ਮੋਗਾ ਦੀ ਬਸਤੀ ਸਾਧਾਂ ਵਾਲੀ ’ਚ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ/ 70 ਮੁਲਾਜ਼ਮਾਂ ਨੇ ਘਰਾਂ ਦੀ ਕੀਤੀ ਤਲਾਸ਼ੀ

0
3

ਮੋਗਾ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤੀ ਲਗਾਤਾਰ ਜਾਰੀ ਹੈ। ਇਸੇ ਤਹਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਮੋਗਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਇਲਾਕੇ ਬਸਤੀ ਸਾਧਾਂ ਵਾਲੀ ਵਿੱਚ ਵਿਸ਼ੇਸ਼ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਕਾਰਵਾਈ ਵਿੱਚ ਕਰੀਬ 70 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਿੱਸਾ ਲਿਆ। ਸਰਚ ਆਪ੍ਰੇਸ਼ਨ ਦੌਰਾਨ ਡੀਐਸਪੀ ਰੈਂਕ ਦੇ ਅਧਿਕਾਰੀਆਂ ਅਤੇ ਵੱਖ-ਵੱਖ ਥਾਣਿਆਂ ਦੇ ਐੱਸਐੱਚਓਜ਼ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਦੇ ਸ਼ੱਕ ਵਾਲੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਤੋਂ ਇਲਾਵਾ ਇਲਾਕੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਚੌਕਸੀ ਵਧਾਉਂਦਿਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਲਗਾਤਾਰ ਸਰਚ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਿਸੇ ਵੀ ਹਾਲਤ ਵਿੱਚ ਨਹੀਂ ਰੁਕੇਗੀ ਅਤੇ ਅਜਿਹੇ ਅਨਸਰਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਡੀਐਸਪੀ ਨੇ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਨੂੰ ਫੜਨਾ ਹੀ ਨਹੀਂ, ਸਗੋਂ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਵੀ ਹੈ। ਇਸ ਲਈ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ, ਤਾਂ ਜੋ ਉਹ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਨੂੰ ਦੇਣ। ਲੋਕ ਸੇਫ ਪੰਜਾਬ ਹੈਲਪਲਾਈਨ ਜਾਂ ਐਮਰਜੈਂਸੀ ਨੰਬਰ 112 ’ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਅੰਤ ਵਿੱਚ ਡੀਐਸਪੀ ਗੁਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ ਅਤੇ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

LEAVE A REPLY

Please enter your comment!
Please enter your name here