ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਸਬੰਧੀ ਮੀਟਿੰਗ/ ਮਾਹਿਰ ਕਮੇਟੀ ਨੂੰ ਗੱਲਬਾਤ ਦਾ ਸੱਦਾ/ ਮਤਭੇਦ ਪਾਸੇ ਰੱਖਣ ਦੀ ਅਪੀਲ

0
2
ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਵਿੱਚ ਜ਼ਰੂਰੀ ਸੋਧਾਂ ਕਰਨ ਸਬੰਧੀ ਸਰਕਾਰ ਵੱਲੋਂ ਨਿਯੁਕਤ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਮਾਹਿਰ ਕਮੇਟੀ ਨੂੰ ਆਪਣੇ ਮਤਭੇਦ ਪਾਸੇ ਰੱਖ ਕੇ ਗੱਲਬਾਤ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਗੁਰਦੁਆਰਾ ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ ਜੀ ਦੇ ਪ੍ਰਤੀਨਿਧੀ ਭੁਪਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਦਾ ਮੁੱਖ ਮਕਸਦ ਮਾਹਿਰ ਕਮੇਟੀ ਨਾਲ ਵਿਚਾਰ-ਵਟਾਂਦਰਾ ਕਰਨਾ ਅਤੇ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਵੀਕਾਰਯੋਗ ਬਣਾਉਣ ਲਈ ਲੋੜੀਂਦੀਆਂ ਸੋਧਾਂ ’ਤੇ ਚਰਚਾ ਕਰਨਾ ਸੀ। ਉਨ੍ਹਾਂ ਉਮੀਦ ਜਤਾਈ ਕਿ ਦੁਪਹਿਰ 12 ਵਜੇ ਸ਼ੁਰੂ ਹੋਣ ਵਾਲੀ ਮੀਟਿੰਗ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।
ਉੱਧਰ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪ੍ਰਤੀਨਿਧੀ ਭਾਈ ਸਾਹਿਬ ਸਿੰਘ ਨੇ ਕਿਹਾ ਕਿ ਕਿਸੇ ਵੀ ਵੱਡੀ ਸਮੱਸਿਆ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਡੀ.ਸੀ. ਦਫ਼ਤਰ ਵਿੱਚ ਪਹਿਲਾਂ ਵੀ ਮੀਟਿੰਗ ਹੋ ਚੁੱਕੀ ਹੈ ਅਤੇ ਮਾਹਿਰ ਕਮੇਟੀ ਨੂੰ ਲਗਾਤਾਰ ਗੱਲਬਾਤ ਲਈ ਸੱਦਾ ਦਿੱਤਾ ਜਾ ਰਿਹਾ ਹੈ।
ਭਾਈ ਸਾਹਿਬ ਸਿੰਘ ਨੇ ਮਾਹਿਰ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਦਿਆਂ ਇਕੱਠੇ ਬੈਠਣ ਅਤੇ ਵਿਵਾਦਾਂ ਵਿੱਚ ਉਲਝਣ ਦੀ ਬਜਾਏ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਕੇ ਢੁੱਕਵਾਂ ਹੱਲ ਕੱਢਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮ ਸਰਕਾਰ ਨੂੰ ਸੰਬੋਧਿਤ ਸਨ, ਨਾ ਕਿ ਤਾਲਮੇਲ ਕਮੇਟੀ ਨੂੰ। ਇਸ ਲਈ ਉਨ੍ਹਾਂ ਹੁਕਮਾਂ ਦਾ ਹਵਾਲਾ ਦੇ ਕੇ ਮੀਟਿੰਗ ਤੋਂ ਦੂਰੀ ਬਣਾਉਣਾ ਉਚਿਤ ਨਹੀਂ ਹੈ।
ਮਾਹਿਰ ਕਮੇਟੀ ਦੇ ਇਸ ਰੁਖ਼ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦਾ, ਉਹ ਮੀਟਿੰਗ ਨਹੀਂ ਕਰੇਗੀ, ਬਾਰੇ ਭਾਈ ਸਾਹਿਬ ਸਿੰਘ ਨੇ ਕਿਹਾ ਕਿ ਇਹ ਕਮੇਟੀ ਦੀ ਆਪਣੀ ਰਾਏ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਮੇਟੀ ਦੇ ਗਠਨ ਸਬੰਧੀ ਜਾਰੀ ਪੱਤਰ ਵਿੱਚ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਕੋਈ ਵਿਵਸਥਾ ਨਹੀਂ ਸੀ, ਸਗੋਂ ਕਮੇਟੀ ਦਾ ਉਦੇਸ਼ ਕਾਨੂੰਨ ਵਿੱਚ ਸੋਧਾਂ ਕਰਨਾ ਸੀ। ਅੰਤ ਵਿੱਚ ਉਨ੍ਹਾਂ ਮਾਹਿਰ ਕਮੇਟੀ ਨੂੰ ਮੁੜ ਅਪੀਲ ਕੀਤੀ ਕਿ ਉਹ ਗੱਲਬਾਤ ਵਿੱਚ ਸ਼ਾਮਲ ਹੋ ਕੇ ਇਸ ਮਾਮਲੇ ਦਾ ਸਥਾਈ ਹੱਲ ਕੱਢਣ।

LEAVE A REPLY

Please enter your comment!
Please enter your name here