ਪਰਾਲੀ ਸਾੜਨ ਦੇ ਮੁੱਦੇ ’ਤੇ ਬਲਤੇਜ ਪੰਨੂ ਦਾ ਦਿੱਲੀ ਸਰਕਾਰ ’ਤੇ ਨਿਸ਼ਾਨਾ/ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ

0
3

ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਨੂੰ ਨਿਸ਼ਾਨਾ ਬਣਾਉਣ ਵਾਲਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਲੀ ਵਿੱਚ ਧੂੰਏਂ ਦਾ ਹਵਾਲਾ ਦੇ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਜ਼ਿਆਦਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਇੱਕ ਰਿਪੋਰਟ ਵਿੱਚ ਵੀ ਪਰਾਲੀ ਸਾੜਨ ਨੂੰ ਪ੍ਰਦੂਸ਼ਣ ਦਾ ਇਕਲੌਤਾ ਕਾਰਨ ਨਹੀਂ ਮੰਨਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਵਾਰ ਵੀ 21 ਹਜ਼ਾਰ ਤੋਂ ਵੱਧ ਮਸ਼ੀਨਾਂ ਖਰੀਦੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਹੁਣ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਕਰ ਰਹੇ ਹਨ। ਲੋਕ ਸਭਾ ਵਿੱਚ ਵੀ ਪਰਾਲੀ ਪ੍ਰਬੰਧਨ ਕਾਰਨ ਇਸ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 80 ਫ਼ੀਸਦੀ ਕਮੀ ਆਉਣ ਦੀ ਗੱਲ ਕਹੀ ਗਈ ਸੀ। ਪੰਨੂ ਮੁਤਾਬਕ ਪੰਜਾਬ ਪਰਾਲੀ ਪ੍ਰਬੰਧਨ ਦੇ ਮਾਮਲੇ ਵਿੱਚ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਇਸ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਆਈ ਹੈ।
ਬਲਤੇਜ ਪੰਨੂ ਨੇ ਦਿੱਲੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਵੱਲੋਂ ਧੂੰਏਂ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਸਮਝ ਚੁੱਕੇ ਹਨ ਕਿ ਪਰਾਲੀ ਸਾੜਨ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ। ਇਸ ਲਈ ਉਹ ਖੁਦ ਹੀ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ, ਕਿਉਂਕਿ ਇਸ ਦੀ ਹੋਰ ਕੰਮਾਂ ਲਈ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਰਾਹੁਲ ਗਾਂਧੀ ਦੀ ਪੰਜਾਬ ਵਿੱਚ ਹੋਣ ਵਾਲੀ ਰੈਲੀ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਪੰਜਾਬ ਪੁਲਿਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਹੈ ਅਤੇ ਰੈਲੀ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਅਕਾਲੀ ਦਲ ਨਾਲ ਗਠਜੋੜ ’ਤੇ ਸੁਖਬੀਰ ਬਾਦਲ ਨੂੰ ਨਿਸ਼ਾਨਾ ’ਤੇ ਲੈਂਦਿਆਂ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।

LEAVE A REPLY

Please enter your comment!
Please enter your name here