ਮੋਗਾ ’ਚ ਪਰਾਲੀ ਸਾੜਨ ਦਾ ਮਾਮਲਾ ਭਖਿਆ/ ਅੱਗ ਨਾ ਲੱਗਣ ਦੇ ਦਾਅਵਿਆਂ ’ਤੇ ਉੱਠੇ ਸਵਾਲ/ ਪ੍ਰਸ਼ਾਸਨ ਨੇ ਕਾਰਵਾਈ ਦੀ ਦਿੱਤੀ ਚਿਤਾਵਨੀ

0
2

ਮੋਗਾ ਵਿੱਚ ਪਰਾਲੀ ਸਾੜਨ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਮੋਗਾ ਸ਼ਹਿਰ ਦੇ ਆਸ-ਪਾਸ ਅਤੇ ਹਲਕਾ ਧਰਮਕੋਟ ਵਿੱਚ ਸ਼ਾਮ ਢਲਦਿਆਂ ਹੀ ਖੇਤਾਂ ਵਿੱਚ ਅੱਗ ਲੱਗਣ ਦੇ ਦ੍ਰਿਸ਼ ਸਾਹਮਣੇ ਆ ਰਹੇ ਹਨ। ਉੱਧਰ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਜ਼ਿਲ੍ਹੇ ਵਿੱਚ ਸਿਰਫ਼ ਇੱਕ ਮਾਮਲਾ ਸਾਹਮਣੇ ਆਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਪਰਾਲੀ ਸਾੜਦਾ ਪਾਇਆ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਦਾ ਨਿਪਟਾਰਾ ਕਰਨਾ ਕਿਸਾਨਾਂ ਲਈ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ ਪਰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਕਾਰਵਾਈ ਮੁੜ ਚਰਚਾ ਵਿੱਚ ਹੈ।
ਇਸ ਸਬੰਧੀ ਜਦੋਂ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਜਸਪਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਫਿਲਹਾਲ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦਾ ਇੱਕ ਮਾਮਲਾ ਹੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਜਿਹੜੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਅਨੁਸਾਰ, ਇਨ੍ਹਾਂ ਵਿੱਚੋਂ ਕੁਝ ਘਟਨਾਵਾਂ ਪਰਾਲੀ ਸਾੜਨ ਦੀਆਂ ਨਹੀਂ, ਸਗੋਂ ਕੂੜੇ-ਕਰਕਟ ਨੂੰ ਅੱਗ ਲੱਗਣ ਦੀਆਂ ਸਨ।
ਏਡੀਸੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here