
ਸੰਗਰੂਰ ਤੋਂ ਆਪ ਸਾਂਸਦ ਗੁਰਮੀਤ ਸਿੰਘ ਹੇਅਰ ਨੇ ਹੰਡਿਆਇਆ ਦੇ ਖੇਡ ਪ੍ਰੇਮੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਇੱਥੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਮੀਤ ਹੇਅਰ ਨੇ ਕਿਹਾ ਕਿ ਇਸ ਗਰਾਊਂਡ ਨਾਲ ਉਨ੍ਹਾਂ ਦੀਆਂ ਬਚਪਨ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ ਅਤੇ ਉਹ ਖ਼ੁਦ ਵੀ ਇੱਥੇ ਕ੍ਰਿਕਟ ਖੇਡਦੇ ਰਹੇ ਹਨ। ਸਟੇਡੀਅਮ ਵਿੱਚ ਤਿੰਨ ਕ੍ਰਿਕਟ ਪਿੱਚਾਂ ਬਣਾਈਆਂ ਜਾਣਗੀਆਂ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਲਾਈਟਾਂ ਵੀ ਲਗਾਈਆਂ ਜਾਣਗੀਆਂ। ਮੀਤ ਹੇਅਰ ਨੇ ਇਸ ਪ੍ਰਾਜੈਕਟ ਲਈ ਇੱਕ ਹਫ਼ਤੇ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਜਤਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰਨਾਲਾ ਵਿੱਚ ਵਿਕਾਸ ਕਾਰਜਾਂ ਅਤੇ ਖੇਡ ਮੈਦਾਨਾਂ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਗੌਲਿਆ ਪਿਆ ਇਹ ਗਰਾਊਂਡ ਹੁਣ ਆਧੁਨਿਕ ਸਟੇਡੀਅਮ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ’ਤੇ ਕਰੀਬ 7 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਵਿੱਚੋਂ ਲਗਭਗ 4 ਕਰੋੜ ਰੁਪਏ ਗਰਾਊਂਡ ਦੀ ਬਾਊਂਡਰੀ, ਟੀਮਾਂ ਦੇ ਬੈਠਣ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਢਾਂਚੇ ’ਤੇ ਖ਼ਰਚ ਹੋਣਗੇ, ਜਦਕਿ 3 ਕਰੋੜ ਰੁਪਏ ਅੰਤਰਰਾਸ਼ਟਰੀ ਪੱਧਰ ਦੀਆਂ ਲਾਈਟਾਂ ਲਗਾਉਣ ’ਤੇ ਖ਼ਰਚ ਕੀਤੇ ਜਾਣਗੇ। ਸਟੇਡੀਅਮ ਵਿੱਚ ਤਿੰਨ ਕ੍ਰਿਕਟ ਪਿੱਚਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਇਸ ਦਾ ਡਿਜ਼ਾਈਨ ਕ੍ਰਿਕਟ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਜੋੜਨ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਇੱਥੇ ਪੀਸੀਏ ਦੇ ਮੈਚ ਵੀ ਕਰਵਾਏ ਜਾ ਸਕਣ।
ਉਨ੍ਹਾਂ ਉਮੀਦ ਜਤਾਈ ਕਿ ਇੱਕ ਹਫ਼ਤੇ ਦੇ ਅੰਦਰ ਕੰਮ ਸ਼ੁਰੂ ਹੋ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਰਾਊਂਡ ਦੀ ਨੁਹਾਰ ਬਦਲੀ ਹੋਈ ਨਜ਼ਰ ਆਵੇਗੀ। ਮੀਤ ਹੇਅਰ ਨੇ ਪੰਜਾਬ ਸਰਕਾਰ ਦੀਆਂ ਖੇਡ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਉਹ ਖੇਡ ਮੰਤਰੀ ਬਣੇ ਸਨ, ਉਸ ਸਮੇਂ ਖੇਡਾਂ ਦਾ ਬਜਟ 147 ਕਰੋੜ ਰੁਪਏ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨੂੰ ਵਧਾ ਕੇ 1800 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਦੇ ਖੇਡ ਮੈਦਾਨਾਂ ਲਈ ਪਿਛਲੇ ਸਾਲ ਦੌਰਾਨ 25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਕਈ ਪਿੰਡਾਂ ਵਿੱਚ ਪਹਿਲੀ ਵਾਰ ਖੇਡ ਮੈਦਾਨ ਬਣਾਏ ਗਏ ਹਨ, ਜਦਕਿ ਪੁਰਾਣੇ ਮੈਦਾਨਾਂ ਵਿੱਚ ਘਾਹ, ਲਾਈਟਾਂ, ਬਾਥਰੂਮ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਧਨੌਲਾ ਖੁਰਦ ਅਤੇ ਠੁੱਲੇਵਾਲ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਵੀ ਜ਼ਿਕਰ ਕੀਤਾ।
ਸੰਸਦ ਮੈਂਬਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਅੜੀਸਰ ਸਾਹਿਬ ਨੂੰ ਜਾਂਦੀ ਸੜਕ ਦੀ ਉਸਾਰੀ ਲਈ ਵੀ 1 ਕਰੋੜ 54 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਸੜਕ ਦਾ ਨੀਂਹ ਪੱਥਰ ਧਾਰਮਿਕ ਸ਼ਖ਼ਸੀਅਤਾਂ ਦੇ ਕਰ-ਕਮਲਾਂ ਨਾਲ ਰੱਖਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਬਰਨਾਲਾ ਹਲਕੇ ਵਿੱਚ ਕਈ ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਅਤੇ ਚੌੜਾਈ ਵਧਾਉਣ ਦਾ ਕੰਮ ਕੀਤਾ ਗਿਆ ਹੈ। ਧਨੌਲਾ ਖੁਰਦ ਤੋਂ ਮੈਰੀਲੈਂਡ ਨੂੰ ਜਾਂਦੀ ਸੜਕ ਨੂੰ ਪਹਿਲੀ ਵਾਰ 18 ਫੁੱਟ ਚੌੜਾ ਬਣਾਇਆ ਗਿਆ ਹੈ।

