ਮਲੋਟ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ/ ਸਰਕਾਰ ਖ਼ਿਲਾਫ਼ ਗਰਜੇ ਪ੍ਰਧਾਨ ਸਰਬਜੀਤ ਝਿੰਜਰ/ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੇਲ੍ਹ ਹੋਣ ਦਾ ਦਾਅਵਾ

0
3

ਮਲੋਟ ਵਿੱਚ ਯੂਥ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਹਲਕੇ ਦੇ ਸਰਕਲ ਪ੍ਰਧਾਨਾਂ ਅਤੇ ਪਾਰਟੀ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੇਲ੍ਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ ਅਤੇ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਵੀ ਚੁੱਕਿਆ ਗਿਆ।
ਆਪਣੇ ਸੰਬੋਧਨ ਵਿਚ ਸਰਬਜੀਤ ਸਿੰਘ ਝਿੰਜਰ ਨੇ ਦਾਅਵਾ ਕੀਤਾ ਕਿ ਝੋਨੇ ਦੀ ਵਾਢੀ, ਕਣਕ ਦੀ ਬਿਜਾਈ ਅਤੇ ਤਿਉਹਾਰਾਂ ਦੇ ਰੁਝੇਵਿਆਂ ਭਰੇ ਸੀਜ਼ਨ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਦਾ ਪੰਡਾਲ ਵਿੱਚ ਪਹੁੰਚਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪੰਜਾਬ ਦੀ ਜਵਾਨੀ ਵਿੱਚ ਮੌਜੂਦਾ ਸਰਕਾਰ ਪ੍ਰਤੀ ਭਾਰੀ ਗੁੱਸਾ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਆਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੀਆਂ ਸੜਕਾਂ ‘ਤੇ ‘ਚਿੱਟੇ’ (ਨਸ਼ੇ) ਕਾਰਨ ਮਾਰੇ ਗਏ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਰੱਖ ਕੇ ਪਰਿਵਾਰ ਇਨਸਾਫ਼ ਲਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਰੋਜ਼ਾਨਾ ਸੈਂਕੜੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ। ਇਸ ਦੌਰਾਨ ਨਸ਼ਿਆਂ ਖਿਲਾਫ਼ ਲੜਾਈ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਵੀ ਜ਼ਿਕਰ ਕੀਤਾ ਗਿਆ, ਜਿਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
‎ਸਾਬਕਾ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤੁਲਨਾ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਜਿੱਥੇ ਕਾਂਗਰਸ ਨੇ ਨੌਜਵਾਨਾਂ ਨੂੰ ਗੋਲੀਆਂ ਨਾਲ ਮਾਰਿਆ, ਉੱਥੇ ਹੀ ਮੌਜੂਦਾ ‘ਝਾੜੂ’ ਵਾਲੀ ਸਰਕਾਰ ਨੌਜਵਾਨਾਂ ਨੂੰ ਨਸ਼ੇ ਦੇ ਟੀਕੇ ਲਾ ਕੇ ਮਰਵਾ ਰਹੀ ਹੈ। ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਇੱਕ ਘਟਨਾ ਦਾ ਹਵਾਲਾ ਦਿੱਤਾ ਜਿੱਥੇ ਪੰਜਾਬ ਪੁਲਿਸ ਇਨਸਾਫ਼ ਮੰਗ ਰਹੇ ਪਰਿਵਾਰਾਂ ਕੋਲੋਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਚੁੱਕ ਕੇ ਭੱਜ ਗਈ, ਜਿਸਨੂੰ ਉਨ੍ਹਾਂ ਨੇ ਦੁਨੀਆ ਦਾ ਸਭ ਤੋਂ ਸ਼ਰਮਨਾਕ ਬਦਲਾਅ ਕਰਾਰ ਦਿੱਤਾ। ‎ਅੰਤ ਵਿੱਚ ਅਕਾਲੀ ਲੀਡਰਸ਼ਿਪ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਛੱਡ ਕੇ ਸੂਬੇ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ।

LEAVE A REPLY

Please enter your comment!
Please enter your name here