ਪੰਜਾਬ ਪਟਿਆਲਾ ’ਚ ਵਰਲਡ ਸਟ੍ਰੋਕ ਡੇਅ ਮੌਕੇ ਸਮਾਗਮ/ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਸ਼ਿਰਕਤ/ ਸਰਕਾਰ ਦੇ ਸਿਹਤ ਖੇਤਰ ’ਚ ਕੀਤੇ ਕੰਮਾਂ ਦਾ ਕੀਤਾ ਗੁਣਗਾਣ By admin - October 30, 2026 0 2 Facebook Twitter Pinterest WhatsApp ਪਟਿਆਲਾ ਦੇ ਮੈਡੀਕਲ ਕਾਲਜ ਵਿਖੇ ਵਰਲਡ ਸਟ੍ਰੋਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟ੍ਰੋਕ ਅਤੇ ਹਾਰਟ ਅਟੈਕ ਵਰਗੀਆਂ ਐਮਰਜੈਂਸੀ ਸਥਿਤੀਆਂ ਵਿੱਚ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸੀਐਮਸੀ ਦੇ ਮਾਹਿਰਾਂ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਦੀ ਮਦਦ ਨਾਲ ਸਿਹਤ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਵਿੱਚ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਵੀ ਅਹਿਮ ਭੂਮਿਕਾ ਰਹੇਗੀ। ਸਟ੍ਰੋਕ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਚਿਹਰੇ ਦਾ ਇੱਕ ਪਾਸਾ ਲਟਕਣਾ, ਬਾਂਹ ਜਾਂ ਲੱਤ ਵਿੱਚ ਕਮਜ਼ੋਰੀ, ਨਜ਼ਰ ਪ੍ਰਭਾਵਿਤ ਹੋਣਾ, ਸੰਤੁਲਨ ਵਿਗੜਨਾ ਅਤੇ ਬੋਲਣ ਵਿੱਚ ਦਿੱਕਤ ਇਸ ਦੇ ਮੁੱਖ ਸੰਕੇਤ ਹੋ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣ ਦਿਖਾਈ ਦੇਣ ‘ਤੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ। ਹਸਪਤਾਲ ਵਿੱਚ ਸੀਟੀ ਸਕੈਨ ਤੋਂ ਬਾਅਦ ਮਾਹਿਰ ਡਾਕਟਰ ਇਲਾਜ ਤੈਅ ਕਰਨਗੇ ਅਤੇ ਲੋੜ ਅਨੁਸਾਰ ਥ੍ਰੋਮਬੋਲਾਈਸਿਸ ਜਾਂ ਹੋਰ ਵਿਸ਼ੇਸ਼ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਹਾਰਟ ਅਟੈਕ ਦੇ ਮਰੀਜ਼ਾਂ ਨੂੰ ਵੀ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਇਸ ਲਈ ਹਸਪਤਾਲਾਂ ਵਿਚਕਾਰ ਤਾਲਮੇਲ ਅਤੇ ਮਰੀਜ਼ਾਂ ਨੂੰ ਸਹੀ ਸਮੇਂ ’ਤੇ ਉਚਿਤ ਮੈਡੀਕਲ ਕੇਂਦਰ ਤੱਕ ਪਹੁੰਚਾਉਣ ਲਈ ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਦਿਲ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤਾਂ ਦੇ ਨਾਲ-ਨਾਲ ਸਟ੍ਰੋਕ ਦੇ ਮਰੀਜ਼ਾਂ ਦੇ ਇਲਾਜ ਲਈ ਵੀ ਸਹੂਲਤਾਂ ਸ਼ੁਰੂ ਕਰਨ ਦੀ ਯੋਜਨਾ ਹੈ। ਇਸ ਨਾਲ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਘਟਾਉਣ ਲਈ ਉਪਰਾਲੇ : ਡਾ. ਬਲਬੀਰ ਸਿੰਘ ਨੇ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿਗਰਟਨੋਸ਼ੀ ਸਿਰਫ਼ ਸਿਗਰਟ ਪੀਣ ਵਾਲੇ ਵਿਅਕਤੀ ਲਈ ਹੀ ਨਹੀਂ, ਸਗੋਂ ਉਸ ਦੇ ਆਲੇ-ਦੁਆਲੇ ਮੌਜੂਦ ਲੋਕਾਂ ਲਈ ਵੀ ਨੁਕਸਾਨਦੇਹ ਹੈ। ਇਸ ਲਈ ਲੋਕਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਗਰਟਨੋਸ਼ੀ ਦੀ ਦਰ ਨੂੰ ਘਟਾਉਣ ਲਈ ਉਪਰਾਲੇ ਕੀਤੇ ਗਏ ਹਨ। ਈ-ਸਿਗਰਟਾਂ ਅਤੇ ਹੁੱਕੇ ਦੀ ਵਰਤੋਂ ’ਤੇ ਰੋਕ ਸਬੰਧੀ ਕਾਰਵਾਈਆਂ ਦੇ ਨਾਲ-ਨਾਲ ਤੰਬਾਕੂ ਛੱਡਣ ਦੇ ਚਾਹਵਾਨ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਛੁਡਾਊ ਕਲੀਨਿਕਾਂ ਵਿੱਚ ਲੋਕਾਂ ਨੂੰ ਸਲਾਹ-ਮਸ਼ਵਰਾ ਅਤੇ ਲੋੜ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਉਹ ਤੰਬਾਕੂ ਦੀ ਆਦਤ ਛੱਡ ਕੇ ਸਿਹਤਮੰਦ ਜੀਵਨ ਵੱਲ ਵਧ ਸਕਣ। ਮਰੀਜ਼ਾਂ ਨੂੰ ਰੈਫਰ ਕਰਨ ਲਈ ਬਣੇਗੀ ਬਿਹਤਰ ਪ੍ਰਣਾਲੀ : ਸਿਹਤ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਵਿੱਚ ਲਿਜਾਣ ਸਮੇਂ ਬੈੱਡ ਜਾਂ ਇਲਾਜ ਦੀ ਸਹੂਲਤ ਨਾ ਮਿਲਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਜ਼ਰੂਰੀ ਹੈ। ਇਸ ਲਈ ਅਜਿਹੀ ਪ੍ਰਣਾਲੀ ਵਿਕਸਿਤ ਕਰਨ ’ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਮਰੀਜ਼ ਦੇ ਹਸਪਤਾਲ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਅਗਲੇ ਹਸਪਤਾਲ ਦੀ ਟੀਮ ਨੂੰ ਸੂਚਿਤ ਕੀਤਾ ਜਾ ਸਕੇ। ਇਸ ਨਾਲ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਮਰੀਜ਼ ਦੀ ਸਥਿਤੀ ਅਨੁਸਾਰ ਪਹਿਲਾਂ ਤੋਂ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਹੋਰ ਹਸਪਤਾਲਾਂ ਨਾਲ ਤਾਲਮੇਲ ਕਰਕੇ ਵੀ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲਣ ਵਿੱਚ ਦੇਰੀ ਨਾ ਹੋਵੇ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਵੀ ਦਿੱਤਾ ਬਿਆਨ : ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਸਮੇਂ ਵੱਖ-ਵੱਖ ਸਿਆਸੀ ਆਗੂ ਪੰਜਾਬ ਆਉਣਗੇ ਅਤੇ ਸਾਰਿਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਪੰਜਾਬ ਪ੍ਰਤੀ ਆਪਣਾ ਵਿਜ਼ਨ ਅਤੇ ਭਵਿੱਖ ਦੀਆਂ ਯੋਜਨਾਵਾਂ ਲੋਕਾਂ ਸਾਹਮਣੇ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ’ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੂੰ ਵੀ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਅਤੇ ਰਹਿ ਗਈਆਂ ਕਮੀਆਂ ਬਾਰੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਰਾਜਿੰਦਰਾ ਹਸਪਤਾਲ ਦੀ ਵਾਇਰਲ ਵੀਡੀਓ ਬਾਰੇ ਕੀ ਕਿਹਾ: ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਨਾਲ ਸਬੰਧਤ ਇੱਕ ਸੁਰੱਖਿਆ ਬਲ ਦੇ ਜਵਾਨ ਵੱਲੋਂ ਵਾਇਰਲ ਕੀਤੀ ਗਈ ਵੀਡੀਓ ਬਾਰੇ ਪੁੱਛੇ ਜਾਣ ’ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਦਾ ਇਲਾਜ ਕਰਨਾ ਡਾਕਟਰਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਮਰੀਜ਼ ਵੱਖ-ਵੱਖ ਕਾਰਨਾਂ ਕਰਕੇ ਮਾਨਸਿਕ ਤਣਾਅ ਜਾਂ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਹੁੰਦੇ ਹਨ। ਅਜਿਹੇ ਮਰੀਜ਼ਾਂ ਨੂੰ ਵੀ ਉਚਿਤ ਇਲਾਜ ਅਤੇ ਦੇਖਭਾਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮਰੀਜ਼ ਦੀ ਸਥਿਤੀ ਨੂੰ ਸਮਝਦਿਆਂ ਉਸ ਦਾ ਇਲਾਜ ਕਰਨਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ।