ਮੋਗਾ ਪਹੁੰਚੀ ਕਾਂਗਰਸ ਦੀ ਜਵਾਨੀ ਬਚਾਓ ਯਾਤਰਾ/ ਚੰਨੀ ਨੇ ਨਸ਼ੇ ਤੇ ਗੈਂਗਸਟਰਵਾਦ ਨੂੰ ਲੈ ਕੇ ਘੇਰੀ ਸਰਕਾਰ/ ਕੇਜਰੀਵਾਲ ਤੇ ਪੰਜਾਬ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ

0
2

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਬਚਾਓ ਯਾਤਰਾ’ ਮੋਗਾ ਪਹੁੰਚੀ, ਜਿੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ, ਔਰਤਾਂ, ਵਿਦਿਆਰਥੀਆਂ ਅਤੇ ਕਾਂਗਰਸੀ ਵਰਕਰਾਂ ਨੇ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਯਾਤਰਾ ਨਿਹਾਲ ਸਿੰਘ ਵਾਲਾ ਲਈ ਰਵਾਨਾ ਹੋ ਗਈ। ਇਸ ਦੌਰਾਨ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਦਿੱਲੀ ਦੀ ਲੀਡਰਸ਼ਿਪ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੁਫ਼ਤ ਬਿਜਲੀ, ਔਰਤਾਂ ਨੂੰ ਆਰਥਿਕ ਸਹਾਇਤਾ ਅਤੇ ਕਾਂਗਰਸ ਦੀਆਂ ਟਿਕਟਾਂ ਦੀ ਵੰਡ ਬਾਰੇ ਵੀ ਆਪਣਾ ਪੱਖ ਰੱਖਿਆ।

ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ‘ਕਾਲੇ ਅੰਗਰੇਜ਼’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਨੇ ਪੰਜਾਬ ਦਾ ਖੂਨ ਚੂਸਿਆ ਹੈ ਅਤੇ ਪੰਜਾਬ ਦੇ ਮਾਮਲਿਆਂ ਵਿੱਚ ਦਿੱਲੀ ਦੇ ਆਗੂਆਂ ਦਾ ਦਖ਼ਲ ਲਗਾਤਾਰ ਵਧਿਆ ਹੈ। ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਆਪ ਨੂੰ ਇਮਾਨਦਾਰ ਮੁੱਖ ਮੰਤਰੀ ਅਤੇ ਲੋਕਾਂ ਦਾ ਮੁੱਖ ਮੰਤਰੀ ਦੱਸਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਜੇਕਰ ਕੋਈ ਵਿਅਕਤੀ ਅਸਲ ਵਿੱਚ ਇਮਾਨਦਾਰ ਹੁੰਦਾ ਹੈ ਤਾਂ ਲੋਕ ਖੁਦ ਉਸ ਦੀ ਇਮਾਨਦਾਰੀ ਦੀ ਗਵਾਹੀ ਦਿੰਦੇ ਹਨ, ਉਸ ਨੂੰ ਵਾਰ-ਵਾਰ ਆਪਣੇ ਆਪ ਨੂੰ ਇਮਾਨਦਾਰ ਸਾਬਤ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਿਕਾਸ ਦੇ ਨਾਂ ’ਤੇ ਕੋਈ ਵੱਡਾ ਕੰਮ ਨਹੀਂ ਹੋਇਆ।

ਸਾਬਕਾ ਮੁੱਖ ਮੰਤਰੀ ਨੇ ਸਵਾਲ ਉਠਾਇਆ ਕਿ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਅੰਦਰ ਕਿੰਨੇ ਨਵੇਂ ਹਸਪਤਾਲ, ਸਕੂਲ ਅਤੇ ਯੂਨੀਵਰਸਿਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚੁਟਕਲਿਆਂ ਦੀ ਨਹੀਂ, ਸਗੋਂ ਵਿਕਾਸ, ਚੰਗੀ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਾ ਤਸਕਰੀ, ਮਾਫੀਆ ਅਤੇ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਬੋਲਬਾਲਾ ਹੈ, ਜਦਕਿ ਆਮ ਨੌਜਵਾਨ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਚੰਨੀ ਨੇ ਕਿਹਾ ਕਿ ਯਾਤਰਾ ਦੌਰਾਨ ਕਈ ਔਰਤਾਂ ਆਪਣੇ ਉਨ੍ਹਾਂ ਪੁੱਤਰਾਂ ਦੀਆਂ ਤਸਵੀਰਾਂ ਲੈ ਕੇ ਪਹੁੰਚੀਆਂ, ਜਿਨ੍ਹਾਂ ਦੀ ਨਸ਼ਿਆਂ ਕਾਰਨ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਕਈ ਲੋਕਾਂ ਨੇ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦੀਆਂ ਆਡੀਓ ਰਿਕਾਰਡਿੰਗਾਂ ਵੀ ਉਨ੍ਹਾਂ ਨੂੰ ਸੁਣਾਈਆਂ ਅਤੇ ਆਪਣੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਹਾਲਾਤ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋਣ ਦਾ ਸੁਨੇਹਾ ਦਿੰਦੇ ਹਨ।

ਬਿਜਲੀ ਅਤੇ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਮੁੱਦੇ ’ਤੇ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਪਹਿਲਾਂ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਸੀ, ਜਿਸ ਨੂੰ ਮੌਜੂਦਾ ਸਰਕਾਰ ਨੇ 300 ਯੂਨਿਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਨਹੀਂ ਕੀਤੀ ਜਾਵੇਗੀ। ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦੇ ਐਲਾਨ ਸਬੰਧੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਔਰਤਾਂ ਨੂੰ ਇਹ ਰਕਮ ਨਹੀਂ ਦਿੱਤੀ ਅਤੇ ਹੁਣ ਕਾਰਜਕਾਲ ਦੇ ਆਖਰੀ ਸਮੇਂ ਵਿੱਚ ਇਸ ਨੂੰ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਬਕਾਇਆ ਰਾਸ਼ੀ ਸਬੰਧੀ ਵੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਦੀ ਵੰਡ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਚੰਨੀ ਨੇ ਕਿਹਾ ਕਿ ਪਾਰਟੀ ਵਿੱਚ ਟਿਕਟ ਮੰਗਣਾ ਹਰ ਆਗੂ ਅਤੇ ਵਰਕਰ ਦਾ ਅਧਿਕਾਰ ਹੈ। ਜਿਹੜੇ ਵੀ ਆਗੂ ਟਿਕਟ ਦੀ ਮੰਗ ਕਰ ਰਹੇ ਹਨ, ਉਹ ਸਾਰਿਆਂ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ, ਬਾਕੀ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਪਾਰਟੀ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰ ਸਕੇ। ਉਨ੍ਹਾਂ ਦੱਸਿਆ ਕਿ ਮੋਗਾ ਵਿੱਚ ਕਾਂਗਰਸੀ ਆਗੂ ਮਾਲਵਿਕਾ ਸੂਦ ਸਮੇਤ ਵੱਡੀ ਗਿਣਤੀ ਵਿੱਚ ਲੋਕ ਯਾਤਰਾ ਨਾਲ ਜੁੜੇ। ਹਜ਼ਾਰਾਂ ਵਿਦਿਆਰਥੀਆਂ ਨੇ ਵੀ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨਾਲ ਸਵਾਲ-ਜਵਾਬ ਕੀਤੇ। ਵਿਦੇਸ਼ਾਂ ਤੋਂ ਛੁੱਟੀਆਂ ’ਤੇ ਆਏ ਕੁਝ ਐਨਆਰਆਈਜ਼ ਨੇ ਸਾਈਕਲ ਚਲਾ ਕੇ ਯਾਤਰਾ ਨੂੰ ਆਪਣਾ ਸਮਰਥਨ ਦਿੱਤਾ। ਚੰਨੀ ਨੇ ਦਿੱਲੀ ਦੇ ਇੱਕ ਮੀਡੀਆ ਚੈਨਲ ਦੀ ਪੱਤਰਕਾਰ ਪ੍ਰਗਿਆ ਵੱਲੋਂ ਆਪਣੀ ਨੌਕਰੀ ਛੱਡ ਕੇ ਯਾਤਰਾ ਵਿੱਚ ਸ਼ਾਮਲ ਹੋਣ ਦਾ ਵੀ ਜ਼ਿਕਰ ਕੀਤਾ।

LEAVE A REPLY

Please enter your comment!
Please enter your name here