ਪਾਕਿਸਤਾਨ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ/ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ/ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਰਦਾਸ 

0
4

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਪਹੁੰਚ ਗਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪਹੁੰਚੇ ਜਥੇ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ, ਔਕਾਫ਼ ਬੋਰਡ ਦੇ ਚੇਅਰਮੈਨ ਕਮਰ ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ। ਉਹ ਚੜ੍ਹਦੇ ਪੰਜਾਬ ਤੋਂ ਮੁਹੱਬਤ ਅਤੇ ਸ਼ਾਂਤੀ ਦਾ ਪੈਗ਼ਾਮ ਲੈ ਕੇ ਪਾਕਿਸਤਾਨ ਪਹੁੰਚੇ ਹਨ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

LEAVE A REPLY

Please enter your comment!
Please enter your name here