ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸੰਗਤ ਦਾ ਸੈਲਾਬ/ ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂ/ ਦੀਪਮਾਲਾ ਤੇ ਆਤਿਸ਼ਬਾਜ਼ੀ ਨਾਲ ਰੁਸ਼ਨਾਏਗੀ ਗੁਰੂ ਨਗਰੀ

0
2

ਅੰਮ੍ਰਿਤਸਰ: ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਪੂਰਾ ਦਰਬਾਰ ਸਾਹਿਬ ਕੰਪਲੈਕਸ ਸਤਿਨਾਮ ਵਾਹਿਗੁਰੂ ਦੇ ਜਾਪ ਅਤੇ ਗੁਰਬਾਣੀ ਕੀਰਤਨ ਨਾਲ ਗੂੰਜ ਰਿਹਾ ਹੈ।
ਸਵੇਰ ਤੋਂ ਹੀ ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਦੌਰਾਨ ਦਰਬਾਰ ਸਾਹਿਬ ਵਿਖੇ ਹੋ ਰਹੇ ਇਲਾਹੀ ਗੁਰਬਾਣੀ ਕੀਰਤਨ ਦਾ ਆਨੰਦ ਮਾਣਦਿਆਂ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਦਰਸ਼ਨਾਂ ਲਈ ਪਹੁੰਚੇ ਭਾਈ ਗੁਰਜੀਤ ਸਿੰਘ ਅਤੇ ਭਾਈ ਸੁਖਮੀਤ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਸਮਾਜ ਅਤੇ ਮਨੁੱਖਤਾ ਦੀ ਭਲਾਈ ਕੀਤੀ ਜਾ ਸਕਦੀ ਹੈ।
ਉੱਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਰਿਵਾਰਾਂ ਸਮੇਤ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਭਾਰਤ ਤੋਂ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਦੇ ਜਥੇ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੀ ਪਹੁੰਚ ਰਹੇ ਹਨ।
ਪ੍ਰਕਾਸ਼ ਪੁਰਬ ਦੇ ਸਮਾਗਮਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਵਿਸ਼ੇਸ਼ ਜਲੌਅ ਸਜਾਏ ਜਾਣਗੇ। ਇਸ ਤੋਂ ਇਲਾਵਾ ਪੂਰੇ ਦਰਬਾਰ ਸਾਹਿਬ ਕੰਪਲੈਕਸ ਨੂੰ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਰੰਗ-ਬਿਰੰਗੇ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।
ਅੱਜ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦਰਬਾਰ ਸਾਹਿਬ ਕੰਪਲੈਕਸ ਵਿਖੇ ਘਿਓ ਦੇ ਦੀਵਿਆਂ ਅਤੇ ਮੋਮਬੱਤੀਆਂ ਨਾਲ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੀ ਗੁਰੂ ਨਗਰੀ ਵਿੱਚ ਅਲੌਕਿਕ ਅਤੇ ਧਾਰਮਿਕ ਮਾਹੌਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here