
ਧਰਮਕੋਟ ਨਗਰ ਕੌਂਸਲ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮੋਗਾ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਐੱਸਐੱਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮਕੋਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਖ ਚੌਕ ਵਿੱਚ ਲਗਾਏ ਵਿਸ਼ੇਸ਼ ਨਾਕੇ ਦੌਰਾਨ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨਾਂ ਦੇ ਕਾਗਜ਼ਾਤ ਅਧੂਰੇ ਸਨ ਜਾਂ ਨੰਬਰ ਪਲੇਟਾਂ ਨਹੀਂ ਲੱਗੀਆਂ ਹੋਈਆਂ ਸਨ, ਉਨ੍ਹਾਂ ਦੇ ਚਲਾਨ ਵੀ ਕੀਤੇ ਗਏ। ਪੁਲਿਸ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਐੱਸਐੱਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਲਗਾਤਾਰ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਹੁੱਲੜਬਾਜ਼ੀ ਕਰਨ, ਸ਼ਾਂਤੀ ਭੰਗ ਕਰਨ ਜਾਂ ਕਾਨੂੰਨ ਵਿਵਸਥਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸਐੱਚਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਚੋਣ ਪ੍ਰਕਿਰਿਆ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਲੋਕਤੰਤਰੀ ਪ੍ਰਕਿਰਿਆ ਨੂੰ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨਾ ਅਤੇ ਹਰ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣਾ ਹੈ। ਪੁਲਿਸ ਪ੍ਰਸ਼ਾਸਨ ਦੀ ਇਸ ਸਰਗਰਮੀ ਨਾਲ ਜਿੱਥੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦਿੱਤਾ ਜਾ ਰਿਹਾ ਹੈ, ਉੱਥੇ ਹੀ ਆਮ ਲੋਕਾਂ ਵਿੱਚ ਵੀ ਸੁਰੱਖਿਆ ਅਤੇ ਵਿਸ਼ਵਾਸ ਦਾ ਮਾਹੌਲ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

