
ਜਲੰਧਰ ਦੇ ਪ੍ਰਸਿੱਧ ਡੇਰਾ ਸੱਚਖੰਡ ਬੱਲਾਂ ਦੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਐਡਵੋਕੇਟ ਐਲ.ਐਮ. ਗੁਲਾਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਡੇਰੇ ਦੇ ਪ੍ਰਬੰਧਕੀ ਢਾਂਚੇ ‘ਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਅਤੇ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਮੰਗ ਕੀਤੀ ਹੈ। ਗੁਲਾਟੀ ਨੇ ਦੋਸ਼ ਲਗਾਇਆ ਕਿ ਕੁਝ ਵਿਅਕਤੀਆਂ ਵੱਲੋਂ ਡੇਰੇ ਦੇ ਅਹਿਮ ਅਹੁਦਿਆਂ ‘ਤੇ ਆਪਣੇ ਸਕੇ-ਸਬੰਧੀਆਂ ਨੂੰ ਬਿਠਾਇਆ ਜਾ ਰਿਹਾ ਹੈ ਅਤੇ ਫੰਡਾਂ ਦੀ ਵਰਤੋਂ ਵਿੱਚ ਵੀ ਕਥਿਤ ਬੇਨਿਯਮੀਆਂ ਹੋ ਰਹੀਆਂ ਹਨ। ਉਨ੍ਹਾਂ ਨੇ ਕੁਝ ਸੇਵਕਾਂ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ ਹਨ। ਹਾਲਾਂਕਿ ਇਹ ਸਾਰੇ ਇਲਜ਼ਾਮ ਐਡਵੋਕੇਟ ਗੁਲਾਟੀ ਵੱਲੋਂ ਲਗਾਏ ਗਏ ਹਨ, ਜਿਨ੍ਹਾਂ ਦੀ ਸੁਤੰਤਰ ਪੁਸ਼ਟੀ ਹੋਣੀ ਬਾਕੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਆਪਣੇ ਇਲਜ਼ਾਮਾਂ ਦੇ ਸਮਰਥਨ ਵਿੱਚ ਉਨ੍ਹਾਂ ਕੋਲ ਦਸਤਾਵੇਜ਼ੀ ਸਬੂਤ ਵੀ ਮੌਜੂਦ ਹਨ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਲਾਟੀ ਨੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਲਗਭਗ 100 ਸਾਲ ਤੋਂ ਵੱਧ ਪੁਰਾਣੀ ਸੰਸਥਾ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨਾਲ ਜੁੜੀ ਹੋਈ ਹੈ। ਉਨ੍ਹਾਂ ਅਨੁਸਾਰ ਡੇਰੇ ਦੇ ਸੰਚਾਲਕ ਸੰਤ ਨਿਰੰਜਨ ਦਾਸ ਜੀ ਦੀ ਉਮਰ ਤਕਰੀਬਨ 85-86 ਸਾਲ ਹੋ ਚੁੱਕੀ ਹੈ। ਇਸ ਉਮਰ ਨੂੰ ਦੇਖਦਿਆਂ ਉਨ੍ਹਾਂ ਦੀ ਸੁਰੱਖਿਆ ਅਤੇ ਸੰਗਤ ਨਾਲ ਮਿਲਣ-ਜੁਲਣ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਉਠਾਏ ਗਏ ਹਨ। ਐਡਵੋਕੇਟ ਗੁਲਾਟੀ ਨੇ ਦੋਸ਼ ਲਗਾਇਆ ਕਿ ਡੇਰੇ ਦੇ ਪ੍ਰਬੰਧਾਂ ਵਿੱਚ ਕੁਝ ਵਿਅਕਤੀਆਂ ਦਾ ਪ੍ਰਭਾਵ ਵਧ ਗਿਆ ਹੈ ਅਤੇ ਆਮ ਸੰਗਤ ਨੂੰ ਸੰਤ ਨਿਰੰਜਨ ਦਾਸ ਜੀ ਨਾਲ ਮਿਲਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਡੇਰੇ ਦੇ ਮੀਡੀਆ ਪ੍ਰਬੰਧਨ, ਫੰਡਾਂ ਅਤੇ ਅਹਿਮ ਅਹੁਦਿਆਂ ਦੀ ਵੰਡ ਵਿੱਚ ਆਪਣੇ ਸਕੇ-ਸਬੰਧੀਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਫੰਡਾਂ ਦੀ ਵਰਤੋਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਵੀ ਲਗਾਏ।

ਉਨ੍ਹਾਂ ਨੇ ਅੱਗੇ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਸੰਤ ਨਿਰੰਜਨ ਦਾਸ ਜੀ ਦੀ ਸੁਰੱਖਿਆ ਲਈ ਨਿੱਜੀ ਗਨਮੈਨ ਵੀ ਰੱਖਿਆ ਗਿਆ ਸੀ, ਜਿਸ ਨੂੰ 2500 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਸੰਤ ਜੀ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਕਿਸੇ ਵਿਅਕਤੀ ਨਾਲ ਨਿੱਜੀ ਵਿਵਾਦ ਨਹੀਂ, ਸਗੋਂ ਸੰਤ ਨਿਰੰਜਨ ਦਾਸ ਜੀ ਦੀ ਸੁਰੱਖਿਆ ਅਤੇ ਡੇਰੇ ਦੀ ਮਰਿਆਦਾ ਨੂੰ ਕਾਇਮ ਰੱਖਣਾ ਹੈ। ਐਡਵੋਕੇਟ ਗੁਲਾਟੀ ਨੇ ਡੇਰੇ ਦੇ ਪ੍ਰਬੰਧਨ ਨਾਲ ਜੁੜੇ ਕੁਝ ਵਿਅਕਤੀਆਂ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਡੇਰੇ ਦੇ ਮਹੱਤਵਪੂਰਨ ਅਹੁਦਿਆਂ ’ਤੇ ਆਪਣੇ ਬੰਦਿਆਂ ਅਤੇ ਰਿਸ਼ਤੇਦਾਰਾਂ ਨੂੰ ਬਿਠਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੀਡੀਆ ਦੇ ਕੰਮਕਾਜ ਅਤੇ ਡੇਰੇ ਦੇ ਫੰਡਾਂ ਦੀ ਵਰਤੋਂ ਨੂੰ ਲੈ ਕੇ ਵੀ ਸਵਾਲ ਉਠਾਏ। ਉਨ੍ਹਾਂ ਦਾ ਦੋਸ਼ ਹੈ ਕਿ ਫੰਡਾਂ ਨੂੰ ਲੈ ਕੇ ਵੱਖਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਕੀ ਪੱਧਰ ’ਤੇ ਕਥਿਤ ਭ੍ਰਿਸ਼ਟਾਚਾਰ ਹੋ ਰਿਹਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਜਸਦੇਵ ਅਤੇ ਹਰਦੇਵ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਖ਼ਿਲਾਫ਼ ਪਹਿਲਾਂ ਧਾਰਾ 376 ਤਹਿਤ ਜਬਰ-ਜਨਾਹ ਦੇ ਦੋਸ਼ਾਂ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅੰਬਾਲਾ ਵਿੱਚ ਹੋਏ ਵਿਵਾਦ ਅਤੇ ਦੰਗਿਆਂ ਸਬੰਧੀ ਵੀ ਕੁਝ ਵਿਅਕਤੀਆਂ ’ਤੇ ਇਲਜ਼ਾਮ ਲਗਾਏ। ਉਨ੍ਹਾਂ ਦਾ ਕਹਿਣਾ ਸੀ ਕਿ ਕੁਝ ਲੋਕ ਡੇਰੇ ਦੇ ਪ੍ਰਬੰਧਾਂ ’ਤੇ ਪੂਰੀ ਤਰ੍ਹਾਂ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਚੰਗੇ ਲੋਕਾਂ ਨੂੰ ਪ੍ਰਬੰਧਾਂ ਤੋਂ ਪਾਸੇ ਕੀਤਾ ਜਾ ਰਿਹਾ ਹੈ। ਐਡਵੋਕੇਟ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਕੋਲ ਆਪਣੇ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਸਾਬਤ ਕਰਨ ਲਈ ਦਸਤਾਵੇਜ਼ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਮੀਡੀਆ ਅਤੇ ਹੋਰ ਸਬੰਧਤ ਧਿਰਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਡੇਰੇ ਦੀ ਸੰਗਤ ਵੱਲੋਂ ਲਿਆਂਦਾ ਗਿਆ ਹੈ ਅਤੇ ਸੰਗਤ ਕੋਲ ਵੀ ਇਸ ਸਬੰਧੀ ਦਸਤਾਵੇਜ਼ ਮੌਜੂਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਕਿਸੇ ਵਿਅਕਤੀ ਨਾਲ ਨਿੱਜੀ ਹਿੱਤ ਜਾਂ ਨਿੱਜੀ ਦੁਸ਼ਮਣੀ ਨਹੀਂ ਹੈ।

