ਅੰਮ੍ਰਿਤਸਰ ਪੁਲਿਸ ਦੀ ਤਿਉਹਾਰਾਂ ਨੂੰ ਲੈ ਕੇ ਮੁਸਤੈਦੀ/ ਤਿੰਨਾਂ ਜੋਨਾਂ ਅੰਦਰ ਕੱਢਿਆ ਵਿਸ਼ਾਲ ਫਲੈਗ ਮਾਰਚ

0
2

ਤਿਉਹਾਰਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਤਿੰਨਾਂ ਜੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਡੀਸੀਪੀ ਸਿਟੀ ਜਸਕਿਰਨਜੀਤ ਸਿੰਘ ਤੇਜਾ ਤੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਨੇ ਹੈਰੀਟੇਜ ਸਟ੍ਰੀਟ, ਹਾਲ ਗੇਟ, ਰਣਜੀਤ ਐਵਨਿਊ ਸਮੇਤ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ। ਪੁਲਿਸ ਨੇ ਲੋਕਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ। ਡੀਸੀਪੀ ਆਪਰੇਸ਼ਨਜ਼ ਜੁਗਰਾਜ ਸਿੰਘ ਨੇ ਰਣਜੀਤ ਐਵਨਿਊ ਵਿੱਚ ਕੱਢੇ ਗਏ ਫਲੈਗ ਮਾਰਚ ਸਬੰਧੀ ਜਾਣਕਾਰੀ ਦਿੱਤੀ।
ਪੁਲਿਸ ਮੁਤਾਬਕ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਦੇ ਤਿੰਨਾਂ ਜੋਨਾਂ ਵਿੱਚ ਸਪੈਸ਼ਲ ਨਾਕਾਬੰਦੀ ਅਤੇ ਚੈਕਿੰਗ ਵਧਾਈ ਗਈ ਹੈ। ਇਸ ਤੋਂ ਇਲਾਵਾ ਪੈਟਰੋਲਿੰਗ ਪਾਰਟੀਆਂ ਅਤੇ ਪੀ.ਸੀ.ਆਰ. ਟੀਮਾਂ ਨੂੰ ਹੋਰ ਸਰਗਰਮ ਕੀਤਾ ਗਿਆ ਹੈ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਫੁੱਟ ਪੈਟਰੋਲਿੰਗ ਵੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਇਸੇ ਲੜੀ ਤਹਿਤ ਹੋਟਲਾਂ, ਗੈਸਟ ਹਾਊਸਾਂ, ਸਰਾਵਾਂ ਅਤੇ ਪੀ.ਜੀ. ਆਦਿ ਦੀ ਵਿਸ਼ੇਸ਼ ਚੈਕਿੰਗ ਵੀ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਇਨ੍ਹਾਂ ਥਾਵਾਂ ਦੇ ਚੈੱਕ-ਇਨ ਅਤੇ ਚੈੱਕ-ਆਊਟ ਰਜਿਸਟਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਦੀ ਤਸਦੀਕ ਕੀਤੀ ਜਾ ਸਕੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਕਮਿਸ਼ਨਰੇਟ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਤਿਉਹਾਰਾਂ ਦੌਰਾਨ ਆਪਣੇ ਵਾਹਨ ਸਿਰਫ਼ ਨਿਰਧਾਰਤ ਪਾਰਕਿੰਗ ਸਥਾਨਾਂ ’ਤੇ ਹੀ ਖੜ੍ਹੇ ਕਰਨ ਅਤੇ ਸੜਕਾਂ ਜਾਂ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲੀਆਂ ਥਾਵਾਂ ’ਤੇ ਵਾਹਨ ਪਾਰਕ ਨਾ ਕਰਨ, ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕਿਸੇ ਨੂੰ ਵੀ ਆਵਾਜਾਈ ਸਬੰਧੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਤਿਉਹਾਰਾਂ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਪੂਰੇ ਅਨੁਸ਼ਾਸਨ ਨਾਲ ਮਨਾਉਣ। ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ, ਸ਼ੱਕੀ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਹ ਬਿਨਾਂ ਦੇਰੀ ਕੀਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਆਮ ਜਨਤਾ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

LEAVE A REPLY

Please enter your comment!
Please enter your name here