ਪੰਜਾਬ ਅੰਮ੍ਰਿਤਸਰ ’ਚ ਕਾਂਗਰਸ ਆਗੂ ਅਰੁਣਾ ਚੌਧਰੀ ਦੀ ਪ੍ਰੈੱਸ ਕਾਨਫਰੰਸ/ ਨਸ਼ਿਆਂ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ/ ਨਸ਼ਿਆਂ ਦੀ ਹੋਮ ਡਿਲੀਵਰੀ ਦੇ ਲਾਏ ਇਲਜ਼ਾਮ By admin - October 30, 2026 0 3 Facebook Twitter Pinterest WhatsApp ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਕਾਨੂੰਨ ਵਿਵਸਥਾ, ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਸੂਬੇ ਦੇ ਵਧਦੇ ਕਰਜ਼ੇ ਨੂੰ ਲੈ ਕੇ ਸਵਾਲ ਚੁੱਕੇ ਹਨ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਬੰਧਾਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਇਸ ਹੱਦ ਤੱਕ ਵਧ ਗਿਆ ਹੈ ਕਿ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਦੀ ਵੀ ਹੋਮ ਡਿਲੀਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਅਤੇ ਨਸ਼ਾ ਤਸਕਰਾਂ ਦੀ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਗਾਏ। ਅਰੁਣਾ ਚੌਧਰੀ ਨੇ ਪੰਜਾਬ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਫਿਰੌਤੀਆਂ, ਡਕੈਤੀਆਂ, ਗ੍ਰਨੇਡ ਹਮਲਿਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਸਾਬਕਾ ਮੰਤਰੀ ਨੇ ਅੱਗੇ ਦੋਸ਼ ਲਾਇਆ ਕਿ ਪੁਲਿਸ ਅਤੇ ਨਸ਼ਾ ਤਸਕਰਾਂ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਇਹ ਸਭ ਸੰਭਵ ਨਹੀਂ ਹੈ। ਪੁਲਿਸ ਪ੍ਰਸ਼ਾਸਨ ਨੂੰ ਪੂਰੀ ਜਾਣਕਾਰੀ ਹੁੰਦੀ ਹੈ ਕਿ ਨਸ਼ਾ ਕੌਣ ਵੇਚ ਰਿਹਾ ਹੈ ਅਤੇ ਕੌਣ ਖਰੀਦ ਰਿਹਾ ਹੈ, ਪਰ ਠੋਸ ਕਾਰਵਾਈ ਕਰਨ ਦੀ ਬਜਾਏ ਅੱਖਾਂ ਬੰਦ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੀ ਇੱਕ ਪੀੜ੍ਹੀ ਅੱਤਵਾਦ ਦੇ ਦੌਰ ਵਿੱਚ ਬਰਬਾਦ ਹੋਈ ਅਤੇ ਹੁਣ ਮੌਜੂਦਾ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਖ਼ਤਮ ਹੋ ਰਹੀ ਹੈ, ਜਿਸ ਕਾਰਨ ਸੂਬੇ ਦਾ ਭਵਿੱਖ ਗੰਭੀਰ ਸੰਕਟ ਵਿੱਚ ਹੈ। ਪੰਜਾਬ ਦੀ ਸੁਰੱਖਿਆ ਸਥਿਤੀ ’ਤੇ ਸਵਾਲ ਉਠਾਉਂਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਉਣਾ ਹੁੰਦੀ ਹੈ, ਪਰ ਪੰਜਾਬ ਵਿੱਚ ਇਹ ਪੂਰੀ ਤਰ੍ਹਾਂ ਗਾਇਬ ਹੋ ਚੁੱਕਾ ਹੈ। ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਗਰੀਬ ਦੁਕਾਨਦਾਰ ਸ਼ਾਮ ਹੁੰਦਿਆਂ ਹੀ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਹਨ। ਉਨ੍ਹਾਂ ਗੁਰਦਾਸਪੁਰ ਵਿੱਚ ਦਿਨ-ਦਿਹਾੜੇ ਹੋਈ ਕਰੋੜਾਂ ਰੁਪਏ ਦੀ ਡਕੈਤੀ, ਸ਼ਰੇਆਮ ਹੈਂਡ ਗ੍ਰਨੇਡ ਸੁੱਟੇ ਜਾਣ ਅਤੇ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕਿਸੇ ਦੀ ਵੀ ਜਾਨ ਸੁਰੱਖਿਅਤ ਨਹੀਂ ਹੈ। ਉਨ੍ਹਾਂ ਸੰਗਰੂਰ ਦੇ ਚਰਚਿਤ ‘ਝੋਟੇ ਵਾਲਾ’ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੰਭੀਰ ਅਪਰਾਧਿਕ ਮਾਮਲਿਆਂ (FIRs) ਦਾ ਸਾਹਮਣਾ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਕੋਲ ਅਸਲਾ ਲਾਇਸੈਂਸ ਮੌਜੂਦ ਹਨ, ਜਦਕਿ ਯੋਗ ਅਤੇ ਲੋੜਵੰਦ ਲੋਕ ਸੁਰੱਖਿਆ ਤੋਂ ਵਾਂਝੇ ਹਨ। ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਸਰਹੱਦੀ ਇਲਾਕਿਆਂ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀਆਂ ਪਾਬੰਦੀਆਂ ਅਤੇ ਚਿਤਾਵਨੀਆਂ ਦੇ ਬਾਵਜੂਦ ਦਿਨ-ਰਾਤ ਗੈਰ-ਕਾਨੂੰਨੀ ਮਾਈਨਿੰਗ ਜਾਰੀ ਹੈ। ਉਨ੍ਹਾਂ ਯਾਦ ਕਰਵਾਇਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਕੇ ਲੋਕ ਭਲਾਈ ਦੇ ਕੰਮਾਂ ’ਤੇ ਖਰਚਣ ਦਾ ਦਾਅਵਾ ਕੀਤਾ ਸੀ, ਪਰ ਅੱਜ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਉਹ ਪੈਸਾ ਕਿੱਥੇ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਿਰ ਹਜ਼ਾਰਾਂ ਕਰੋੜ ਰੁਪਏ ਦਾ ਵਾਧੂ ਕਰਜ਼ਾ ਚੜ੍ਹਾ ਦਿੱਤਾ ਗਿਆ ਹੈ ਅਤੇ ਇਸ ਪੈਸੇ ਨੂੰ ਸੂਬੇ ਦੇ ਵਿਕਾਸ ਜਾਂ ਲੋਕ ਹਿੱਤਾਂ ’ਤੇ ਖਰਚਣ ਦੀ ਬਜਾਏ ਦੂਜੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਫੈਸਲੇ ਸਥਾਨਕ ਆਗੂਆਂ ਦੀ ਬਜਾਏ ਦਿੱਲੀ ਤੋਂ ਆਏ ਲੋਕਾਂ ਵੱਲੋਂ ਲਏ ਜਾ ਰਹੇ ਹਨ। ਸਰਕਾਰ ਵੱਲੋਂ ਨੌਜਵਾਨਾਂ ਨੂੰ 60 ਹਜ਼ਾਰ ਨੌਕਰੀਆਂ ਦੇਣ ਦੇ ਪ੍ਰਚਾਰ ’ਤੇ ਨਿਸ਼ਾਨਾ ਸਾਧਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਵਿਧਾਨ ਸਭਾ ਵਿੱਚ ਇਸ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਨੌਕਰੀਆਂ ਪ੍ਰਾਪਤ ਕਰਨ ਵਾਲੇ ਸਾਰੇ ਨੌਜਵਾਨਾਂ ਦੀ ਸੂਚੀ, ਉਨ੍ਹਾਂ ਦੇ ਅਹੁਦੇ, ਵਿਭਾਗ ਅਤੇ ਸੰਪਰਕ ਨੰਬਰ ਜਨਤਕ ਕਰੇ ਤਾਂ ਜੋ ਲੋਕਾਂ ਸਾਹਮਣੇ ਅਸਲੀਅਤ ਆ ਸਕੇ। ਉਨ੍ਹਾਂ ਸਰਕਾਰ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਝੂਠ ਦਾ ਪੁਲੰਦਾ ਕਰਾਰ ਦਿੱਤਾ। ਪ੍ਰੈੱਸ ਕਾਨਫਰੰਸ ਦੇ ਅੰਤ ਵਿੱਚ ਅਰੁਣਾ ਚੌਧਰੀ ਨੇ ਕਾਂਗਰਸ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਸੰਗਰੂਰ ਵਿੱਚ ਕਾਂਗਰਸ ਵੱਲੋਂ ਵਿਸ਼ਾਲ ਮਹਾਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮਾਲਵਾ ਖੇਤਰ, ਜਿੱਥੋਂ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਸੀ, ਉੱਥੋਂ ਹੀ ਹੁਣ ਲੋਕਾਂ ਦੇ ਵਧ ਰਹੇ ਰੋਸ ਨੂੰ ਆਵਾਜ਼ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਹਾਰੈਲੀ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਪ੍ਰਚਾਰ ਦੀ ਮਜ਼ਬੂਤ ਸ਼ੁਰੂਆਤ ਕੀਤੀ ਜਾਵੇਗੀ।