
ਤਰਨ ਤਾਰਨ ਦੇ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਤੋਂ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। 20 ਸਾਲਾ ਪ੍ਰਿਤਪਾਲ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਉੱਥੇ ਹੀ ਪਿੰਡ ਵਾਸੀਆਂ ਨੇ ਇਲਾਕੇ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਣਕੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਵਿੱਚ ਉਸ ਦੀ ਮਾਂ ਹਰਜੀਤ ਕੌਰ ਅਤੇ ਦੋ ਪੁੱਤਰ ਹੀ ਹਨ। ਪ੍ਰਿਤਪਾਲ ਦਾ ਵੱਡਾ ਭਰਾ ਕਿਸੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ, ਜਦਕਿ ਪ੍ਰਿਤਪਾਲ ਆਪਣੀ ਮਾਂ ਨਾਲ ਰਹਿੰਦਾ ਸੀ। ਸੁਖਦੇਵ ਸਿੰਘ ਮੁਤਾਬਕ ਦੇਰ ਰਾਤ ਪ੍ਰਿਤਪਾਲ ਗਲੀ ਵਿੱਚ ਇੱਕ ਘਰ ਤੋਂ ਨਸ਼ਾ ਲੈ ਕੇ ਆਇਆ ਅਤੇ ਘਰ ਦੇ ਗੁਸਲਖਾਨੇ ਵਿੱਚ ਜਾ ਕੇ ਟੀਕਾ ਲਗਾ ਲਿਆ। ਇਸ ਤੋਂ ਬਾਅਦ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਚਾਚੇ ਨੇ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਨੂੰ ਲੈ ਕੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਪੰਜ ਤੋਂ ਛੇ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਲਿਸ ਚੌਕੀ ਘਟਨਾ ਵਾਲੇ ਇਲਾਕੇ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਸਥਿਤ ਹੈ, ਫਿਰ ਵੀ ਨਸ਼ੇ ਦੀ ਵਿਕਰੀ ’ਤੇ ਰੋਕ ਨਹੀਂ ਲੱਗ ਰਹੀ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੇ ਜਾਣਬੁੱਝ ਕੇ ਪੁਲਿਸ ਨੂੰ ਸੂਚਨਾ ਨਹੀਂ ਦਿੱਤੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਰੌਣਕੀ, ਮਾਂ ਹਰਜੀਤ ਕੌਰ ਅਤੇ ਪਿੰਡ ਵਾਸੀਆਂ ਨੇ ਆਪਣਾ ਪੱਖ ਰੱਖਿਆ। ਇੱਕ ਵਾਰ ਫਿਰ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

