ਪੰਜਾਬ ਮੰਡੀ ਗੋਬਿੰਦਗੜ੍ਹ ’ਚ ਪੁਲਿਸ ਮੁਲਾਜ਼ਮ ਹੀ ਨਿਕਲਿਆ ਸ਼ਰਾਬ ਤਸਕਰ/ 162 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ASI ਗ੍ਰਿਫ਼ਤਾਰ By admin - November 21, 2026 0 3 Facebook Twitter Pinterest WhatsApp ਮੰਡੀ ਗੋਬਿੰਦਗੜ੍ਹ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਆਪਣੇ ਹੀ ਵਿਭਾਗ ਵਿੱਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਨੂੰ 162 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਸ਼ਰਾਬ ਦੀਆਂ ਬੋਤਲਾਂ ’ਤੇ ‘ਫਾਰ ਸੇਲ ਇਨ ਚੰਡੀਗੜ੍ਹ’ ਲਿਖਿਆ ਹੋਇਆ ਸੀ। ਮੁਲਜ਼ਮ ਦੀ ਪਛਾਣ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸੰਗਤਪੁਰਾ ਵਾਸੀ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਖਮਾਣੋਂ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਏਐਸਆਈ ਜਸਪਾਲ ਸਿੰਘ ਚੰਡੀਗੜ੍ਹ ਤੋਂ ਸਸਤੇ ਭਾਅ ’ਤੇ ਸ਼ਰਾਬ ਲਿਆ ਕੇ ਇਲਾਕੇ ਵਿੱਚ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਐਕਸਾਈਜ਼ ਇੰਸਪੈਕਟਰ ਵਰਿੰਦਰ ਸਿੰਘ ਨੂੰ ਮੌਕੇ ’ਤੇ ਬੁਲਾਇਆ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਨੇ ਮੁਲਜ਼ਮ ਦੇ ਟਿਕਾਣੇ ’ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਜਸਪਾਲ ਸਿੰਘ ਦੇ ਘਰ ਦੇ ਚੁਬਾਰੇ ਅਤੇ ਉਸ ਦੀ ਗੱਡੀ ਵਿੱਚੋਂ ਕੁੱਲ 162 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਏਐਸਆਈ ਜਸਪਾਲ ਸਿੰਘ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਕੇਂਦਰੀ ਜੇਲ੍ਹ ਪਟਿਆਲਾ ਭੇਜਣ ਦੇ ਹੁਕਮ ਦਿੱਤੇ ਹਨ। ਇਸ ਕਾਰਵਾਈ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਤਾਇਨਾਤ ਮੁਲਾਜ਼ਮ ਵੱਲੋਂ ਹੀ ਕਥਿਤ ਤੌਰ ’ਤੇ ਸ਼ਰਾਬ ਦੀ ਤਸਕਰੀ ਕੀਤੇ ਜਾਣ ਦਾ ਮਾਮਲਾ ਚਰਚਾ ਵਿੱਚ ਹੈ।