ਪੰਜਾਬ ਪਟਿਆਲਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਵਿਵਾਦ/ ਅਕਾਲੀ ਆਗੂ ਬਿੱਟੂ ਚੱਠਾ ਖ਼ਿਲਾਫ਼ ਕੇਸ ਦਰਜ/ ਬਿੱਟੂ ਚੱਠਾ ਬੋਲੇ- ਜਿੰਨੇ ਮਰਜ਼ੀ ਪਰਚੇ ਕਰਵਾ ਲਵੋ, ਪਿੱਛੇ ਨਹੀਂ ਹਟਾਂਗੇ By admin - November 23, 2026 0 2 Facebook Twitter Pinterest WhatsApp ਪਟਿਆਲਾ ਵਿੱਚ 28 ਨਵੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਸੋਸ਼ਲ ਮੀਡੀਆ ਅਤੇ ਪ੍ਰੈੱਸ ਦੇ ਸਾਹਮਣੇ ਕਥਿਤ ਤੌਰ ’ਤੇ ਧਮਕੀ ਭਰੇ ਬਿਆਨ ਦੇਣ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਚੋਣ ਕਮਿਸ਼ਨ ਵੱਲੋਂ ਪੁਲਿਸ ਨੂੰ ਭੇਜੀ ਗਈ ਚਿੱਠੀ ਵਿੱਚ ਇੱਕ ਵਾਇਰਲ ਵੀਡੀਓ ਕਲਿੱਪ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਬਿੱਟੂ ਚੱਠਾ ਵੱਲੋਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਚੋਣ ਕਮਿਸ਼ਨ ਨੇ ਇਸ ਨੂੰ ਚੋਣ ਜ਼ਾਬਤੇ ਅਤੇ ਹਦਾਇਤਾਂ ਦੀ ਉਲੰਘਣਾ ਮੰਨਿਆ ਹੈ। ਥਾਣਾ ਸਿਵਲ ਲਾਈਨ ਦੇ ਇੰਚਾਰਜ ਅਵਤਾਰ ਸਿੰਘ ਨੇ ਮਾਮਲਾ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਈ ਚਿੱਠੀ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਉੱਧਰ, ਜਸਪਾਲ ਸਿੰਘ ਬਿੱਟੂ ਚੱਠਾ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਉਨ੍ਹਾਂ ਖ਼ਿਲਾਫ਼ 20 ਹੋਰ ਪਰਚੇ ਦਰਜ ਕਰਵਾ ਲਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸਾਰਾ ਚਾਅ ਪੂਰਾ ਕਰ ਲੈਣ, ਪਰ ਅਕਾਲੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਗਲਤ ਬਿਆਨ ਨਹੀਂ ਦਿੱਤਾ, ਸਗੋਂ ਸਿਰਫ਼ ਇਹ ਕਿਹਾ ਸੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਵਰਕਰ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਜਵਾਬ ਦਿੱਤਾ ਜਾਵੇਗਾ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਦੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ’ਤੇ ਨਜ਼ਰਾਂ ਟਿਕੀਆਂ ਹੋਈਆਂ ਹਨ।