
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਆਪਣੇ ਤੀਜੇ ਪੜਾਅ ਦੌਰਾਨ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਪਹੁੰਚੀ। ਸ਼ਹਿਰ ਵਿੱਚ ਪਹੁੰਚਣ ’ਤੇ ਭਾਜਪਾ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। ਲੋਕਾਂ ਨੇ ਯਾਤਰਾ ’ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਪਟਾਕੇ ਚਲਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਯਾਤਰਾ ਦੇ ਸਵਾਗਤ ਦੌਰਾਨ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਨਜ਼ਰ ਆਇਆ।
ਇਸ ਯਾਤਰਾ ਵਿੱਚ ਭਾਜਪਾ ਆਗੂ ਕੁੰਵਰ ਵਿਜੇ ਪ੍ਰਤਾਪ ਸਮੇਤ ਪਾਰਟੀ ਦੇ ਕਈ ਹੋਰ ਆਗੂ ਵੀ ਸ਼ਾਮਲ ਰਹੇ। ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਇਹ ਯਾਤਰਾ ਅੱਜ ਤੜਕਸਾਰ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ।

