ਪੰਜਾਬ ਪਟਿਆਲਾ ਦੀ ਜੀਐਸਏ ਐਗਰੋ ਇੰਡਸਟਰੀ ਦਾ ਨੇਕਾ ਉਪਰਾਲਾ/ ਜਨਮ ਦਿਨ ਮੌਕੇ ਲਾਇਆ ਖੂਨਦਾਨ/ ਵਿਧਾਇਕ ਮੁੰਡੀਆਂ ਵੱਲੋਂ ਉਪਰਾਲੇ ਦੀ ਸ਼ਲਾਘਾ By admin - October 30, 2026 0 3 Facebook Twitter Pinterest WhatsApp ਪਟਿਆਲਾ ਦੀ GSA ਐਗਰੋ ਇੰਡਸਟਰੀ ਵਿਖੇ ਧਰਮ ਸਿੰਘ ਦੇ ਜਨਮਦਿਨ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਉਪਰਾਲਾ ਉਨ੍ਹਾਂ ਦੇ ਸਪੁੱਤਰ ਜਤਿੰਦਰ ਪਾਲ ਸਿੰਘ ਸੈਣੀ ਵੱਲੋਂ ਕੀਤਾ ਗਿਆ, ਜਿਸ ਵਿੱਚ 250 ਤੋਂ ਵੱਧ ਨੌਜਵਾਨਾਂ ਅਤੇ ਹੋਰ ਖੂਨਦਾਨੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਪਹੁੰਚੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਪ੍ਰੋਗਰਾਮ ਨੌਜਵਾਨਾਂ ਨੂੰ ਚੰਗੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ੇ ਤੌਰ ਤੇ ਪਹੁੰਚੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਸੋਚ ਅਪਣਾਉਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਰਦਾਰ ਜਤਿੰਦਰ ਪਾਲ ਸਿੰਘ ਸੈਣੀ ਵੱਲੋਂ ਆਪਣੇ ਪਿਤਾ ਜੀ ਦੇ ਜਨਮਦਿਨ ਮੌਕੇ ਖੂਨਦਾਨ ਕੈਂਪ ਲਗਾਉਣਾ ਬਹੁਤ ਹੀ ਸ਼ਲਾਘਾਯੋਗ ਅਤੇ ਨੇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਚੰਗੀ ਸੰਗਤ ਦਾ ਮਨੁੱਖ ਦੇ ਜੀਵਨ ’ਤੇ ਬਹੁਤ ਪ੍ਰਭਾਵ ਪੈਂਦਾ ਹੈ। ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਕਾਰੋਬਾਰ ਵਿੱਚ ਤਰੱਕੀ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮ ਕਰਨਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਇੰਡਸਟਰੀ ਦੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਨਸ਼ਿਆਂ ਦੇ ਮੁੱਦੇ ’ਤੇ ਬਾਬਾ ਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਲਹਿਰ ਚਲਾਉਣ ਦੀ ਲੋੜ ਹੈ। ਧਾਰਮਿਕ ਸਮਾਗਮਾਂ ਅਤੇ ਗੁਰਮਤਿ ਪ੍ਰਚਾਰ ਰਾਹੀਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੀ ਹਕੀਕਤ ਤੋਂ ਮੂੰਹ ਨਹੀਂ ਮੋੜਿਆ ਜਾ ਸਕਦਾ। ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ’ਤੇ ਪੈ ਰਹੇ ਮਾੜੇ ਪ੍ਰਭਾਵ ਚਿੰਤਾ ਦਾ ਵਿਸ਼ਾ ਹਨ। ਇਸ ਲਈ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਚੰਗੀ ਸੰਗਤ, ਸਹੀ ਮਾਰਗਦਰਸ਼ਨ ਅਤੇ ਧਾਰਮਿਕ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ। ਧਰਮ ਪਰਿਵਰਤਨ ਦੇ ਮੁੱਦੇ ’ਤੇ ਗੱਲ ਕਰਦਿਆਂ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਧਰਮ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਪਿਆਰ ਕਰਨਾ ਸਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਭਰਾਵਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਪਿਆਰ, ਸਤਿਕਾਰ ਅਤੇ ਆਪਣੇ ਧਰਮ ਪ੍ਰਤੀ ਸਮਝ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੇ ਹਨ। ਕਿਸੇ ਨੂੰ ਸਿਰਫ਼ ਸਹੂਲਤਾਂ ਦੇ ਕੇ ਉਸ ਦੀ ਵਫ਼ਾਦਾਰੀ ਨਹੀਂ ਖਰੀਦੀ ਜਾ ਸਕਦੀ, ਸਗੋਂ ਉਸ ਦੇ ਮਨ ਵਿੱਚ ਪਿਆਰ ਅਤੇ ਵਿਸ਼ਵਾਸ ਪੈਦਾ ਕਰਨਾ ਜ਼ਰੂਰੀ ਹੈ।