ਮੌੜ ’ਚ 35 ਆਂਗਣਵਾੜੀ ਵਰਕਰਾਂ ਨੂੰ ਮਿਲੇ ਨਿਯੁਕਤੀ ਪੱਤਰ/ 17 ਲੱਖ ਰੁਪਏ ਦਾ ਪ੍ਰੋਤਸਾਹਨ ਭੱਤਾ ਵੀ ਜਾਰੀ

0
3

ਬਠਿੰਡਾ ਦੇ ਹਲਕਾ ਮੌੜ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰੁਪਿੰਦਰ ਕੌਰ ਗਿੱਲ ਅਤੇ ਮੌੜ ਹਲਕੇ ਦੇ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ 35 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਜਿਨ੍ਹਾਂ ਵਿੱਚ 33 ਆਂਗਣਵਾੜੀ ਹੈਲਪਰ ਅਤੇ 2 ਆਂਗਣਵਾੜੀ ਵਰਕਰ ਸ਼ਾਮਲ ਹਨ।

ਇਸ ਮੌਕੇ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਇਹ ਨਿਯੁਕਤੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਮੌੜ ਹਲਕੇ ਦੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਰੁਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਇਨ੍ਹਾਂ ਵਰਕਰਾਂ ਦਾ ਪ੍ਰੋਤਸਾਹਨ ਭੱਤਾ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਰੀਬ 17 ਲੱਖ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ ਹਨ।

ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸਰਕਾਰ ਹੁਣ ਤੱਕ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ, ਮੁਹੱਲਾ ਕਲੀਨਿਕ, ਰੋਡ ਸੇਫਟੀ ਫੋਰਸ ਅਤੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਰੁਪਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁੜ ਸਰਕਾਰ ਬਣਾਏਗੀ ਅਤੇ 100 ਤੋਂ ਵੱਧ ਸੀਟਾਂ ਜਿੱਤੇਗੀ।

ਉੱਧਰ, ਮੌੜ ਹਲਕੇ ਦੇ ਸੰਗਠਨ ਇੰਚਾਰਜ ਰਣਜੀਤ ਸਿੰਘ ਮਠਾੜੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਨਿਯੁਕਤੀਆਂ ਬਿਨਾਂ ਕਿਸੇ ਭੇਦਭਾਵ ਅਤੇ ਰਿਸ਼ਵਤਖੋਰੀ ਦੇ ਯੋਗਤਾ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਵੀ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 2027 ਵਿੱਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਮੌੜ ਵਿਧਾਨ ਸਭਾ ਹਲਕੇ ਵਿੱਚ ਵੀ ਪਾਰਟੀ ਪਿਛਲੀ ਵਾਰ ਨਾਲੋਂ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਸਮਾਗਮ ਦੌਰਾਨ ਜਿੱਥੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਉੱਥੇ ਹੀ ‘ਆਪ’ ਆਗੂਆਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣੀ ਜਿੱਤ ਦਾ ਭਰੋਸਾ ਪ੍ਰਗਟਾਇਆ।

LEAVE A REPLY

Please enter your comment!
Please enter your name here