ਆਪ ਆਗੂ ਬਲਤੇਜ ਪੰਨੂ ਦੇ ਭਾਜਪਾ ’ਤੇ ਵੱਡਾ ਸ਼ਬਦੀ ਹਮਲਾ/ਪਰਾਲੀ ਸਾੜਣ ਬਾਰੇ ਗਲਤ-ਬਿਆਨੀ ਦੇ ਇਲਜ਼ਾਮ/ ਕਿਹਾ, ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਮੌਕਾ ਲੱਭਦੀ ਹੈ ਭਾਜਪਾ

0
2

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਪੰਨੂ ਨੇ ਪੰਜਾਬ ਵਿੱਚ ਪਰਾਲੀ ਸਾੜਨ ਅਤੇ ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਪੰਨੂ ਨੇ ਕਿਹਾ ਕਿ ਭਾਜਪਾ ਵੱਲੋਂ ਹਰ ਵਾਰ ਦਿੱਲੀ ਦੇ ਪ੍ਰਦੂਸ਼ਣ ਦਾ ਠੀਕਰਾ ਪੰਜਾਬ ਦੇ ਕਿਸਾਨਾਂ ਸਿਰ ਭੰਨਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਦਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ। ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਜਪਾ ਆਗੂਆਂ ਵੱਲੋਂ ਪੰਜਾਬ ਦੇ ਧੂੰਏਂ ਅਤੇ ਪ੍ਰਦੂਸ਼ਣ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਅਸਲ ਕਾਰਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਭਾਜਪਾ ਆਗੂ ਕਪਿਲ ਮਿਸ਼ਰਾ ਦੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਣ ਬਾਰੇ ਕੀਤੀ ਟਿੱਪਣੀ ਦੇ ਹਵਾਲੇ ਨਾਲ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਭਗ 90 ਫ਼ੀਸਦੀ ਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਭਾਜਪਾ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ‘ਆਪ’ ਆਗੂ ਨੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਇਕੱਲਿਆਂ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਰਾਜਨੀਤੀ ਬੰਦ ਕਰੇ ਅਤੇ ਪ੍ਰਦੂਸ਼ਣ ਦੇ ਹੋਰ ਸਰੋਤਾਂ ’ਤੇ ਵੀ ਗੰਭੀਰਤਾ ਨਾਲ ਕੰਮ ਕਰੇ।
ਇਸ ਦੇ ਨਾਲ ਹੀ ਬਲਤੇਜ ਸਿੰਘ ਪੰਨੂ ਨੇ ਕਿਸਾਨ ਅੰਦੋਲਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਭਾਜਪਾ ਨੂੰ ਸਵਾਲ ਕੀਤਾ ਕਿ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਜਾਨ ਗੁਆਉਣ ਵਾਲੇ ਕਰੀਬ 750 ਕਿਸਾਨਾਂ ਲਈ ਕੇਂਦਰ ਸਰਕਾਰ ਅਤੇ ਭਾਜਪਾ ਨੇ ਕੀ ਕੀਤਾ। ਪੰਨੂ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ’ਤੇ ਰਾਜਨੀਤੀ ਕਰਨ ਦੀ ਬਜਾਏ ਉਨ੍ਹਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਉਸ ਨੂੰ ਹਰ ਵਾਰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਪੰਨੂ ਨੇ ਭਾਜਪਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਆਮਦਨ, ਫ਼ਸਲਾਂ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here