ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 1822 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ By admin - November 22, 2026 0 3 Facebook Twitter Pinterest WhatsApp ਅੰਮ੍ਰਿਤਸਰ: ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਜਥੇ ਦੇ ਸਾਰੇ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਨੂੰ ਰਵਾਨਾ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਪਾਕਿਸਤਾਨ ਜਾ ਰਹੇ ਸ਼ਰਧਾਲੂ ਕੁਲਵਿੰਦਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਬਚਪਨ ਤੋਂ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਅਰਦਾਸ ਕਰਦੇ ਆ ਰਹੇ ਸਨ ਅਤੇ ਅੱਜ ਉਨ੍ਹਾਂ ਦੀ ਇਹ ਮਨੋਕਾਮਨਾ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਾ ਕੀਤੇ ਜਾਣ ਅਤੇ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵੀ ਕੀਤੀ। ਜਗਰਾਉਂ ਤੋਂ ਆਏ ਇੱਕ ਹੋਰ ਸ਼ਰਧਾਲੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਯਾਤਰਾ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਘਰ ਬੈਠਿਆਂ ਹੀ ਵੀਜ਼ੇ ਪ੍ਰਾਪਤ ਹੋ ਗਏ ਹਨ। ਦਸ ਦਿਨਾਂ ਦੀ ਇਸ ਯਾਤਰਾ ਦੌਰਾਨ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸੱਚਾ ਸੌਦਾ ਅਤੇ ਲਾਹੌਰ ਸਮੇਤ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਪਾਕਿਸਤਾਨ ਹਾਈ ਕਮਿਸ਼ਨ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਵੀਜ਼ੇ ਲਈ ਜਿੰਨੇ ਵੀ ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਜਾਂਦੇ ਹਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਦਿੱਤੇ ਜਾਣ ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਦੇ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਸਿੱਖ ਦੀ ਅਰਦਾਸ ਹੈ ਕਿ ਉਸ ਨੂੰ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਅਤੇ ਸੇਵਾ-ਸੰਭਾਲ ਦਾ ਮੌਕਾ ਮਿਲੇ। ਉਨ੍ਹਾਂ ਵੀਜ਼ਿਆਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਸਿੱਖ ਸ਼ਰਧਾਲੂਆਂ ਲਈ ਆਨ ਅਰਾਈਵਲ ਵੀਜ਼ਾ ਦੀ ਸਹੂਲਤ ਦੇਣ ਦੀ ਮੰਗ ਕੀਤੀ। ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਮੁੜ ਖੋਲ੍ਹਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਲਾਂਘਾ ਦੋਵਾਂ ਪੰਜਾਬਾਂ ਦੇ ਲੋਕਾਂ ਦੇ ਦਿਲਾਂ ਨੂੰ ਜੋੜਨ ਦਾ ਸਾਧਨ ਹੈ। ਜਥੇਦਾਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਚੰਗੇ ਸਬੰਧਾਂ ਲਈ ਵੀ ਅਰਦਾਸ ਕੀਤੀ ਜਾਵੇਗੀ।