ਪੰਜਾਬ ਅੰਮ੍ਰਿਤਸਰ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ/ ਗੋਲੀ ਲੱਗਣ ਮਗਰੋਂ ਨਾਮੀ ਅਪਰਾਧੀ ਆਕਾਸ਼ਦੀਪ ਕਾਬੂ/ ਜੇਲ੍ਹ ‘ਚ ਬੰਦ ਅਪਰਾਧੀ ਨੂੰ ਛੁਡਾਉਣ ਦੀ ਸਾਜ਼ਿਸ਼ ਨਾਕਾਮ By admin - November 5, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਲੋੜੀਂਦੇ ਬਦਮਾਸ਼ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਹੈ। ਪੁਲਿਸ ਮੁਕਾਬਲੇ ਦੌਰਾਨ ਨਾਮੀ ਅਪਰਾਧੀ ਆਕਾਸ਼ਦੀਪ ਉਰਫ਼ ਆਕਾਸ਼ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਕਾਬੂ ਕਰ ਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਆਕਾਸ਼ਦੀਪ ਜੇਲ੍ਹ ਵਿੱਚ ਬੰਦ ਅਪਰਾਧੀ ਅੰਗਰੇਜ਼ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਪਿਸਤੌਲ, ਦੋ ਖਾਲੀ ਖੋਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਸਕੂਟਰ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਬਾਕੀ ਚਾਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਕਈ ਗੰਭੀਰ ਵਾਰਦਾਤਾਂ ਵਿੱਚ ਸ਼ਾਮਲ ਰਿਹਾ ਹੈ ਅਤੇ ਪੁਲਿਸ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਖ਼ਮੀ ਹੋਇਆ ਮੁਲਜ਼ਮ ਆਕਾਸ਼ਦੀਪ ਉਰਫ਼ ਆਕਾਸ਼, ਕਾਦੀਆਂ (ਪੁਲਿਸ ਜ਼ਿਲ੍ਹਾ ਬਟਾਲਾ) ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੁੱਲ 7 ਅਪਰਾਧਿਕ ਮਾਮਲੇ ਦਰਜ ਹਨ ਅਤੇ ਅਦਾਲਤਾਂ ਵੱਲੋਂ ਉਸ ਨੂੰ ਭਗੌੜਾ (ਪੀ.ਓ.) ਵੀ ਐਲਾਨਿਆ ਜਾ ਚੁੱਕਾ ਸੀ। ਕਮਿਸ਼ਨਰ ਅਨੁਸਾਰ, ਹਾਲ ਹੀ ਵਿੱਚ ਮੁਲਜ਼ਮ ਨੇ ਬਟਾਲਾ ਵਿਖੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿੱਥੇ ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਕਰੀਬ ਢਾਈ ਲੱਖ ਰੁਪਏ ਦੀ ਨਕਦੀ ਲੁੱਟੀ ਗਈ ਸੀ। ਇਸ ਲੁੱਟ ਦੀ ਵਾਰਦਾਤ ਵਿੱਚ ਉਸ ਦੇ ਹੋਰ ਸਾਥੀ ਵੀ ਸ਼ਾਮਲ ਸਨ, ਜਿਨ੍ਹਾਂ ਦੀ ਪਛਾਣ ਪੁਲਿਸ ਵੱਲੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਕਮਿਸ਼ਨਰ ਗਿੱਲ ਨੇ ਇੱਕ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਆਕਾਸ਼ਦੀਪ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਖ਼ਤਰਨਾਕ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਬੰਦ ਨਾਮੀ ਅਪਰਾਧੀ ਅੰਗਰੇਜ਼, ਜਿਸ ਖ਼ਿਲਾਫ਼ ਭੋਲਾ ਕਤਲ ਕੇਸ ਅਤੇ ਕੋਟ ਖਾਲਸਾ ਕਤਲ ਕੇਸ ਸਮੇਤ 15 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਸਾਜ਼ਿਸ਼ ਤਹਿਤ ਅਦਾਲਤ ਵਿੱਚ ਪੇਸ਼ੀ ਦੌਰਾਨ ਗੋਲੀਬਾਰੀ ਕਰਕੇ ਜਾਂ ਫਿਰ ਜਨਮਦਿਨ ਅਤੇ ਢਾਬੇ ‘ਤੇ ਰੁਕਣ ਦਾ ਕੋਈ ਬਹਾਨਾ ਬਣਾ ਕੇ ਪੁਲਿਸ ਪਾਰਟੀ ‘ਤੇ ਹਮਲਾ ਕਰਨ ਅਤੇ ਅੰਗਰੇਜ਼ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਤਿਆਰੀ ਸੀ। ਹਾਲਾਂਕਿ, ਪੁਲਿਸ ਦੀ ਚੌਕਸੀ ਅਤੇ ਮਨੁੱਖੀ ਤੇ ਤਕਨੀਕੀ ਸੂਚਨਾਵਾਂ ਦੇ ਆਧਾਰ ‘ਤੇ ਉਨ੍ਹਾਂ ਦੀ ਇਹ ਯੋਜਨਾ ਨਾਕਾਮ ਕਰ ਦਿੱਤੀ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਖੁਫ਼ੀਆ ਸੂਚਨਾਵਾਂ ਅਤੇ ਸੀਸੀਟੀਵੀ ਕੈਮਰਿਆਂ ਦੀ ਮੈਪਿੰਗ ਰਾਹੀਂ ਪੁਲਿਸ ਵੱਲੋਂ ਸ਼ੱਕੀ ਰਸਤਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਜਦੋਂ ਪੁਲਿਸ ਟੀਮ ਨੇ ਮੁਲਜ਼ਮ ਨੂੰ ਘੇਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪਹਿਲਾਂ ਉਸ ਨੂੰ ਆਤਮ-ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਗਈ, ਪਰ ਬਦਮਾਸ਼ ਨੇ ਲਗਾਤਾਰ ਦੋ ਰਾਊਂਡ ਫਾਇਰ ਕੀਤੇ। ਇਸ ਦੇ ਜਵਾਬ ਵਿੱਚ ਪੁਲਿਸ ਟੀਮ ਨੇ ਆਪਣੀ ਰੱਖਿਆ ਲਈ ਦੋ ਰਾਊਂਡ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਗੋਲੀ ਆਕਾਸ਼ਦੀਪ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਉੱਥੇ ਹੀ ਡਿੱਗ ਪਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਘਟਨਾ ਸਥਾਨ ਤੋਂ ਪੁਲਿਸ ਨੇ .30 ਬੋਰ ਦਾ ਇੱਕ ਪਿਸਤੌਲ, ਦੋ ਚੱਲੇ ਹੋਏ ਖਾਲੀ ਖੋਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਬਰਾਮਦ ਕੀਤਾ ਗਿਆ ਸਕੂਟਰ ਅੰਮ੍ਰਿਤਸਰ ਨੰਬਰ ਦਾ ਹੈ। ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਾਹਨ ਚੋਰੀ ਦਾ ਹੈ ਜਾਂ ਮੁਲਜ਼ਮਾਂ ਨੇ ਇਸ ਨੂੰ ਕਿਸੇ ਹੋਰ ਤਰੀਕੇ ਨਾਲ ਹਾਸਲ ਕੀਤਾ ਸੀ। ਪੁਲਿਸ ਕਮਿਸ਼ਨਰ ਨੇ ਅੰਤ ਵਿੱਚ ਸਪੱਸ਼ਟ ਕੀਤਾ ਕਿ ਇਸ ਗਿਰੋਹ ਵਿੱਚ ਸ਼ਾਮਲ ਬਾਕੀ ਚਾਰ ਸਾਥੀਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।