ਗੁਰਦਾਸਪੁਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਗਮ/ ਰਮਨ ਬਹਿਲ ਨੇ ਬਜ਼ੁਰਗਾਂ ਦੀ ਸੇਵਾ ਤੇ ਸਤਿਕਾਰ ਦਾ ਦਿੱਤਾ ਸੰਦੇਸ਼

0
5

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਲਈ ਗੁਰਦਾਸਪੁਰ ਵਿਖੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਕਾਊਂਟਰ ਲਗਾ ਕੇ ਬਜ਼ੁਰਗਾਂ ਨੂੰ ਸਰਕਾਰੀ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਮੌਕੇ ’ਤੇ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀ ਨੀਂਹ ਹਨ ਅਤੇ ਉਨ੍ਹਾਂ ਦੀ ਸੇਵਾ ਤੇ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਪਿਆਂ ਦੀ ਸਾਂਭ-ਸੰਭਾਲ ਕਰਨ ਅਤੇ ਪਰਿਵਾਰਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਅਪੀਲ ਵੀ ਕੀਤੀ।

ਸਮਾਗਮ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਕਾਊਂਟਰ ਲਗਾਏ ਗਏ, ਜਿੱਥੇ ਬਜ਼ੁਰਗਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਵਿਭਾਗੀ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਮੌਕੇ ’ਤੇ ਹੀ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਆਪਣੇ ਸੰਬੋਧਨ ਵਿਚ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਲੋਕਾਂ ਲਈ ਯੋਜਨਾਵਾਂ ਬਣਾਉਣਾ ਹੀ ਨਹੀਂ, ਸਗੋਂ ਇਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਵੀ ਹੈ। ਇਸੇ ਦਿਸ਼ਾ ਵਿੱਚ ਵਿਭਾਗ ਵੱਲੋਂ ਖ਼ੁਦ ਲੋਕਾਂ ਤੱਕ ਪਹੁੰਚ ਕਰਕੇ ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਲਈ ਇਹ ਉਪਰਾਲਾ ਕੀਤਾ ਗਿਆ ਹੈ।

ਸਮਾਗਮ ਦੌਰਾਨ ਪੇਸ਼ ਕੀਤੇ ਗਏ ਨਾਟਕ ਦਾ ਜ਼ਿਕਰ ਕਰਦਿਆਂ ਸ੍ਰੀ ਬਹਿਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ, ਪਰਿਵਾਰਕ ਕਦਰਾਂ-ਕੀਮਤਾਂ ਅਤੇ ਗੁਰੂਆਂ-ਪੀਰਾਂ ਵੱਲੋਂ ਦਰਸਾਏ ਤਿਆਗ, ਸੇਵਾ ਅਤੇ ਸਤਿਕਾਰ ਦੇ ਮਾਰਗ ਨਾਲ ਜੁੜਨ ਦੀ ਬਹੁਤ ਲੋੜ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਮਾਪੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਆਪਣੇ ਚਾਰ-ਚਾਰ ਬੱਚਿਆਂ ਦੀ ਪਰਵਰਿਸ਼ ਅਤੇ ਉਨ੍ਹਾਂ ਦਾ ਭਵਿੱਖ ਸੰਵਾਰਨ ਲਈ ਲਗਾ ਦਿੰਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਕਈ ਵਾਰ ਚਾਰ ਬੱਚੇ ਮਿਲ ਕੇ ਵੀ ਆਪਣੇ ਮਾਪਿਆਂ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਹੀਂ ਕਰ ਪਾਉਂਦੇ। ਇਹ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀ ਨੀਂਹ ਅਤੇ ਸਮਾਜ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦਾ ਤਜਰਬਾ, ਸਿੱਖਿਆਵਾਂ ਅਤੇ ਆਸ਼ੀਰਵਾਦ ਨਵੀਂ ਪੀੜ੍ਹੀ ਲਈ ਸਭ ਤੋਂ ਵੱਡੀ ਪੂੰਜੀ ਹਨ। ਸਤਿਸੰਗ ਕਰਨ ਅਤੇ ਪਰਮਾਤਮਾ ਦਾ ਨਾਮ ਜਪਣ ਦੇ ਨਾਲ-ਨਾਲ ਬਜ਼ੁਰਗਾਂ ਦੀ ਸੇਵਾ ਕਰਨਾ, ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਵੀ ਕਿਸੇ ਭਗਤੀ ਤੋਂ ਘੱਟ ਨਹੀਂ ਹੈ। ਅੰਤ ਵਿੱਚ ਰਮਨ ਬਹਿਲ ਨੇ ਸਮੂਹ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣ, ਉਨ੍ਹਾਂ ਦੀ ਸਿਹਤ ਅਤੇ ਲੋੜਾਂ ਦਾ ਧਿਆਨ ਰੱਖਣ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਲਈ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਰਫ਼ ਸਾਡਾ ਨੈਤਿਕ ਫ਼ਰਜ਼ ਹੀ ਨਹੀਂ, ਸਗੋਂ ਸਾਡੀ ਸੱਭਿਆਚਾਰਕ ਅਤੇ ਸਮਾਜਿਕ ਵਿਰਾਸਤ ਦਾ ਵੀ ਅਹਿਮ ਹਿੱਸਾ ਹੈ।

LEAVE A REPLY

Please enter your comment!
Please enter your name here