰਮ ਸਬੰਧ ਨਹੀਂ ਸੀ ਅਤੇ ਨਾ ਹੀ ਉਹ ਪਾਰਟੀ ਦੇ ਅਹੁਦੇਦਾਰ ਸਨ। ਸ਼ਮਸ਼ੇਰ ਸਿੰਘ ਨੇ ਭਾਜਪਾ ਅਤੇ ਦਾਅਵਾ ਕਰਨ ਵਾਲੇ ਆਗੂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ 46-47 ਸਰਪੰਚਾਂ ਅਤੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਦਾਅਵਾ ਸਹੀ ਹੈ ਤਾਂ ਉਨ੍ਹਾਂ ਦੀ ਸੂਚੀ ਜਨਤਕ ਕੀਤੀ ਜਾਵੇ, ਤਾਂ ਜੋ ਲੋਕਾਂ ਸਾਹਮਣੇ ਅਸਲ ਸਥਿਤੀ ਸਪੱਸ਼ਟ ਹੋ ਸਕੇ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਗੱਲਬਾਤ ਕਰਨ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਵਾਉਣ ਦਾ ਕਹਿ ਕੇ ਲਿਜਾਇਆ ਗਿਆ ਸੀ ਪਰ ਜਦੋਂ ਉਨ੍ਹਾਂ ਨੂੰ ਭਾਜਪਾ ਦੇ ਦਫ਼ਤਰ ਲਿਜਾਇਆ ਗਿਆ ਤਾਂ ਉਹ ਉੱਥੋਂ ਵਾਪਸ ਪਰਤ ਆਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ।ਇਸ ਮੌਕੇ ਮੌਜੂਦ ਸਰਪੰਚਾਂ ਅਤੇ ਬਲਾਕ ਪ੍ਰਧਾਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਨੇ ਵੀ ਹਲਕੇ ਵਿੱਚ ਦਿਨ-ਰਾਤ ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਮੌਜੂਦਾ ਬਲਾਕ ਪ੍ਰਧਾਨ, ਬਲਾਕ ਸੰਮਤੀ ਮੈਂਬਰ ਜਾਂ ਸਰਪੰਚ ਭਾਜਪਾ ਵਿੱਚ ਸ਼ਾਮਲ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਕੁਝ ਵਿਅਕਤੀਆਂ ਦੇ ਪਾਰਟੀ ਛੱਡਣ ਦੀ ਗੱਲ ਸਾਹਮਣੇ ਆ ਰਹੀ ਹੈ। ਉਹ ਪਹਿਲਾਂ ਹੀ ਪਾਰਟੀ ਤੋਂ ਬਾਹਰ ਕੀਤੇ ਜਾ ਚੁੱਕੇ ਸਨ ਜਾਂ ਸਰਗਰਮ ਨਹੀਂ ਸਨ।ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਸਰਪੰਚ, ਅਹੁਦੇਦਾਰ ਅਤੇ ਵਰਕਰ ਪੂਰੀ ਤਰ੍ਹਾਂ ਇਕਮੁੱਠ ਹੋ ਕੇ ਪਾਰਟੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨਾਲ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ’ਤੇ ਕੋਈ ਅਸਰ ਨਹੀਂ ਪੈਣ ਵਾਲਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣਗੇ।