ਮੋਹਾਲੀ ਦੇ ਫੇਜ਼-11 ’ਚ ਦਿਨ-ਦਿਹਾੜੇ ਦੋ ਥਾਵਾਂ ’ਤੇ ਫਾਇਰਿੰਗ/ ਆਰਕੀਟੈਕਟ ਦੇ ਘਰ ਅਤੇ ਹੇਅਰ ਸੈਲੂਨ ਨੂੰ ਬਣਾਇਆ ਨਿਸ਼ਾਨਾ

0
2

ਮੋਹਾਲੀ : ਮੋਹਾਲੀ ਦੇ ਫੇਜ਼-11 ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀਆਂ ਦੋ ਵਾਰਦਾਤਾਂ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਆਰਕੀਟੈਕਟ ਦੇ ਘਰ ਅਤੇ ‘ਹੇਅਰ ਮਾਸਟਰ’ ਸੈਲੂਨ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਫਾਇਰਿੰਗ ਕੀਤੀ। ਆਰਕੀਟੈਕਟ ਦੇ ਘਰ ’ਤੇ ਦੋ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਘਰ ਦੇ ਅੰਦਰ ਪਏ ਗੱਦੇ ਵਿੱਚ ਜਾ ਲੱਗੀ। ਰਾਹਤ ਦੀ ਗੱਲ ਇਹ ਰਹੀ ਕਿ ਦੋਵਾਂ ਘਟਨਾਵਾਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਸ਼ਨੀਵਾਰ ਦੁਪਹਿਰ ਕਰੀਬ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਫੇਜ਼-11 ਪਹੁੰਚੇ ਅਤੇ ਪਹਿਲਾਂ ਇੱਕ ਆਰਕੀਟੈਕਟ ਦੇ ਘਰ ’ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ‘ਹੇਅਰ ਮਾਸਟਰ’ ਸੈਲੂਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਮੁੱਢਲੀ ਪੁਲਿਸ ਜਾਂਚ ਵਿੱਚ ਦੋਵਾਂ ਥਾਵਾਂ ’ਤੇ ਫਾਇਰਿੰਗ ਕਰਨ ਵਾਲੇ ਹਮਲਾਵਰ ਇੱਕੋ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫੇਜ਼-11 ਥਾਣੇ ਦੇ ਐੱਸਐੱਚਓ ਬਲਜਿੰਦਰ ਸਿੰਘ ਕੰਗ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕਰਦਿਆਂ ਸਬੂਤ ਇਕੱਠੇ ਕੀਤੇ ਗਏ।
ਉੱਧਰ, ਪੀੜਤ ਆਰਕੀਟੈਕਟ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਨੂੰ ਕਿਸੇ ਵੱਲੋਂ ਫਿਰੌਤੀ ਲਈ ਕੋਈ ਫੋਨ ਜਾਂ ਧਮਕੀ ਦਿੱਤੀ ਗਈ ਹੈ। ਉਸ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਘਰ ’ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਦਿਨ-ਦਿਹਾੜੇ ਹੋਈਆਂ ਇਨ੍ਹਾਂ ਦੋ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਫਰਾਰ ਹੋਣ ਦੇ ਰਸਤੇ ਦਾ ਪਤਾ ਲਗਾਉਣ ਲਈ ਦੋਵਾਂ ਘਟਨਾ ਸਥਾਨਾਂ ਅਤੇ ਆਲੇ-ਦੁਆਲੇ ਦੀਆਂ ਸੜਕਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਗੋਲੀਬਾਰੀ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।

LEAVE A REPLY

Please enter your comment!
Please enter your name here