ਮੋਗਾ ’ਚ ਰੈਲੀ ਸਥਾਨ ’ਤੇ ਪਹੁੰਚੇ ਸਪੀਕਰ ਸੰਧਵਾਂ/ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ/ ਕਿਹਾ, 2027 ਚੋਣਾਂ ਲਈ AAP ਨੂੰ ਪੰਜਾਬ ਦੇ ਲੋਕਾਂ ’ਤੇ ਪੂਰਾ ਭਰੋਸਾ

0
3

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਅਤੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਦੀਪਕ ਬਾਲੀ ਮੋਗਾ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਰੈਲੀ ਵਾਲੀ ਥਾਂ ’ਤੇ ਚੱਲ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਵੱਲੋਂ ਪੰਡਾਲ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਖਾਣ-ਪੀਣ ਅਤੇ ਪਖਾਨਿਆਂ ਸਮੇਤ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਰੈਲੀ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਮੁਤਾਬਕ ਲੋੜ ਪੈਣ ’ਤੇ ਪੰਡਾਲ ਦਾ ਘੇਰਾ ਹੋਰ ਵੀ ਵਧਾਇਆ ਜਾ ਸਕਦਾ ਹੈ। ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪਾਰਕਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 26 ਨਵੰਬਰ ਆਮ ਆਦਮੀ ਪਾਰਟੀ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿੱਚ ਆਮ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਸਿੱਖਿਆ, ਸਿਹਤ ਅਤੇ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਨੂੰ ਤਰਜੀਹ ਦੇਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲੀ ਹੈ।

ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ 80 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ, ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਵੀ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਤੇ ਤਸਕਰਾਂ ਖ਼ਿਲਾਫ਼ ਕਾਰਵਾਈ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ‘ਖੁਸ਼ਹਾਲ ਪੰਜਾਬ ਰੈਲੀ’ ਸਿਰਫ਼ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਤੱਕ ਸੀਮਤ ਨਹੀਂ ਹੋਵੇਗੀ, ਸਗੋਂ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕਾਂ ਨੂੰ ਮਿਲੇ ਲਾਭਾਂ ਦਾ ਜਸ਼ਨ ਵੀ ਹੋਵੇਗੀ। ਰੈਲੀ ਵਿੱਚ ‘ਆਪ’ ਦੀ ਸਮੁੱਚੀ ਲੀਡਰਸ਼ਿਪ, ਕੈਬਨਿਟ ਮੰਤਰੀ, ਚੇਅਰਮੈਨ, ਵਿਧਾਇਕ, ਮੇਅਰ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।

2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਸਵਾਲ ’ਤੇ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ’ਤੇ ਪੂਰਾ ਭਰੋਸਾ ਹੈ ਅਤੇ ਚੋਣਾਂ ਦੌਰਾਨ ਸਰਕਾਰ ਵੱਲੋਂ ਕੀਤੇ ਕੰਮ ਲੋਕਾਂ ਸਾਹਮਣੇ ਰੱਖੇ ਜਾਣਗੇ। ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਪਿਛਲੇ ਰਿਕਾਰਡ ਤੋਂ ਜਾਣੂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ।

LEAVE A REPLY

Please enter your comment!
Please enter your name here