ਕੋਟਕਪੂਰਾ ’ਚ ਬਾਵਰੀਆ ਸਮਾਜ ਦੀ ਮਹਾਂਪੰਚਾਇਤ/ਅਗਾਮੀ ਚੋਣਾਂ ’ਚ ‘ਆਪ’ ਦੇ ਮੁਕੰਮਲ ਬਾਈਕਾਟ ਦਾ ਐਲਾਨ/ 2 ਫੀਸਦੀ ਰਾਖਵਾਂਕਰਨ ਰੱਦ ਕਰਨ ’ਤੇ ਸਮਾਜ ’ਚ ਨਾਰਾਜ਼ਗੀ

0
2

ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਬਾਵਰੀਆ ਸਮਾਜ ਵੱਲੋਂ ਮਹਾਂਪੰਚਾਇਤ ਕੀਤੀ ਗਈ, ਜਿਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਗਿਆ। ਮਹਾਂਪੰਚਾਇਤ ਵਿੱਚ ਇਕੱਠੇ ਹੋਏ ਸਮਾਜ ਦੇ ਲੋਕਾਂ ਨੇ ਬਾਬਾ ਗੋਸਾਈਂ ਦੀ ਸੌਂਹ ਚੁੱਕਦਿਆਂ ਫੈਸਲਾ ਕੀਤਾ ਕਿ ਜੇਕਰ ਸਮਾਜ ਦਾ ਕੋਈ ਵੀ ਵਿਅਕਤੀ ਆਮ ਆਦਮੀ ਪਾਰਟੀ ਦਾ ਸਮਰਥਨ ਕਰਦਾ ਹੈ ਤਾਂ ਉਸ ਨੂੰ ਸਮਾਜ ਦਾ ਹਿੱਸਾ ਨਹੀਂ ਮੰਨਿਆ ਜਾਵੇਗਾ।
ਇਹ ਮਹਾਂਪੰਚਾਇਤ ਬਾਵਰੀਆ ਸਮਾਜ ਸਮੇਤ ਪੰਜਾਬ ਦੀਆਂ ਵਿਮੁਕਤ ਜਾਤੀਆਂ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਬਣਾਏ ਗਏ ਸਾਂਝੇ ਮੋਰਚੇ ਦੇ ਸੱਦੇ ’ਤੇ ਕਰਵਾਈ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਮੋਰਚਾ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਵਿਮੁਕਤ ਜਾਤੀਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ 2 ਫੀਸਦੀ ਰਾਖਵਾਂਕਰਨ ਦਿੱਤਾ ਜਾਂਦਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਸਤੰਬਰ 2022 ਵਿੱਚ ਪੱਤਰ ਜਾਰੀ ਕਰਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਦਾਅਵੇ ਅਨੁਸਾਰ ਇਸ ਫੈਸਲੇ ਕਾਰਨ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਲਈ ਕਾਊਂਸਲਿੰਗ ਪੂਰੀ ਕਰ ਚੁੱਕੇ ਸੈਂਕੜੇ ਨੌਜਵਾਨ ਨੌਕਰੀਆਂ ਤੋਂ ਵਾਂਝੇ ਰਹਿ ਗਏ, ਜਦਕਿ ਹਜ਼ਾਰਾਂ ਹੋਰ ਨੌਜਵਾਨਾਂ ਨੂੰ ਵੀ ਨੁਕਸਾਨ ਝੱਲਣਾ ਪਿਆ।
ਸਮਾਜ ਦੇ ਆਗੂਆਂ ਨੇ ਕਿਹਾ ਕਿ ਰਾਖਵਾਂਕਰਨ ਬਹਾਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੰਮਾ ਸੰਘਰਸ਼ ਕੀਤਾ ਗਿਆ ਅਤੇ ਜੇਲ੍ਹਾਂ ਵੀ ਕੱਟੀਆਂ ਗਈਆਂ, ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ। ਇਸੇ ਨਾਰਾਜ਼ਗੀ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਂਸੀ ਅਤੇ ਬਾਜ਼ੀਗਰ ਸਮਾਜ ਵੱਲੋਂ ਵੀ ਵੱਡੇ ਇਕੱਠ ਕਰਕੇ ‘ਆਪ’ ਦੇ ਬਾਈਕਾਟ ਦਾ ਰਸਮੀ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਵਿਮੁਕਤ ਜਾਤੀਆਂ ਵੱਲੋਂ ਮੌਜੂਦਾ ਸਰਕਾਰ ਦੇ ਕਿਸੇ ਵੀ ਆਗੂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਨਹੀਂ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here