
ਗੁਰਦਾਸਪੁਰ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਟਿਕਟ ਵੰਡ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਹੈ ਕਿ ਪਾਰਟੀ ਦੀਆਂ ਟਿਕਟਾਂ ਵੰਡਣ ਸਮੇਂ ਵਫ਼ਾਦਾਰੀ, ਜਿੱਤਣ ਦੀ ਸਮਰੱਥਾ ਅਤੇ ਮੈਰਿਟ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ। ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਰਨ ਦਾ ਮੌਕਾ ਮਿਲੇਗਾ। ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਹੀ ਸੂਬੇ ਲਈ ਮਜ਼ਬੂਤ ਤੇ ਸਥਿਰ ਬਦਲ ਹੈ। ਇਸ ਦੌਰਾਨ ਉਨ੍ਹਾਂ ਨਸ਼ਿਆਂ, ਫਿਰੌਤੀ, ਕਾਨੂੰਨ ਵਿਵਸਥਾ ਅਤੇ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।

ਸਚਿਨ ਪਾਇਲਟ ਅੱਜ ਗੁਰਦਾਸਪੁਰ ਵਿਖੇ ਲੋਕ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਗੁਰਦਾਸਪੁਰ ਤੋਂ ਸੰਸਦ ਮੈਂਬਰ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਹਿ-ਇੰਚਾਰਜ ਵੀ ਮੌਜੂਦ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਪਾਇਲਟ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪਿਛਲੇ ਲਗਭਗ ਪੌਣੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ ਨਸ਼ਿਆਂ, ਫਿਰੌਤੀ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਬਜਾਏ ਅਸਲ ਇਨਸਾਫ਼, ਸੁਰੱਖਿਆ ਅਤੇ ਵਿਕਾਸ ਚਾਹੁੰਦੇ ਹਨ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਸੰਗਰੂਰ ਵਿਖੇ ਕੀਤੇ ਗਏ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਦਮ ‘ਤੇ ਚੋਣਾਂ ਲੜ ਕੇ ਸਰਕਾਰ ਬਣਾਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਅਹਿਮ ਫੈਸਲੇ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ ‘ਤੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਹਿੱਤਾਂ ਨਾਲ ਜੁੜੇ ਫੈਸਲਿਆਂ ਦੀ ਤਾਕਤ ਦਿੱਲੀ ਦੇ ਆਗੂਆਂ ਦੇ ਹਵਾਲੇ ਕਰ ਦਿੱਤੀ ਹੈ। ਪੰਜਾਬ ਦੇ ਲੋਕਾਂ ਦੀ ਮਿਹਨਤ ਨਾਲ ਕਮਾਏ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਦੀ ਬਜਾਏ ਪਾਰਟੀ ਦੇ ਪ੍ਰਚਾਰ ਅਤੇ ਆਪਣੇ ਆਗੂਆਂ ਨੂੰ ਬਚਾਉਣ ਲਈ ਕੀਤੇ ਜਾਣ ਦੇ ਦੋਸ਼ ਵੀ ਉਨ੍ਹਾਂ ਲਗਾਏ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਪਾਇਲਟ ਨੇ ਕਿਹਾ ਕਿ 92 ਵਿਧਾਇਕਾਂ ਨਾਲ ਸਰਕਾਰ ਬਣਾਉਣ ਵਾਲੀ ਪਾਰਟੀ ਅੱਜ ਅੰਦਰੂਨੀ ਕਲੇਸ਼ ਅਤੇ ਬਿਖਰਾਅ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਕੁਝ ਵਿਧਾਇਕ ਭਾਜਪਾ ਵਿੱਚ ਜਾ ਚੁੱਕੇ ਹਨ, ਕੁਝ ਮੁਅੱਤਲ ਹਨ ਅਤੇ ਕਈ ਆਗੂ ਕਾਨੂੰਨੀ ਮਾਮਲਿਆਂ ਕਾਰਨ ਜੇਲ੍ਹਾਂ ਵਿੱਚ ਹਨ।
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗਠਜੋੜ ਦੀਆਂ ਚਰਚਾਵਾਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਪਾਇਲਟ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦਾ ਪੁਰਾਣਾ ਗਠਜੋੜ ਕਿਹੜੇ ਕਾਰਨਾਂ ਕਰਕੇ ਟੁੱਟਿਆ ਸੀ ਅਤੇ ਕੀ ਉਹ ਕਾਰਨ ਹੁਣ ਖ਼ਤਮ ਹੋ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਦਾ ਮੁੱਖ ਮੁਕਾਬਲਾ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਹੀ ਹੋਵੇਗਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਬਾਰੇ ਗੱਲ ਕਰਦਿਆਂ ਸ੍ਰੀ ਪਾਇਲਟ ਨੇ ਦੱਸਿਆ ਕਿ ਉਹ ਤਰਨਤਾਰਨ, ਅੰਮ੍ਰਿਤਸਰ ਤੋਂ ਬਾਅਦ ਹੁਣ ਗੁਰਦਾਸਪੁਰ ਵਿੱਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਸਰਵੇਖਣਾਂ ਰਾਹੀਂ ਫੀਡਬੈਕ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਅਤੇ ਸ੍ਰੀ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਉਮੀਦਵਾਰਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਮੈਰਿਟ, ਜਿੱਤਣ ਦੀ ਸਮਰੱਥਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਮੁੱਖ ਆਧਾਰ ਬਣਾ ਕੇ ਕੀਤੀ ਜਾਵੇਗੀ।

