ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼/ 202 ਗ੍ਰਾਮ ਹੈਰੋਇਨ ਤੇ 3600 ਨਸ਼ੀਲੇ ਕੈਪਸੂਲ ਸਮੇਤ 4 ਕਾਬੂ

0
2

ਫਰੀਦਕੋਟ ਜ਼ਿਲ੍ਹੇ ਵਿੱਚ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 202 ਗ੍ਰਾਮ ਹੈਰੋਇਨ ਅਤੇ 3600 ਨਸ਼ੀਲੇ ਕੈਪਸੂਲਾਂ ਸਮੇਤ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਇਹ ਕਾਰਵਾਈ ਪਿੰਡ ਢਿੱਲਵਾਂ ਕਲਾਂ ਨੇੜੇ ਗਸ਼ਤ ਦੌਰਾਨ ਕੀਤੀ ਗਈ, ਜਿੱਥੇ ਚਾਰ ਨੌਜਵਾਨ ਦੋ ਮੋਟਰਸਾਈਕਲਾਂ ਕੋਲ ਸ਼ੱਕੀ ਹਾਲਾਤ ਵਿੱਚ ਮਿਲੇ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ, ਮਨਦੀਪ ਕੁਮਾਰ, ਹਰਜਿੰਦਰ ਸਿੰਘ ਅਤੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਥਾਣਾ ਸਦਰ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਸੈੱਲ ਦੇ ਏਐਸਆਈ ਸੁਖਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ’ਤੇ ਪਿੰਡ ਢਿੱਲਵਾਂ ਕਲਾਂ ਨੇੜੇ ਪਹੁੰਚੀ ਤਾਂ ਕੱਚੇ ਰਸਤੇ ’ਤੇ ਦੋ ਮੋਟਰਸਾਈਕਲ ਖੜ੍ਹੇ ਦਿਖਾਈ ਦਿੱਤੇ। ਇਨ੍ਹਾਂ ਕੋਲ ਚਾਰ ਨੌਜਵਾਨ ਕਿਸੇ ਸਾਮਾਨ ਦੀ ਜਾਂਚ-ਪੜਤਾਲ ਕਰ ਰਹੇ ਸਨ। ਸ਼ੱਕ ਪੈਣ ’ਤੇ ਪੁਲਿਸ ਨੇ ਚਾਰਾਂ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 202 ਗ੍ਰਾਮ ਹੈਰੋਇਨ ਅਤੇ 3600 ਨਸ਼ੀਲੇ ਕੈਪਸੂਲ ਬਰਾਮਦ ਹੋਏ।
ਇਸ ਸਬੰਧੀ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੇ ਸਰੋਤ ਅਤੇ ਅੱਗੇ ਸਪਲਾਈ ਕੀਤੇ ਜਾਣ ਵਾਲੇ ਨੈੱਟਵਰਕ ਬਾਰੇ ਜਾਂਚ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here