ਪੰਜਾਬ ਅੰਮ੍ਰਿਤਸਰ ‘ਚ ਸਕੇ ਭਰਾ ਹੱਥੋਂ ਭਰਾ ਦਾ ਕਤਲ/ ਘਰੇਲੂ ਵਿਵਾਦ ਦੇ ਚਲਦਿਆਂ ਮਾਰੀ ਗੋਲੀ/ ਬਲਾਕ ਸੰਮਤੀ ਮੈਂਬਰ ‘ਤੇ ਕਤਲ ਦੇ ਇਲਜ਼ਾਮ By admin - November 10, 2026 0 2 Facebook Twitter Pinterest WhatsApp ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ ਵੜੈਚ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਘਰੇਲੂ ਵਿਵਾਦ ਦੇ ਚੱਲਦਿਆਂ ਇੱਕ ਭਰਾ ਨੇ ਆਪਣੇ ਹੀ ਸਕੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸਿਮਰਨਦੀਪ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ, ਜਦਕਿ ਕਤਲ ਦਾ ਇਲਜ਼ਾਮ ਉਸ ਦੇ ਭਰਾ ਕਿਰਨਦੀਪ ਸਿੰਘ ‘ਤੇ ਲੱਗਾ ਹੈ, ਜੋ ਬਲਾਕ ਸੰਮਤੀ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਹਥਿਆਰ ਸਮੇਤ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਪੰਡੋਰੀ ਵੜੈਚ ਵਿਖੇ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਸੀ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਿਰਨਦੀਪ ਸਿੰਘ ਅਤੇ ਸਿਮਰਨਦੀਪ ਸਿੰਘ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਬੀਤੇ ਸਮੇਂ ਦੋਵਾਂ ਵਿਚਾਲੇ ਆਪਸੀ ਤਕਰਾਰ ਇੰਨੀ ਜ਼ਿਆਦਾ ਵੱਧ ਗਈ ਕਿ ਕਿਰਨਦੀਪ ਨੇ ਤੈਸ਼ ਵਿੱਚ ਆ ਕੇ ਆਪਣੇ ਭਰਾ ਸਿਮਰਨਦੀਪ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸਿਮਰਨਦੀਪ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਤਰਾਂ ਅਨੁਸਾਰ ਮੁਲਜ਼ਮ ਕਿਰਨਦੀਪ ਸਿੰਘ ਆਮ ਆਦਮੀ ਪਾਰਟੀ ਨਾਲ ਜੁੜਿਆ ਬਲਾਕ ਸੰਮਤੀ ਮੈਂਬਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮ੍ਰਿਤਕ ਸਿਮਰਨਦੀਪ ਸਿੰਘ ਉਰਫ਼ ਪ੍ਰਿੰਸ ਬਾਰੇ ਸਥਾਨਕ ਪੱਧਰ ‘ਤੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ ਕਿ ਉਹ ਨਸ਼ਾ ਪੀਣ ਅਤੇ ਨਸ਼ਾ ਵੇਚਣ ਦਾ ਆਦੀ ਸੀ। ਇਸ ਦੇ ਨਾਲ ਹੀ ਉਸ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਦੱਸੇ ਜਾ ਰਹੇ ਹਨ। ਜਦੋਂ ਐਸ.ਪੀ. ਰਮਨਦੀਪ ਸਿੰਘ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ‘ਤੇ ਲੱਗੇ ਦੋਸ਼ਾਂ ਅਤੇ ਉਸ ਦੇ ਪੁਰਾਣੇ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਕਿਰਨਦੀਪ ਸਿੰਘ ਆਪਣੇ ਹਥਿਆਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਐਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਨੂੰ ਕਾਬੂ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਿਆ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।